ਅਮਰੀਕਾ : ਅਮਰੀਕੀ ਫੌਜ ਦਾ ਜਹਾਜ਼ ਸੀ-147 104 ਭਾਰਤੀ ਨਾਗਰਿਕਾਂ ਨੂੰ ਲੈ ਕੇ ਅੰਮ੍ਰਿਤਸਰ ਹਵਾਈ ਅੱਡੇ ‘ਤੇ ਉਤਰਿਆ ਹੈ। ਇਹ ਜਹਾਜ਼ ਗੈਰ-ਕਾਨੂੰਨੀ ਤਰੀਕੇ ਨਾਲ ਅਮਰੀਕਾ ਪਹੁੰਚੇ ਭਾਰਤੀ ਪ੍ਰਵਾਸੀਆਂ ਨੂੰ ਵਾਪਸ ਲਿਆਉਣ ਲਈ ਭੇਜਿਆ ਗਿਆ ਸੀ। ਜਹਾਜ਼ ‘ਚ 13 ਬੱਚੇ, 25 ਔਰਤਾਂ ਅਤੇ 79 ਪੁਰਸ਼ ਸਵਾਰ ਸਨ। ਇਨ੍ਹਾਂ ਵਿਚੋਂ 33 ਭਾਰਤੀ ਨਾਗਰਿਕ, ਜੋ ਗੁਜਰਾਤ ਦੇ ਹਨ, ਨੂੰ ਅੰਮ੍ਰਿਤਸਰ ਹਵਾਈ ਅੱਡੇ ‘ਤੇ ਉਤਰਨ ਤੋਂ ਬਾਅਦ ਸਿੱਧਾ ਗੁਜਰਾਤ ਭੇਜਿਆ ਜਾਵੇਗਾ। ਇਨ੍ਹਾਂ ‘ਚ ਪੰਜਾਬ ਦੇ 30, ਉੱਤਰ ਪ੍ਰਦੇਸ਼ ਦੇ 3, ਹਰਿਆਣਾ ਦੇ 33, ਚੰਡੀਗੜ੍ਹ ਦੇ 2 ਅਤੇ ਮਹਾਰਾਸ਼ਟਰ ਦੇ 3 ਲੋਕ ਸ਼ਾਮਲ ਹਨ।
ਅੰਮ੍ਰਿਤਸਰ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ, ਖ਼ਾਸਕਰ ਅਮਰੀਕਾ ਤੋਂ ਡਿਪੋਰਟ ਕੀਤੇ ਗਏ ਭਾਰਤੀ ਨਾਗਰਿਕਾਂ ਨੂੰ ਕੱਢਣ ਲਈ ਲਏ ਗਏ ਰਸਤੇ ‘ਤੇ। ਅੰਮ੍ਰਿਤਸਰ ਪੁਲਿਸ ਨੇ ਏਵੀਏਸ਼ਨ ਕਲੱਬ ਵੱਲ ਜਾਣ ਵਾਲੀ ਸੜਕ ‘ਤੇ ਬੈਰੀਕੇਡ ਲਗਾ ਦਿੱਤੇ ਹਨ ਅਤੇ ਸੁਰੱਖਿਆ ਵਧਾ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਨਾਗਰਿਕਾਂ ਨੂੰ ਪਹਿਲਾਂ ਏਵੀਏਸ਼ਨ ਕਲੱਬ ਲਿਆਂਦਾ ਜਾਵੇਗਾ, ਜਿੱਥੇ ਉਨ੍ਹਾਂ ਦੇ ਪੂਰੇ ਬੈਕਗ੍ਰਾਊਂਡ ਚੈੱਕ, ਕ੍ਰਿਮੀਨਲ ਰਿਕਾਰਡ ਅਤੇ ਇਮੀਗ੍ਰੇਸ਼ਨ ਰਿਕਾਰਡ ਦੀ ਜਾਂਚ ਕੀਤੀ ਜਾਵੇਗੀ। ਜਾਂਚ ਪੂਰੀ ਹੋਣ ਤੋਂ ਬਾਅਦ ਹੀ ਉਨ੍ਹਾਂ ਨੂੰ ਅੱਗੇ ਵਧਣ ਦੀ ਇਜਾਜ਼ਤ ਦਿੱਤੀ ਜਾਵੇਗੀ। ਨਾਲ ਹੀ, ਜਿਨ੍ਹਾਂ ਰਾਜਾਂ ਨਾਲ ਇਹ ਲੋਕ ਸਬੰਧਤ ਹਨ, ਉਨ੍ਹਾਂ ਦੇ ਰਾਜ ਅਧਿਕਾਰੀਆਂ ਨੂੰ ਵੀ ਉਨ੍ਹਾਂ ਦੀ ਵਾਪਸੀ ਬਾਰੇ ਸੂਚਿਤ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਮੀਡੀਆ ਨੂੰ ਇਨ੍ਹਾਂ ਨਾਗਰਿਕਾਂ ਨਾਲ ਜੁੜੀ ਕੋਈ ਵੀ ਜਾਣਕਾਰੀ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਗਈ ਹੈ, ਤਾਂ ਜੋ ਪ੍ਰਕਿ ਰਿਆ ‘ਚ ਕੋਈ ਰੁਕਾਵਟ ਨਾ ਆਵੇ। ਪੰਜਾਬ ਦੇ ਡੀ.ਜੀ.ਪੀ ਗੌਰਵ ਯਾਦਵ ਨੇ ਮੰਗਲਵਾਰ ਨੂੰ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਪ੍ਰਵਾਸੀਆਂ ਦਾ ਸਵਾਗਤ ਕਰੇਗੀ ਅਤੇ ਹਵਾਈ ਅੱਡੇ ‘ਤੇ ਕਾਊਂਟਰ ਸਥਾਪਤ ਕਰੇਗੀ ਜਿੱਥੇ ਉਨ੍ਹਾਂ ਦਾ ਸਵਾਗਤ ਕੀਤਾ ਜਾਵੇਗਾ।
ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅਮਰੀਕੀ ਸਰਕਾਰ ਦੇ ਫ਼ੈੈਸਲੇ ‘ਤੇ ਨਿਰਾਸ਼ਾ ਜ਼ਾਹਰ ਕੀਤੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰਵਾਸੀਆਂ ਨੂੰ ਦੇਸ਼ ਨਿਕਾਲੇ ਦੀ ਬਜਾਏ ਸਥਾਈ ਨਿਵਾਸ ਦਿੱਤਾ ਜਾਣਾ ਚਾਹੀਦਾ ਸੀ ਕਿਉਂਕਿ ਉਨ੍ਹਾਂ ਨੇ ਅਮਰੀਕਾ ਦੀ ਆਰਥਿਕਤਾ ਵਿਚ ਯੋਗਦਾਨ ਪਾਇਆ ਸੀ। ਉਨ੍ਹਾਂ ਇਹ ਵੀ ਦੱਸਿਆ ਕਿ ਬਹੁਤ ਸਾਰੇ ਭਾਰਤੀ ਵਰਕ ਪਰਮਿਟ ‘ਤੇ ਅਮਰੀਕਾ ਵਿੱਚ ਦਾਖਲ ਹੋਏ ਸਨ ਪਰ ਜਦੋਂ ਉਨ੍ਹਾਂ ਦੇ ਪਰਮਿਟ ਦੀ ਮਿਆਦ ਖਤਮ ਹੋ ਗਈ ਤਾਂ ਉਹ ਗੈਰ-ਕਾਨੂੰਨੀ ਪ੍ਰਵਾਸੀ ਬਣ ਗਏ।
ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸਥਿਤੀ ‘ਤੇ ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ ਉਹ ਇਸ ਮਾਮਲੇ ‘ਤੇ ਵਿਚਾਰ ਵਟਾਂਦਰੇ ਲਈ ਅਗਲੇ ਹਫ਼ਤੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੂੰ ਮਿਲਣ ਦੀ ਯੋਜਨਾ ਬਣਾ ਰਹੇ ਹਨ। ਉਨ੍ਹਾਂ ਪ੍ਰਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਗੈਰ-ਕਾਨੂੰਨੀ ਤਰੀਕੇ ਨਾਲ ਵਿਦੇਸ਼ ਨਾ ਜਾਣ ਅਤੇ ਕਾਨੂੰਨੀ ਤਰੀਕਿਆਂ ਨਾਲ ਵਿਦੇਸ਼ ਜਾਣ ਦੀ ਪ੍ਰਕਿ ਰਿਆ ਅਪਣਾਉਣ। ਉਨ੍ਹਾਂ ਹੁਨਰ ਅਤੇ ਸਿੱਖਿਆ ਪ੍ਰਾਪਤ ਕਰਨ ਦੀ ਮਹੱਤਤਾ ‘ਤੇ ਵੀ ਜ਼ੋਰ ਦਿੱਤਾ ਅਤੇ ਕਿਹਾ ਕਿ ਇਸ ਦੀ ਵਰਤੋਂ ਵਿਸ਼ਵ ਭਰ ਵਿੱਚ ਉਪਲਬਧ ਮੌਕਿਆਂ ਦਾ ਲਾਭ ਲੈਣ ਲਈ ਕੀਤੀ ਜਾ ਸਕਦੀ ਹੈ।
ਪਿਛਲੇ ਮਹੀਨੇ ਡੋਨਾਲਡ ਟਰੰਪ ਦੇ ਅਮਰੀਕੀ ਰਾਸ਼ਟਰਪਤੀ ਵਜੋਂ ਸਹੁੰ ਚੁੱਕਣ ਤੋਂ ਬਾਅਦ ਤੋਂ ਹੀ ਅਮਰੀਕਾ ਦੀਆਂ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਨੇ ਗੈਰ-ਕਾਨੂੰਨੀ ਪ੍ਰਵਾਸੀਆਂ ‘ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਡੰਕੀ ਰੂਟ ਅਤੇ ਹੋਰ ਗੈਰ-ਕਾਨੂੰਨੀ ਤਰੀਕਿਆਂ ਨਾਲ ਲੱਖਾਂ ਰੁਪਏ ਖਰਚ ਕਰਕੇ ਅਮਰੀਕਾ ਵਿਚ ਦਾਖਲ ਹੋਏ ਕਈ ਪੰਜਾਬੀ ਹੁਣ ਦੇਸ਼ ਨਿਕਾਲੇ ਦਾ ਸਾਹਮਣਾ ਕਰ ਰਹੇ ਹਨ। ਦਰਅਸਲ, ਇਹ ਭਾਰਤੀ ਸਮੂਹ ਮੈਕਸੀਕੋ-ਅਮਰੀਕਾ ਸਰਹੱਦ ਤੋਂ ਫੜਿਆ ਗਿਆ ਸੀ। ਕਿਹਾ ਜਾ ਰਿਹਾ ਹੈ ਕਿ ਇਹ ਲੋਕ ਭਾਰਤ ਤੋਂ ਕਾਨੂੰਨੀ ਤੌਰ ‘ਤੇ ਅਮਰੀਕਾ ਗਏ ਸਨ ਪਰ ਉਨ੍ਹਾਂ ਨੇ ਡੰਕੀ ਰੂਟ ਦੀ ਵਰਤੋਂ ਕਰਕੇ ਗੈਰ-ਕਾਨੂੰਨੀ ਤਰੀਕੇ ਨਾਲ ਅਮਰੀਕਾ ‘ਚ ਦਾਖਲ ਹੋਣ ਦੀ ਕੋਸ਼ਿਸ਼ ਕੀਤੀ।