ਚੰਡੀਗੜ੍ਹ : ਕਿਸਾਨ ਜਥੇਬੰਦੀਆਂ ਇਕ ਵਾਰ ਫੇਰ ਇਕੱਠੀਆਂ ਹੁੰਦੀਆਂ ਨਜ਼ਰ ਆ ਰਹੀਆਂ ਹਨ। ਹਰਿਆਣਾ-ਪੰਜਾਬ ਦੇ ਸ਼ੰਭੂ ਸਰਹੱਦ ‘ਤੇ ਅੰਦੋਲਨ ਕਰ ਰਹੇ ਕਿਸਾਨਾਂ ਨੇ 21 ਜਨਵਰੀ ਨੂੰ ਦਿੱਲੀ ਵੱਲ ਮਾਰਚ ਕਰਨ ਦਾ ਐਲਾਨ ਕੀਤਾ ਹੈ। ਕਿਸਾਨ ਆਗੂ ਸਰਵਣ ਪੰਧੇਰ ਨੇ ਦੱਸਿਆ ਕਿ ਇਸ ਵਿੱਚ 101 ਕਿਸਾਨ ਭਾਗ ਲੈਣਗੇ।
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਅਜੇ ਗੱਲਬਾਤ ਲਈ ਤਿਆਰ ਨਹੀਂ ਹੈ, ਇਸ ਲਈ ਅਸੀਂ ਅੰਦੋਲਨ ਹੋਰ ਤੇਜ਼ ਕਰਾਂਗੇ। ਕਿਸਾਨ ਦਸੰਬਰ ਮਹੀਨੇ ਵਿੱਚ ਤਿੰਨ ਵਾਰ ਦਿੱਲੀ ਵੱਲ ਮਾਰਚ ਕਰਨ ਦੀ ਕੋਸ਼ਿਸ਼ ਕਰ ਚੁੱਕੇ ਹਨ। ਕਿਸਾਨ 6 ਦਸੰਬਰ, 8 ਦਸੰਬਰ ਅਤੇ 14 ਦਸੰਬਰ 2024 ਨੂੰ ਦਿੱਲੀ ਲਈ ਰਵਾਨਾ ਹੋਏ ਸਨ, ਪਰ ਤਿੰਨੋਂ ਵਾਰ ਹਰਿਆਣਾ ਪੁਲਿਸ ਨੇ ਉਨ੍ਹਾਂ ਨੂੰ ਬੈਰੀਕੇਡ ਲਗਾ ਰੋਕ ਲਿਆ ਸੀ। ਤੁਹਾਨੂੰ ਦੱਸ ਦੇਈਏ ਕਿ ਐਮਐਸਪੀ ਗਾਰੰਟੀ ਐਕਟ ਨੂੰ ਲੈ ਕੇ ਕਿਸਾਨ 11 ਮਹੀਨਿਆਂ ਤੋਂ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਅੰਦੋਲਨ ਕਰ ਰਹੇ ਹਨ।
ਕਿਸਾਨ ਆਗੂ ਜਗਜੀਤ ਡੱਲੇਵਾਲ 52 ਦਿਨਾਂ ਤੋਂ ਖਨੌਰੀ ਸਰਹੱਦ ‘ਤੇ ਮਰਨ ਵਰਤ ‘ਤੇ ਬੈਠੇ ਹਨ। ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਉਨ੍ਹਾਂ ਦੇ ਸਮਰਥਨ ‘ਚ 111 ਕਿਸਾਨ ਲਗਾਤਾਰ ਦੂਜੇ ਦਿਨ ਭੁੱਖ ਹੜਤਾਲ ‘ਤੇ ਹਨ।