Home ਪੰਜਾਬ ਪੰਜਾਬ ‘ਚ ਮੁੜ ਰਜਿਸਟ੍ਰੀ ਦਾ ਰੁਕ ਸਕਦਾ ਹੈ ਕੰਮ, 14 ਜਨਵਰੀ ਤੋਂ...

ਪੰਜਾਬ ‘ਚ ਮੁੜ ਰਜਿਸਟ੍ਰੀ ਦਾ ਰੁਕ ਸਕਦਾ ਹੈ ਕੰਮ, 14 ਜਨਵਰੀ ਤੋਂ ਅਣਮਿੱਥੇ ਸਮੇਂ ਲਈ ਹੜਤਾਲ ਦੀ ਚਿਤਾਵਨੀ

0

ਪੰਜਾਬ : ਰੈਵੇਨਿਊ ਆਫੀਸਰਜ਼ ਐਸੋਸੀਏਸ਼ਨ ਨੇ ਸਰਕਾਰੀ ਨੀਤੀਆਂ ਅਤੇ ਆਪਣੇ ਪ੍ਰਧਾਨ ਸੁਖਚਰਨ ਸਿੰਘ ਚੰਨੀ ਦੀ ਕਥਿਤ ਨਾਜਾਇਜ਼ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ 14 ਜਨਵਰੀ ਤੋਂ ਅਣਮਿੱਥੇ ਸਮੇਂ ਲਈ ਹੜਤਾਲ ਕਰਨ ਦੀ ਚਿਤਾਵਨੀ ਦਿੱਤੀ ਹੈ। ਯੂਨੀਅਨ ਦਾ ਕਹਿਣਾ ਹੈ ਕਿ ਸਰਕਾਰ ਉਨ੍ਹਾਂ ਦੀਆਂ ਮੰਗਾਂ ਪ੍ਰਤੀ ਗੰਭੀਰ ਨਹੀਂ ਹੈ ਅਤੇ ਵਾਰ-ਵਾਰ ਗੱਲਬਾਤ ਕਰਨ ਦੇ ਬਾਵਜੂਦ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਕੋਈ ਹੱਲ ਨਹੀਂ ਨਿਕਲਿਆ।

ਯੂਨੀਅਨ ਦੇ ਪ੍ਰਧਾਨ ਸੁਖਚਰਨ ਸਿੰਘ ਚੰਨੀ ਨੇ ਕਿਹਾ ਕਿ ਸਰਕਾਰ ਨਾਲ ਕਈ ਦੌਰ ਦੀ ਗੱਲਬਾਤ ਹੋਈ ਪਰ ਉਨ੍ਹਾਂ ਦੇ ਮਸਲੇ ਹੱਲ ਕਰਨ ਵਿੱਚ ਲਾਪਰਵਾਹੀ ਵਰਤੀ ਗਈ। ਰੈਵੇਨਿਊ ਆਫੀਸਰਜ਼ ਐਸੋਸੀਏਸ਼ਨ ਨੇ ਇਹ ਵੀ ਦੋਸ਼ ਲਾਇਆ ਕਿ ਉਨ੍ਹਾਂ ਦੀ ਨਾਜਾਇਜ਼ ਗ੍ਰਿਫ਼ਤਾਰੀ ਯੂਨੀਅਨ ਮੈਂਬਰਾਂ ਨੂੰ ਦਬਾਉਣ ਦੀ ਸਾਜ਼ਿਸ਼ ਹੈ। ਚੰਨੀ ਨੇ ਕਿਹਾ ਕਿ ਅਸੀਂ ਸਰਕਾਰ ਨੂੰ ਸਮਾਂ ਦਿੱਤਾ ਹੈ ਤਾਂ ਜੋ ਮੰਗਾਂ ਮੰਨੀਆਂ ਜਾ ਸਕਣ।

ਯੂਨੀਅਨ ਮੈਂਬਰਾਂ ਨੇ ਕਿਹਾ ਕਿ ਇਸ ਹੜਤਾਲ ਕਾਰਨ ਪੰਜਾਬ ਵਿੱਚ ਰਜਿਸਟਰੀਆਂ ਅਤੇ ਜ਼ਮੀਨੀ ਰਿਕਾਰਡ ਨਾਲ ਸਬੰਧਤ ਕੰਮ ਮੁਕੰਮਲ ਤੌਰ ’ਤੇ ਠੱਪ ਹੋ ਸਕਦਾ ਹੈ। ਦੱਸ ਦੇਈਏ ਕਿ ਪਿਛਲੇ ਸਾਲ 27 ਨਵੰਬਰ ਨੂੰ ਬਰਨਾਲਾ ਵਿਜੀਲੈਂਸ ਨੇ ਐਸੋਸੀਏਸ਼ਨ ਦੇ ਮੁਖੀ ਚੰਨੀ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰਨ ਦਾ ਦਾਅਵਾ ਕੀਤਾ ਸੀ। ਸੂਬੇ ਭਰ ਦੇ ਮਾਲ ਅਧਿਕਾਰੀਆਂ ਨੇ 28 ਅਤੇ 29 ਨਵੰਬਰ ਨੂੰ ਸਮੂਹਿਕ ਛੁੱਟੀ ਲੈ ਕੇ ਰੋਸ ਪ੍ਰਦਰਸ਼ਨ ਵੀ ਕੀਤਾ ਸੀ। ਪਰ ਇਸ ਵਾਰ ਮਾਲ ਅਧਿਕਾਰੀਆਂ ਨੇ ਮਨ ਬਣਾ ਲਿਆ ਹੈ ਕਿ ਜੇਕਰ ਦੋ ਦਿਨਾਂ ਅੰਦਰ ਚੇਅਰਮੈਨ ਸੁਖਚਰਨ ਚੰਨੀ ਖ਼ਿਲਾਫ਼ ਦਰਜ ਕੇਸ ਵਾਪਸ ਨਾ ਲਿਆ ਗਿਆ ਤਾਂ ਪੂਰੇ ਪੰਜਾਬ ਵਿੱਚ ਅਣਮਿੱਥੇ ਸਮੇਂ ਲਈ ਰਜਿਸਟਰੀ ਬੰਦ ਕਰ ਦਿੱਤੀ ਜਾਵੇਗੀ।

Exit mobile version