ਪੇਸ਼ਾਵਰ : ਪਾਕਿਸਤਾਨ ਦੀ ਫੌਜ ਨੇ ਅਫਗਾਨਿਸਤਾਨ ਦੀ ਸਰਹੱਦ ਨਾਲ ਲੱਗਦੇ ਅਸ਼ਾਂਤ ਉੱਤਰ-ਪੱਛਮੀ ਖੈਬਰ ਪਖਤੂਨਖਵਾ ਸੂਬੇ ‘ਚ ਪੰਜ ਵੱਖ-ਵੱਖ ਮੁਹਿੰਮਾਂ ‘ਚ ਘੱਟੋ-ਘੱਟ 10 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਹੈ। ਪਾਕਿਸਤਾਨੀ ਫੌਜ ਦੀ ਮੀਡੀਆ ਸ਼ਾਖਾ ਇੰਟਰ-ਸਰਵਿ ਸਿਜ਼ ਪਬਲਿਕ ਰਿਲੇਸ਼ਨਜ਼ ਨੇ ਬੀਤੇ ਦਿਨ ਇਹ ਜਾਣਕਾਰੀ ਦਿੱਤੀ। ਫੌਜ ਦੇ ਮੀਡੀਆ ਵਿੰਗ ਨੇ ਦੱਸਿਆ ਕਿ ਡੇਰਾ ਇਸਮਾਈਲ ਖਾਨ ਜ਼ਿਲ੍ਹੇ ਦੇ ਕੁਲਾਚੀ ‘ਚ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਚਲਾਈ ਗਈ ਮੁਹਿੰਮ ‘ਚ ਜਵਾਨਾਂ ਨੇ ਮੁਕਾਬਲੇ ‘ਚ ਚਾਰ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ।
ਇਸ ਵਿਚ ਕਿਹਾ ਗਿਆ ਹੈ ਕਿ ਸੁਰੱਖਿਆ ਬਲਾਂ ਨੇ ਉੱਤਰੀ ਵਜ਼ੀਰਿਸਤਾਨ ਜ਼ਿਲ੍ਹੇ ਦੇ ਦੱਤਾ ਖੇਲ, ਹਸਨ ਖੇਲ, ਗੁਲਾਮ ਖਾਨ ਅਤੇ ਮੀਰ ਅਲੀ ਵਿਚ ਚਾਰ ਵੱਖ-ਵੱਖ ਮੁਕਾਬਲਿਆਂ ਵਿਚ ਛੇ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਫੌਜ ਦੇ ਮੀਡੀਆ ਵਿੰਗ ਨੇ ਕਿਹਾ ਕਿ ਮਾਰੇ ਗਏ ਅੱਤਵਾਦੀਆਂ ਕੋਲੋਂ ਹਥਿਆਰ ਅਤੇ ਗੋਲਾ-ਬਾਰੂਦ ਬਰਾਮਦ ਕੀਤਾ ਗਿਆ ਹੈ। ਇਹ ਅੱਤਵਾਦੀ ਸੁਰੱਖਿਆ ਬਲਾਂ ਵਿਰੁੱਧ ਕਈ ਅੱਤਵਾਦੀ ਗਤੀਵਿਧੀਆਂ ਵਿੱਚ ਸਰਗਰਮੀ ਨਾਲ ਸ਼ਾਮਲ ਸਨ ਅਤੇ ਨਾਲ ਹੀ ਇਨ੍ਹਾਂ ਖੇਤਰਾਂ ਵਿੱਚ ਨਿਰਦੋਸ਼ ਨਾਗਰਿਕਾਂ ਦੀ ਹੱਤਿਆ ਵੀ ਕਰਦੇ ਸਨ। ਇਸ ਵਿਚ ਕਿਹਾ ਗਿਆ ਹੈ ਕਿ ਇਲਾਕੇ ਵਿਚ ਹੋਰ ਅੱਤਵਾਦੀਆਂ ਦੇ ਖਾਤਮੇ ਲਈ ਤਲਾਸ਼ੀ ਮੁਹਿੰਮ ਜਾਰੀ ਹੈ।