ਮਹਾਰਾਸ਼ਟਰ : ਮਹਾਰਾਸ਼ਟਰ ਦੇ ਜਲਗਾਓਂ ਜ਼ਿਲ੍ਹੇ (Jalgaon District) ‘ਚ ਬੀਤੀ ਸ਼ਾਮ ਨੂੰ ਇਕ ਦਰਦਨਾਕ ਰੇਲ ਹਾਦਸਾ ਵਾਪਰ ਗਿਆ । ਇਹ ਹਾਦਸਾ ਉਦੋਂ ਵਾਪਰਿਆ ਜਦੋਂ ਮੁੰਬਈ ਜਾਣ ਵਾਲੀ ਪੁਸ਼ਪਾਕ ਐਕਸਪ੍ਰੈਸ (Pushpak Express) ਦੇ ਘੱਟ ਤੋਂ ਘੱਟ 13 ਯਾਤਰੀ ਚੇਨ ਖਿੱਚਣ ਦੀ ਘਟਨਾ ਤੋਂ ਬਾਅਦ ਟਰੇਨ ਤੋਂ ਉੱਤਰ ਗਏ। ਇਸ ਤੋਂ ਬਾਅਦ ਉਲਟ ਦਿਸ਼ਾ ਤੋਂ ਆ ਰਹੀ ਕਰਨਾਟਕ ਐਕਸਪ੍ਰੈਸ ਨੇ ਇਨ੍ਹਾਂ ਯਾਤਰੀਆਂ ਨੂੰ ਕੁਚਲ ਦਿੱਤਾ। ਇਸ ਭਿਆਨਕ ਹਾਦਸੇ ‘ਚ ਹੁਣ ਤੱਕ 13 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਹਾਦਸੇ ਤੋਂ ਬਾਅਦ ਹਰ ਕੋਈ ਹੈਰਾਨ ਰਹਿ ਗਿਆ। ਇਸ ਦਰਦਨਾਕ ਘਟਨਾ ਤੋਂ ਬਾਅਦ ਪੀ.ਐਮ ਮੋਦੀ ਨੇ ਵੀ ਇਸ ਹਾਦਸੇ ‘ਤੇ ਦੁੱਖ ਪ੍ਰਗਟ ਕੀਤਾ ਹੈ।
ਸਰਕਾਰ ਨੇ ਮੁਆਵਜ਼ੇ ਦਾ ਕੀਤਾ ਹੈ ਐਲਾਨ
ਦੱਸ ਦੇਈਏ ਕਿ ਹਾਦਸੇ ਤੋਂ ਬਾਅਦ ਸਰਕਾਰ ਨੇ ਮ੍ਰਿਤਕਾਂ ਅਤੇ ਜ਼ਖਮੀਆਂ ਦੇ ਪਰਿਵਾਰਾਂ ਲਈ ਮੁਆਵਜ਼ੇ ਦਾ ਐਲਾਨ ਕੀਤਾ ਹੈ। ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਵੀ ਇਸ ਹਾਦਸੇ ‘ਤੇ ਦੁੱਖ ਪ੍ਰਗਟ ਕੀਤਾ ਹੈ ਅਤੇ ਦੁਖੀ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਹੈ। ਰੇਲ ਮੰਤਰੀ ਦੇ ਦਫ਼ਤਰ ਤੋਂ ਮਿਲੀ ਜਾਣਕਾਰੀ ਅਨੁਸਾਰ ਹਾਦਸੇ ਵਿੱਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਲਈ 1.5 ਲੱਖ ਰੁਪਏ, ਗੰਭੀਰ ਜ਼ਖ਼ਮੀਆਂ ਲਈ 50,000 ਰੁਪਏ ਅਤੇ ਮਾਮੂਲੀ ਜ਼ਖ਼ਮੀਆਂ ਲਈ 5,000 ਰੁਪਏ ਦੇ ਮੁਆਵਜ਼ੇ ਦਾ ਐਲਾਨ ਕੀਤਾ ਗਿਆ ਹੈ।
ਮੁੱਖ ਮੰਤਰੀ ਫੜਨਵੀਸ ਨੇ ਮੁਆਵਜ਼ੇ ਦਾ ਕੀਤਾ ਹੈ ਐਲਾਨ
ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਵੀ ਇਸ ਰੇਲ ਹਾਦਸੇ ‘ਤੇ ਦੁੱਖ ਪ੍ਰਗਟ ਕਰਦਿਆਂ ਮ੍ਰਿਤਕਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦਾ ਐਲਾਨ ਕੀਤਾ ਹੈ। ਫੜਨਵੀਸ ਨੇ ਹਾਦਸੇ ‘ਚ ਮਾਰੇ ਗਏ ਯਾਤਰੀਆਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ ਉਨ੍ਹਾਂ ਇਹ ਵੀ ਕਿਹਾ ਕਿ ਜ਼ਖਮੀ ਯਾਤਰੀਆਂ ਦੇ ਇਲਾਜ ਦਾ ਸਾਰਾ ਖਰਚਾ ਸੂਬਾ ਸਰਕਾਰ ਚੁੱਕੇਗੀ। ਤੁਹਾਨੂੰ ਦੱਸ ਦੇਈਏ ਕਿ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਸਵਿਟਜ਼ਰਲੈਂਡ ਦੇ ਦਾਵੋਸ ਤੋਂ ਇੱਕ ਵੀਡੀਓ ਸੰਦੇਸ਼ ਭੇਜਿਆ, ਜਿਸ ਵਿੱਚ ਉਨ੍ਹਾਂ ਨੇ ਹਾਦਸੇ ‘ਤੇ ਸੋਗ ਜਤਾਉਣ ਵਾਲੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਅਤੇ ਰਾਹਤ ਕਾਰਜਾਂ ਬਾਰੇ ਜਾਣਕਾਰੀ ਦਿੱਤੀ।