ਵਾਸ਼ਿੰਗਟਨ : ਡੋਨਾਲਡ ਟਰੰਪ ਨੇ ਰਾਸ਼ਟਰਪਤੀ ਬਣਦੇ ਹੈ ਸਖਤੀ ਕਰਨੀ ਸ਼ੁਰੂ ਕਰ ਦਿਤੀ ਹੈ। ਜਦੋਂ ਤੋਂ ਡੋਨਾਲਡ ਟਰੰਪ ਅਮਰੀਕਾ ਦੇ ਰਾਸ਼ਟਰਪਤੀ ਬਣੇ ਹਨ, ਪ੍ਰਸ਼ਾਸਨ ਨੇ ਗੈਰ-ਕਾਨੂੰਨੀ ਪ੍ਰਵਾਸੀਆਂ ‘ਤੇ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਟਰੰਪ ਦੇ ਸਹੁੰ ਚੁੱਕਣ ਤੋਂ ਬਾਅਦ ਪਹਿਲੇ ਦਿਨ 538 ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਵ੍ਹਾਈਟ ਹਾਊਸ ਦੀ ਪ੍ਰੈੱਸ ਸਕੱਤਰ ਕੈਰੋਲਿਨ ਲੇਵਿਟ ਨੇ ਦੱਸਿਆ ਕਿ ਹੁਣ ਤੱਕ 538 ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਦਕਿ 373 ਨੂੰ ਹਿਰਾਸਤ ‘ਚ ਲੈ ਕੇ ਕੈਂਪਾਂ ‘ਚ ਭੇਜਿਆ ਗਿਆ ਹੈ। ਲੇਵਿਟ ਨੇ ਕਿਹਾ ਕਿ ਉਹ ਸਾਰੇ ਅਪਰਾਧੀ ਹਨ। ਉਨ੍ਹਾਂ ‘ਤੇ ਬਲਾਤਕਾਰ, ਕਤਲ ਅਤੇ ਅਗਵਾ ਦੇ ਦੋਸ਼ ਹਨ। ਫੌਕਸ ਨਿਊਜ਼ ਨਾਲ ਗੱਲ ਕਰਦੇ ਹੋਏ, ਲੇਵਿਟ ਨੇ ਕਿਹਾ ਕਿ ਟਰੰਪ ਪ੍ਰਸ਼ਾਸਨ ਇਤਿਹਾਸ ਦਾ ਸਭ ਤੋਂ ਵੱਡਾ ਦੇਸ਼ ਨਿਕਾਲੇ ਆਪ੍ਰੇਸ਼ਨ ਚਲਾ ਰਿਹਾ ਹੈ। ਅਪਰਾਧੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਫੌਜੀ ਜਹਾਜ਼ ਰਾਹੀਂ ਦੇਸ਼ ਨਿਕਾਲਾ ਦਿੱਤਾ ਗਿਆ ਹੈ। ਹਾਲਾਂਕਿ ਉਨ੍ਹਾਂ ਨੂੰ ਕਿੱਥੇ ਭੇਜਿਆ ਗਿਆ ਹੈ, ਇਸ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ।
ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਫੜਨ ਲਈ ਦੇਸ਼ ਭਰ ‘ਚ ਛਾਪੇਮਾਰੀ ਰਿਪੋਰਟਾਂ ਮੁਤਾਬਕ ਇਮੀਗ੍ਰੇਸ਼ਨ ਐਂਡ ਕਸਟਮਜ਼ ਇਨਫੋਰਸਮੈਂਟ (ਆਈ.ਸੀ.ਈ.) ਵਾਸ਼ਿੰਗਟਨ ਡੀਸੀ ਸਮੇਤ ਕਈ ਸ਼ਹਿਰਾਂ ‘ਚ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਫੜਨ ਲਈ ਛਾਪੇਮਾਰੀ ਕਰ ਰਹੀ ਹੈ ਅਤੇ ਵੱਡੇ ਪੱਧਰ ‘ਤੇ ਪ੍ਰਵਾਸੀਆਂ ਤੋਂ ਪੁੱਛਗਿੱਛ ਕਰ ਰਹੀ ਹੈ। ਪ੍ਰੈੱਸ ਸਕੱਤਰ ਨੇ ਕਿਹਾ ਕਿ ਟਰੰਪ ਵੱਲੋਂ ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਹੁਣ ਪੂਰੇ ਕੀਤੇ ਜਾ ਰਹੇ ਹਨ। ਰਾਸ਼ਟਰਪਤੀ ਟਰੰਪ ਦੇਸ਼ ਦੀਆਂ ਸਰਹੱਦਾਂ ਦੀ ਰੱਖਿਆ ਲਈ ਹਰ ਸੰਭਵ ਤਰੀਕੇ ਨਾਲ ਆਪਣੀ ਕਾਰਜਕਾਰੀ ਸ਼ਕਤੀ ਦੀ ਵਰਤੋਂ ਕਰ ਰਹੇ ਹਨ।