ਸ੍ਰੀ ਮੁਕਤਸਰ ਸਾਹਿਬ : ਪੰਜਾਬ ਦੇ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਲੁਬਾਣਿਆਵਾਲੀ ਵਿੱਚ ਬੀਤੀ ਰਾਤ ਪੁਲਿਸ ਅਤੇ ਬਦਮਾਸ਼ਾਂ ਵਿਚਕਾਰ ਹੋਏ ਮੁਕਾਬਲੇ ਵਿੱਚ ਪੁਲਿਸ ਨੇ ਤਿੰਨ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਕਾਬਲੇ ਵਿੱਚ ਇੱਕ ਬਦਮਾਸ਼ ਨੂੰ ਗੋਲੀ ਲੱਗੀ ਹੈ। ਗ੍ਰਿਫ਼ਤਾਰ ਕੀਤੇ ਗਏ ਦੋਸ਼ੀਆਂ ਦੇ ਕਥਿਤ ਤੌਰ ‘ਤੇ ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜੇ ਹੋਣ ਦਾ ਦਾਅਵਾ ਕੀਤਾ ਜਾ ਰਿਹਾ ਹੈ।
ਜਾਣਕਾਰੀ ਮੁਤਾਬਕ ਮੁਕਾਬਲੇ ‘ਚ ਜ਼ਖਮੀ ਹੋਏ ਵਿਅਕਤੀ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਇਕ ਠੇਕੇਦਾਰ ਤੋਂ 1 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਸੀ। ਇਸ ’ਤੇ ਕਾਰਵਾਈ ਕਰਦਿਆਂ ਪੁਲਿਸ ਨੇ ਫਿਰੌਤੀ ਦੀ ਰਕਮ ਦੇਣ ਦੇ ਬਹਾਨੇ ਉਕਤ ਬਦਮਾਸ਼ਾਂ ਨੂੰ ਲੁਬਾਣਿਆਵਾਲੀ ਬੁਲਾਇਆ ਸੀ। ਇਸ ਦੌਰਾਨ ਬਦਮਾਸ਼ਾਂ ਨੇ ਪੁਲਿਸ ਟੀਮ ‘ਤੇ ਗੋਲੀਆਂ ਚਲਾ ਦਿੱਤੀਆਂ।
ਪੁਲਿਸ ਦੀ ਜਵਾਬੀ ਕਾਰਵਾਈ ਵਿੱਚ ਇੱਕ ਬਦਮਾਸ਼ ਨੂੰ ਗੋਲੀ ਮਾਰ ਦਿੱਤੀ ਗਈ। ਇਸ ਮੁਕਾਬਲੇ ਵਿੱਚ ਪੁਲਿਸ ਨੇ ਤਿੰਨ ਬਦਮਾਸ਼ਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜ਼ਖਮੀ ਬਦਮਾਸ਼ ਦੀ ਪਛਾਣ ਸੁਖਮੰਦਰ ਸਿੰਘ ਵਜੋਂ ਹੋਈ ਹੈ। ਬਾਕੀ ਦੋ ਦੀ ਪਛਾਣ ਲਖਵੀਰ ਸਿੰਘ ਅਤੇ ਸਰਵਣ ਸਿੰਘ ਵਜੋਂ ਹੋਈ ਹੈ।