ਪੰਜਾਬ : ਕਿਸਾਨਾਂ ਦੀਆਂ ਵੱਖ-ਵੱਖ ਮੰਗਾਂ ਦੇ ਸਮਰਥਨ ਵਿੱਚ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਾਮਲੇ ਨੇ ਇੱਕ ਨਵਾਂ ਮੋੜ ਲੈ ਲਿਆ ਹੈ। ਇਸ ਮੁੱਦੇ ‘ਤੇ ਪੰਜਾਬ ਅਤੇ ਕੇਂਦਰ ਸਰਕਾਰ ਦੇ ਰਵੱਈਏ ਤੋਂ ਨਾਰਾਜ਼ 10 ਹੋਰ ਕਿਸਾਨ ਖਨੌਰੀ ਅੰਦੋਲਨ ਵਾਲੀ ਥਾਂ ‘ਤੇ ਭੁੱਖ ਹੜਤਾਲ ‘ਤੇ ਬੈਠ ਗਏ ਹਨ। ਡੱਲੇਵਾਲ ਤੋਂ ਇਲਾਵਾ, ਪੰਜਾਬ ਦੇ 111 ਕਿਸਾਨ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ‘ਤੇ ਹਨ।
ਪੰਜਾਬ ਅਤੇ ਹਰਿਆਣਾ ਵਿਚਕਾਰ ਖਨੌਰੀ ਸਰਹੱਦ ‘ਤੇ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਕਿਸਾਨ ਆਗੂ ਅਭਿਮਨਿਊ ਕੋਹਾੜ ਨੇ ਕਿਹਾ ਕਿ ਹਰਿਆਣਾ ਦੇ ਹਿਸਾਰ, ਸੋਨੀਪਤ, ਪਾਣੀਪਤ ਅਤੇ ਜੀਂਦ ਜ਼ਿਲ੍ਹਿਆਂ ਦੇ 10 ਕਿਸਾਨਾਂ ਨੇ ਬੀਤੇ ਦਿਨ ਮਰਨ ਵਰਤ ਸ਼ੁਰੂ ਕਰ ਦਿੱਤਾ ਹੈ। ਕਿਸਾਨ ਆਗੂ ਅਭਿਮਨਿਊ ਕੋਹਾੜ ਨੇ ਕਿਹਾ, ‘ਅੱਜ ਦੇਸ਼ ਦੇ ਕਿਸਾਨ ਜਗਜੀਤ ਸਿੰਘ ਡੱਲੇਵਾਲ ਦੇ ਦਿਖਾਏ ਰਸਤੇ ‘ਤੇ ਚੱਲ ਕੇ ਆਪਣਾ ਆਪਾ ਕੁਰਬਾਨ ਕਰਨ ਲਈ ਤਿਆਰ ਹਨ।’ ਦੇਸ਼ ਦੇ ਕਿਸਾਨਾਂ ਦਾ ਮੰਨਣਾ ਹੈ ਕਿ ਡੱਲੇਵਾਲ ਆਪਣੀ ਜ਼ਮੀਨ, ਖੇਤੀਬਾੜੀ ਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਬਚਾਉਣ ਲਈ 53 ਦਿਨਾਂ ਤੋਂ ਭੁੱਖ ਹੜਤਾਲ ‘ਤੇ ਹਨ। ਅਸੀਂ ਸਾਰੇ ਉਨ੍ਹਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਾਂ।