ਢਾਕਾ : ਸ਼ੇਖ ਹਸੀਨਾ ਦੇਸ਼ ਵਿਚ ਤਖਤ ਪਲਟ ਜਾਣ ਤੋਂ ਬਾਅਦ ਦੇਸ਼ ਛੱਡ ਕੇ ਚਲੀ ਗਈ ਸੀ। ਬੰਗਲਾਦੇਸ਼ ਵਿੱਚ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੀ ਪਾਰਟੀ ਅਵਾਮੀ ਲੀਗ ਨੇ ਦੇਸ਼ ਭਰ ਵਿੱਚ ਵਿਰੋਧ ਪ੍ਰਦਰਸ਼ਨਾਂ, ਹੜਤਾਲਾਂ ਅਤੇ ਨਾਕਾਬੰਦੀ ਦਾ ਐਲਾਨ ਕੀਤਾ ਹੈ। ਅਵਾਮੀ ਲੀਗ ਨੇ ਇਹ ਐਲਾਨ ਸ਼ੇਖ ਹਸੀਨਾ ਖ਼ਿਲਾਫ਼ ਦਰਜ ਕੇਸਾਂ ਅਤੇ ਦੇਸ਼ ਵਿੱਚ ਧਾਰਮਿਕ ਘੱਟ ਗਿਣਤੀਆਂ ’ਤੇ ਹੋ ਰਹੇ ਜ਼ੁਲਮਾਂ ਦੇ ਵਿਰੋਧ ਵਿੱਚ ਕੀਤਾ ਹੈ।
ਪਾਰਟੀ ਨੇ ਮੰਗਲਵਾਰ ਦੇਰ ਰਾਤ ਆਪਣੀਆਂ ਮੰਗਾਂ ਨੂੰ ਲੈ ਕੇ ਕੀਤੇ ਜਾਣ ਵਾਲੇ ਧਰਨੇ ਸਬੰਧੀ ਪ੍ਰੋਗਰਾਮਾਂ ਬਾਰੇ ਜਾਣਕਾਰੀ ਦਿੱਤੀ। ਅਵਾਮੀ ਲੀਗ ਨੇ ਚੇਤਾਵਨੀ ਦਿੱਤੀ ਕਿ ਜੇਕਰ ਪ੍ਰਸ਼ਾਸਨ ਨੇ ਉਨ੍ਹਾਂ ਦੇ ਪ੍ਰੋਗਰਾਮਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਹੋਰ ਸਖ਼ਤ ਕਦਮ ਚੁੱਕੇ ਜਾਣਗੇ। ਅਵਾਮੀ ਲੀਗ ਪਿਛਲੇ ਸਾਲ 5 ਅਗਸਤ ਨੂੰ ਸ਼ੇਖ ਹਸੀਨਾ ਦਾ ਤਖਤਾ ਪਲਟਣ ਤੋਂ ਬਾਅਦ ਦੇਸ਼ ‘ਚ ਪਹਿਲਾ ਵੱਡਾ ਪ੍ਰੋਗਰਾਮ ਆਯੋਜਿਤ ਕਰਨ ਜਾ ਰਹੀ ਹੈ। ਪਾਰਟੀ ਦੇ ਕਈ ਆਗੂ ਅਜੇ ਵੀ ਕਾਰਵਾਈ ਦੇ ਡਰੋਂ ਲੁਕੇ ਹੋਏ ਹਨ।
ਇਸ ਦੌਰਾਨ, ਬੰਗਲਾਦੇਸ਼ ਦੇ ਗ੍ਰਹਿ ਮਾਮਲਿਆਂ ਦੇ ਸਲਾਹਕਾਰ ਮੁਹੰਮਦ ਜਹਾਂਗੀਰ ਆਲਮ ਚੌਧਰੀ ਨੇ ਬੁੱਧਵਾਰ ਨੂੰ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੇ ਕਾਰਜਕਾਲ ਦੌਰਾਨ ਭਾਰਤ ਨਾਲ ਕੀਤੇ ਗਏ ਸਾਰੇ ਸਮਝੌਤਿਆਂ ‘ਤੇ ਚਰਚਾ ਕੀਤੀ ਜਾਵੇਗੀ। ਢਾਕਾ ਟ੍ਰਿਬਿਊਨ ਮੁਤਾਬਕ ਬਾਰਡਰ ਗਾਰਡ ਬੰਗਲਾਦੇਸ਼ ਅਤੇ ਭਾਰਤ ਦੀ ਸੀਮਾ ਸੁਰੱਖਿਆ ਬਲ ਦੇ ਮੁਖੀਆਂ ਵਿਚਾਲੇ ਗੱਲਬਾਤ ਹੋਣ ਜਾ ਰਹੀ ਹੈ।