ਲੁਧਿਆਣਾ: ਦੇਸ਼ ਦੇ 76ਵੇਂ ਗਣਤੰਤਰ ਦਿਵਸ (The 76th Republic Day) ਮੌਕੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ (Punjab Agricultural University Ludhiana) ਦੀ ਗਰਾਊਂਡ ਵਿੱਚ ਰਾਜ ਪੱਧਰੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ (Governor Gulab Chand Kataria) ਨੇ ਤਿਰੰਗਾ ਲਹਿਰਾਇਆ ਅਤੇ ਪਰੇਡ ਦੀ ਸਲਾਮੀ ਲਈ। ਇਸ ਮੌਕੇ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਨੇ ਵੀ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ।
ਪ੍ਰੋਗਰਾਮ ਦੌਰਾਨ ਬੋਲਦਿਆਂ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਅੱਜ ਦਾ ਦਿਨ ਉਨ੍ਹਾਂ ਮਹਾਨ ਆਜ਼ਾਦੀ ਘੁਲਾਟੀਆਂ ਨੂੰ ਯਾਦ ਕਰਨ ਦਾ ਹੈ, ਜਿਨ੍ਹਾਂ ਨੇ ਆਪਣੀ ਜਾਨ ਦੀ ਪਰਵਾਹ ਕੀਤੇ ਬਿਨਾਂ ਸਾਨੂੰ ਆਜ਼ਾਦੀ ਦਿਵਾਈ ਅਤੇ ਸਾਡੇ ਦੇਸ਼ ਨੂੰ ਨਵੀਂ ਦਿਸ਼ਾ ਦਿੱਤੀ। ਮਹਾਤਮਾ ਗਾਂਧੀ, ਸੁਭਾਸ਼ ਚੰਦਰ ਬੋਸ, ਸਰਦਾਰ ਵੱਲਭ ਭਾਈ ਪਟੇਲ, ਪੰਡਿਤ ਜਵਾਹਰ ਲਾਲ ਨਹਿਰੂ, ਡਾ: ਰਾਜੇਂਦਰ ਪ੍ਰਸਾਦ ਅਤੇ ਕਰੋੜਾਂ ਭਾਰਤੀਆਂ ਨੇ ਭਾਰਤ ਦੀ ਆਜ਼ਾਦੀ ਲਈ ਮਹੱਤਵਪੂਰਨ ਯੋਗਦਾਨ ਪਾਇਆ। ਅੱਜ ਅਸੀਂ ਉਨ੍ਹਾਂ ਸਾਰਿਆਂ ਨੂੰ ਸ਼ਰਧਾਂਜਲੀ ਭੇਂਟ ਕਰ ਰਹੇ ਹਾਂ।
ਇਸ ਮੌਕੇ ਰਾਜਪਾਲ ਨੇ ਟੈਂਕਾਂ ਦੀ ਪ੍ਰਦਰਸ਼ਨੀ ਦਾ ਉਦਘਾਟਨ ਵੀ ਕੀਤਾ। ਇਸ ਪ੍ਰੋਗਰਾਮ ਵਿੱਚ 17 ਵਿਸ਼ੇਸ਼ ਝਾਂਕੀ ਪ੍ਰਦਰਸ਼ਿਤ ਕੀਤੀਆਂ ਜਾ ਰਹੀਆਂ ਹਨ। ਪਹਿਲੀ ਵਾਰ ਇਸ ਸਮਾਰੋਹ ਵਿੱਚ ਫੌਜੀ ਜਵਾਨ ਮਾਰਸ਼ਲ ਆਰਟ ਦਾ ਪ੍ਰਦਰਸ਼ਨ ਕਰ ਰਹੇ ਹਨ। ਸਮਾਗਮ ਦੌਰਾਨ ਪੰਜਾਬ ਪੁਲਿਸ ਅਤੇ ਐਨ.ਸੀ.ਸੀ. ਦੀਆਂ ਵੱਖ-ਵੱਖ ਯੂਨਿਟਾਂ ਭਾਗ ਲੈ ਰਹੀਆਂ ਹਨ। ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸ਼ਹਿਰ ਵਿੱਚ 1500 ਦੇ ਕਰੀਬ ਪੁਲਿਸ ਮੁਲਾਜ਼ਮ ਤਾਇਨਾਤ ਹਨ।