Home ਪੰਜਾਬ ਪੰਜਾਬ : ਫਿਨਲੈਂਡ ਸਿਖਲਾਈ ਲਈ ਭੇਜਣ ਲਈ ਅਧਿਆਪਕਾਂ ਦੀ ਚੋਣ ਦੀ ਪ੍ਰਕਿਰਿਆ...

ਪੰਜਾਬ : ਫਿਨਲੈਂਡ ਸਿਖਲਾਈ ਲਈ ਭੇਜਣ ਲਈ ਅਧਿਆਪਕਾਂ ਦੀ ਚੋਣ ਦੀ ਪ੍ਰਕਿਰਿਆ ਹੋਈ ਸ਼ੁਰੂ

0

ਚੰਡੀਗੜ੍ਹ : ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਿਖਿਆ ਅਤੇ ਸਿਹਤ ਦੇ ਮੁੱਦੇ ਨੂੰ ਅਗੇ ਰੱਖ ਕੇ ਚੋਣਾਂ ਲੜੀਆਂ ਸਨ। ਪੰਜਾਬ ਦੀ ਸਕੂਲੀ ਸਿੱਖਿਆ ਪ੍ਰਣਾਲੀ ਨੂੰ ਵਿਸ਼ਵ ਪੱਧਰੀ ਮਿਆਰਾਂ ਦੇ ਬਰਾਬਰ ਲਿਆਉਣ ਲਈ ਸਰਕਾਰ ਦੇ ਲਗਾਤਾਰ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਫਿਨਲੈਂਡ ਦੀ ਤੁਰਕੂ ਯੂਨੀਵਰਸਿਟੀ ਵਿਖੇ ਸਿਖਲਾਈ ਲਈ ਪ੍ਰਾਇਮਰੀ ਅਤੇ ਐਲੀਮੈਂਟਰੀ ਅਧਿਆਪਕਾਂ ਦੀ ਚੋਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।

ਇਸ ਚੋਣ ਪ੍ਰਕਿਰਿਆ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ 72 ਪ੍ਰਾਇਮਰੀ ਅਤੇ ਐਲੀਮੈਂਟਰੀ ਅਧਿਆਪਕਾਂ (ਬੀ.ਪੀ.ਈ., ਸੀ.ਐੱਚ.ਟੀ., ਐਚ.ਟੀ.) ਦੇ ਦੂਜੇ ਬੈਚ ਨੂੰ ਸਿਖਲਾਈ ਲਈ ਯੂਨੀਵਰਸਿਟੀ ਆਫ ਟਰਕੂ ਭੇਜਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਤਿੰਨ ਹਫਤਿਆਂ ਦੇ ਇਸ ਸਿਖਲਾਈ ਪ੍ਰੋਗਰਾਮ ਵਿੱਚ ਇੱਕ ਹਫਤਾ ਪੰਜਾਬ ਅਤੇ ਦੋ ਹਫਤੇ ਫਿਨਲੈਂਡ ਵਿੱਚ ਸਿਖਲਾਈ ਦਿੱਤੀ ਜਾਵੇਗੀ। ਚਾਹਵਾਨ ਅਧਿਆਪਕ 2 ਫਰਵਰੀ, 2025 ਨੂੰ ਸ਼ਾਮ 5 ਵਜੇ ਤੱਕ ਈ-ਪੰਜਾਬ ਸਕੂਲ ਪੋਰਟਲ ‘ਤੇ ਆਨਲਾਈਨ ਅਪਲਾਈ ਕਰ ਸਕਦੇ ਹਨ।

ਮੰਤਰੀ ਨੇ ਕਿਹਾ ਕਿ ਸਿਖਲਾਈ ਲਈ ਚੁਣੇ ਗਏ ਉਮੀਦਵਾਰਾਂ ਦੀ ਉਮਰ 31 ਜਨਵਰੀ, 2025 ਤੱਕ 43 ਸਾਲ ਜਾਂ ਇਸ ਤੋਂ ਘੱਟ ਹੋਣੀ ਚਾਹੀਦੀ ਹੈ, ਜਦੋਂ ਕਿ ਐਚਟੀ, ਸੀਐਚਟੀ ਅਤੇ ਬੀਪੀਈਓ ਦੀਆਂ ਅਸਾਮੀਆਂ ਲਈ ਵੱਧ ਤੋਂ ਵੱਧ ਉਮਰ 48 ਸਾਲ ਤੋਂ ਵੱਧ ਨਹੀਂ ਹੋਣੀ ਚਾਹੀਦੀ। ਇਸ ਤੋਂ ਇਲਾਵਾ, ਬਿਨੈਕਾਰਾਂ ਕੋਲ ਇੱਕ ਵੈਧ ਭਾਰਤੀ ਪਾਸਪੋਰਟ ਹੋਣਾ ਚਾਹੀਦਾ ਹੈ, ਜੋ ਘੱਟੋ-ਘੱਟ ਸਤੰਬਰ 2025 ਤੱਕ ਵੈਧ ਹੋਣਾ ਚਾਹੀਦਾ ਹੈ। ਇਸ ਤੋਂ ਇਲਾਵਾ, ਉਮੀਦਵਾਰਾਂ ਦੇ ਖਿਲਾਫ ਕੋਈ ਵੀ ਬਕਾਇਆ ਚਾਰਜਸ਼ੀਟ, ਜਾਂਚ ਜਾਂ ਅਪਰਾਧਿਕ ਕੇਸ ਨਹੀਂ ਹੋਣਾ ਚਾਹੀਦਾ ਹੈ।

 

Exit mobile version