ਹੁਸ਼ਿਆਰਪੁਰ : ਸਫਾਈ ਕਰਮਚਾਰੀਆਂ ਲਈ ਵੱਡੀ ਖ਼ਬਰ ਆਈ ਹੈ। ਜਾਣਕਾਰੀ ਦਿੰਦਿਆਂ ਨਗਰ ਨਿਗਮ ਕਮਿਸ਼ਨਰ ਡਾ: ਅਮਨਦੀਪ ਕੌਰ ਨੇ ਦੱਸਿਆ ਕਿ ਸਰਕਾਰ ਵੱਲੋਂ ਸਫ਼ਾਈ ਸੇਵਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਫ਼ਾਈ ਮਿੱਤਰ ਸੇਫ਼ਟੀ ਚੈਲੇਂਜ 2025 ਦੀ ਸ਼ੁਰੂਆਤ ਕੀਤੀ ਗਈ ਹੈ ।
ਇਸ ਮੁਹਿੰਮ ਤਹਿਤ ਸੀਵਰਮੈਨਾਂ ਵੱਲੋਂ ਸੀਵਰਾਂ ਦੀ ਹੱਥੀਂ ਸਫ਼ਾਈ ਕਰਨ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਕਿਸੇ ਵੀ ਵਿਅਕਤੀ ਨੂੰ ਸੀਵਰੇਜ ਦੇ ਮੈਨਹੋਲ ਵਿੱਚ ਬਿਨਾਂ ਸੁਰੱਖਿਆ ਉਪਕਰਨਾਂ ਦੇ ਦਾਖਲ ਹੋਣ ਦੀ ਇਜਾਜ਼ਤ ਨਹੀਂ ਹੈ ਅਤੇ ਸੀਵਰੇਜ ਦੀ ਸਫ਼ਾਈ ਮਸ਼ੀਨਾਂ ਰਾਹੀਂ ਹੀ ਕੀਤੀ ਜਾਵੇਗੀ। ਨਗਰ ਨਿਗਮ ਕਮਿਸ਼ਨਰ ਨੇ ਕਿਹਾ ਕਿ ਜੇਕਰ ਕਿਸੇ ਵਿਅਕਤੀ ਵੱਲੋਂ ਇਨ੍ਹਾਂ ਨਿਯਮਾਂ ਦੀ ਉਲੰਘਣਾ ਕੀਤੀ ਗਈ ਤਾਂ ਸਬੰਧਤ ਵਿਅਕਤੀ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਆਮ ਲੋਕ ਵੀ ਇਸ ਮੁਹਿੰਮ ਵਿੱਚ ਆਪਣਾ ਯੋਗਦਾਨ ਪਾ ਸਕਦੇ ਹਨ। ਜੇਕਰ ਉਨ੍ਹਾਂ ਦੇ ਆਸ-ਪਾਸ ਕੋਈ ਵਿਅਕਤੀ ਬਿਨਾਂ ਸੁਰੱਖਿਆ ਉਪਕਰਨਾਂ ਤੋਂ ਸੀਵਰੇਜ ਦੀ ਸਫ਼ਾਈ ਕਰਦਾ ਦਿਖਾਈ ਦਿੰਦਾ ਹੈ ਜਾਂ ਸੀਵਰੇਜ ਸਬੰਧੀ ਕੋਈ ਹੋਰ ਸਮੱਸਿਆ ਆਉਂਦੀ ਹੈ ਤਾਂ ਉਸ ਦੀ ਸੂਚਨਾ ਨਗਰ ਨਿਗਮ ਦਫ਼ਤਰ ਦੇ ਹੈਲਪਲਾਈਨ ਨੰਬਰ ਜਾਂ ਫ਼ੋਨ ਨੰਬਰ ‘ਤੇ ਦਿੱਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਸੀਵਰੇਜ ਦੀ ਸਫ਼ਾਈ ਸਬੰਧੀ ਨਿਯਮਾਂ ਅਤੇ ਸਾਵਧਾਨੀਆਂ ਬਾਰੇ ਜਾਗਰੂਕ ਕਰਨ ਲਈ ਸ਼ਹਿਰ ਵਿੱਚ ਪੋਸਟਰ ਅਤੇ ਫਲੈਕਸ ਲਗਾਏ ਗਏ ਹਨ। ਇਸ ਦੌਰਾਨ ਸੰਯੁਕਤ ਕਮਿਸ਼ਨਰ ਨਗਰ ਨਿਗਮ ਸੰਦੀਪ ਤਿਵਾੜੀ ਵੀ ਮੌਜੂਦ ਸਨ।