ਅਮਰੀਕਾ : 20 ਜਨਵਰੀ ਨੂੰ ਡੋਨਾਲਡ ਟਰੰਪ ਦੂਜੀ ਵਾਰ ਅਮਰੀਕਾ ਦੇ ਰਾਸ਼ਟਰਪਤੀ ਵਜੋਂ ਸਹੁੰ ਚੁੱਕਣਗੇ। ਇਸ ਮਹੱਤਵਪੂਰਨ ਮੌਕੇ ‘ਤੇ ਭਾਰਤ ਵੱਲੋਂ ਵਿਦੇਸ਼ ਮੰਤਰੀ ਐਸ ਜੈਸ਼ੰਕਰ ਹਿੱਸਾ ਲੈਣਗੇ। ਵਿਦੇਸ਼ ਮੰਤਰਾਲੇ ਨੇ ਪੁਸ਼ਟੀ ਕੀਤੀ ਹੈ ਕਿ ਜੈਸ਼ੰਕਰ ਟਰੰਪ ਦੇ ਸਹੁੰ ਚੁੱਕ ਸਮਾਗਮ ਵਿੱਚ ਭਾਰਤ ਦੀ ਨੁਮਾਇੰਦਗੀ ਕਰਨਗੇ। ਵਿਦੇਸ਼ ਮੰਤਰੀ ਜੈਸ਼ੰਕਰ ਟਰੰਪ-ਵੈਂਸ ਉਦਘਾਟਨ ਕਮੇਟੀ ਵੱਲੋਂ ਭੇਜੇ ਗਏ ਸੱਦੇ ‘ਤੇ ਸਮਾਗਮ ‘ਚ ਸ਼ਾਮਲ ਹੋਣਗੇ।
ਇਹ ਦਿਨ ਖਾਸ ਹੈ ਕਿਉਂਕਿ 20 ਜਨਵਰੀ ਨੂੰ ਟਰੰਪ ਦਾ ਸਹੁੰ ਚੁੱਕ ਸਮਾਗਮ ਮਾਰਟਿਨ ਲੂਥਰ ਕਿੰਗ ਜੂਨੀਅਰ ਦਿਵਸ, ਰਾਸ਼ਟਰੀ ਛੁੱਟੀ ਦੇ ਨਾਲ ਮੇਲ ਖਾਂਦਾ ਹੈ। ਸਹੁੰ ਚੁੱਕਣ ਤੋਂ ਇਲਾਵਾ ਇਸ ਦਿਨ ਕਈ ਰਸਮੀ ਪ੍ਰੋਗਰਾਮ ਅਤੇ ਪਰੇਡਾਂ ਦਾ ਆਯੋਜਨ ਵੀ ਕੀਤਾ ਜਾਵੇਗਾ। ਵਿਦੇਸ਼ ਮੰਤਰੀ ਐਸ ਜੈਸ਼ੰਕਰ ਆਪਣੇ ਦੌਰੇ ਦੌਰਾਨ ਨਵੇਂ ਅਮਰੀਕੀ ਪ੍ਰਸ਼ਾਸਨ ਦੇ ਅਧਿਕਾਰੀਆਂ ਅਤੇ ਹੋਰ ਪ੍ਰਮੁੱਖ ਹਸਤੀਆਂ ਨਾਲ ਮੁਲਾਕਾਤ ਕਰਨਗੇ। ਇਹ ਦੌਰਾ ਭਾਰਤ-ਅਮਰੀਕਾ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਮਹੱਤਵਪੂਰਨ ਸਾਬਤ ਹੋ ਸਕਦਾ ਹੈ।
ਡੋਨਾਲਡ ਟਰੰਪ ਅਮਰੀਕਾ ਦੇ 47ਵੇਂ ਰਾਸ਼ਟਰਪਤੀ ਵਜੋਂ ਸਹੁੰ ਚੁੱਕਣਗੇ। ਇਸ ਵਾਰ ਉਨ੍ਹਾਂ ਦੇ ਪ੍ਰਸ਼ਾਸਨ ਵਿੱਚ ਭਾਰਤੀ ਮੂਲ ਦੇ ਕਈ ਲੋਕ ਵੀ ਸ਼ਾਮਲ ਹਨ। 20 ਜਨਵਰੀ ਨੂੰ ਦੁਪਹਿਰ 12 ਵਜੇ ਸਹੁੰ ਚੁੱਕ ਸਮਾਗਮ ਹੋਵੇਗਾ ਜਿਸ ਵਿੱਚ ਸਹੁੰ ਚੁੱਕ ਸਮਾਗਮ ਤੋਂ ਬਾਅਦ ਪਰੇਡ ਅਤੇ ਰਸਮੀ ਪ੍ਰੋਗਰਾਮ ਹੋਣਗੇ।
ਇਸ ਵਾਰ ਟਰੰਪ ਦਾ ਸਹੁੰ ਚੁੱਕ ਸਮਾਗਮ ਇਤਿਹਾਸਕ ਮਹੱਤਵ ਰੱਖਦਾ ਹੈ ਕਿਉਂਕਿ ਇਹ ਮਾਰਟਿਨ ਲੂਥਰ ਕਿੰਗ ਜੂਨੀਅਰ ਦਿਵਸ ਨਾਲ ਮੇਲ ਖਾਂਦਾ ਹੈ, ਜੋ 1997 ਤੋਂ ਬਾਅਦ ਪਹਿਲੀ ਵਾਰ ਹੋ ਰਿਹਾ ਹੈ। ਇਸ ਤੋਂ ਇਲਾਵਾ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ, ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਅਤੇ ਅਰਜਨਟੀਨਾ ਦੇ ਰਾਸ਼ਟਰਪਤੀ ਜੇ.ਵੀ.ਅਰ ਮਿੱਲੀ ਵਰਗੇ ਕਈ ਵੱਡੇ ਨੇਤਾ ਇਸ ਪ੍ਰੋਗਰਾਮ ‘ਚ ਹਿੱਸਾ ਲੈ ਸਕਦੇ ਹਨ।