ਨਵੀਂ ਦਿੱਲੀ : ਕੇਂਦਰੀ ਕਰਮਚਾਰੀਆਂ ਲਈ ਖੁਸ਼ੀ ਦੀ ਖਬਰ ਸਾਹਮਣੇ ਆ ਰਹੀ ਹੈ। ਕੇਂਦਰ ਸਰਕਾਰ ਨੇ ਵੀਰਵਾਰ ਨੂੰ ਕੇਂਦਰੀ ਕਰਮਚਾਰੀਆਂ ਲਈ ਅੱਠਵੇਂ ਤਨਖਾਹ ਕਮਿਸ਼ਨ ਦੇ ਗਠਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਸਾਲ 2026 ਤੋਂ ਲਾਗੂ ਕੀਤਾ ਜਾਵੇਗਾ।
ਇਹ ਜਾਣਕਾਰੀ ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਨੇ ਕੈਬਨਿਟ ਮੀਟਿੰਗ ਤੋਂ ਬਾਅਦ ਦਿੱਤੀ। ਉਨ੍ਹਾਂ ਕਿਹਾ- ਸੱਤਵਾਂ ਤਨਖਾਹ ਕਮਿਸ਼ਨ 2016 ਵਿੱਚ ਲਾਗੂ ਹੋਇਆ ਸੀ, ਇਸ ਦੀਆਂ ਸਿਫ਼ਾਰਸ਼ਾਂ 2026 ਤੱਕ ਜਾਰੀ ਰਹਿਣਗੀਆਂ। ਇਸ ਦੇ ਲਈ ਕੇਂਦਰੀ ਮੁਲਾਜ਼ਮਾਂ ਦੀਆਂ ਜਥੇਬੰਦੀਆਂ ਨੇ ਕੈਬਨਿਟ ਸਕੱਤਰ ਨੂੰ ਮਿਲ ਕੇ 8ਵੇਂ ਤਨਖਾਹ ਕਮਿਸ਼ਨ ਦੇ ਗਠਨ ਦੀ ਮੰਗ ਕੀਤੀ ਸੀ ਅਤੇ ਇਹ ਜਥੇਬੰਦੀਆਂ 8ਵੇਂ ਤਨਖਾਹ ਕਮਿਸ਼ਨ ਦੇ ਗਠਨ ਲਈ ਸਰਕਾਰ ‘ਤੇ ਲਗਾਤਾਰ ਦਬਾਅ ਬਣਾ ਰਹੀਆਂ ਸਨ।
ਪਿਛਲੇ ਇੱਕ ਸਾਲ ਵਿੱਚ ਕਈ ਵਾਰ ਮੁਲਾਜ਼ਮ ਜਥੇਬੰਦੀਆਂ ਨੇ ਕੇਂਦਰ ਸਰਕਾਰ ਤੋਂ ਸਥਿਤੀ ਸਪੱਸ਼ਟ ਕਰਨ ਦੀ ਮੰਗ ਕੀਤੀ ਹੈ। ਪਿਛਲੇ ਬਜਟ ਤੋਂ ਬਾਅਦ ਜਦੋਂ ਵਿੱਤ ਸਕੱਤਰ ਟੀਵੀ ਸੋਮਾਨਾਥਨ ਨੂੰ ਇਸ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਸਾਡੇ ਕੋਲ ਇਸ ਕੰਮ ਲਈ ਅਜੇ ਕਾਫੀ ਸਮਾਂ ਹੈ।