ਖਮਾਣੋਂ : ਜ਼ਿਲ੍ਹੇ ਦੇ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਵੱਖ-ਵੱਖ ਪੈਨਸ਼ਨ ਸਕੀਮਾਂ ਦੇ 70 ਹਜ਼ਾਰ 27 ਲਾਭਪਾਤਰੀਆਂ ਨੂੰ 10 ਕਰੋੜ 50 ਲੱਖ 40 ਹਜ਼ਾਰ 500 ਰੁਪਏ ਦੀ ਪੈਨਸ਼ਨ ਮੁਹੱਈਆ ਕਰਵਾਈ ਗਈ ਹੈ। ਇਨ੍ਹਾਂ ਵਿੱਚੋਂ 45,198 ਬਜ਼ੁਰਗਾਂ ਨੂੰ ਬੁਢਾਪਾ ਪੈਨਸ਼ਨ ਸਕੀਮ ਤਹਿਤ 6,77,97,000 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਗਈ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬਜ਼ੁਰਗਾਂ ਅਤੇ ਦਿਵਿਆਂਗਾਂ ਦੀ ਭਲਾਈ ਲਈ ਗਠਿਤ ਕਮੇਟੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਉਨ੍ਹਾਂ ਕਿਹਾ ਕਿ ‘ਸਾਡਾ ਬੁਜ਼ੁਰਗ, ਹਮਾਰਾ ਮਾਨ’ ਪ੍ਰੋਗਰਾਮ ਤਹਿਤ ਜ਼ਿਲ੍ਹੇ ਦੇ ਸੀਨੀਅਰ ਸਿਟੀਜ਼ਨਾਂ ਬਾਰੇ ਵੀ ਸਰਵੇਖਣ ਕੀਤਾ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੀਨੀਅਰ ਸਿਟੀਜ਼ਨਾਂ ਨੂੰ ਆਯੁਸ਼ਮਾਨ ਸਿਹਤ ਬੀਮਾ ਸਕੀਮ ਦਾ ਲਾਭ ਦੇਣ ਦੇ ਸਰਕਾਰ ਦੇ ਫ਼ੈਸਲੇ ਦੇ ਹਿੱਸੇ ਵਜੋਂ ਜ਼ਿਲ੍ਹੇ ਦੇ ਬਜ਼ੁਰਗਾਂ ਦੇ ਆਯੁਸ਼ਮਾਨ ਕਾਰਡ ਬਣਾਉਣ ਲਈ ਕੈਂਪ ਲਗਾਏ ਜਾਣ ਤਾਂ ਜੋ ਜ਼ਿਲ੍ਹੇ ਦੇ ਸਾਰੇ ਬਜ਼ੁਰਗਾਂ ਨੂੰ ਇਸ ਸਕੀਮ ਦਾ ਲਾਭ ਮਿਲ ਸਕੇ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਆਯੁਸ਼ਮਾਨ ਸਕੀਮ ਤਹਿਤ ਸੂਚੀਬੱਧ ਹਸਪਤਾਲਾਂ ਦੀ ਸੂਚੀ ਬਜ਼ੁਰਗਾਂ ਨੂੰ ਮੁਹੱਈਆ ਕਰਵਾਉਣ ਲਈ ਕਿਹਾ ਤਾਂ ਜੋ ਲੋੜ ਪੈਣ ‘ਤੇ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ।
ਦਿਵਿਆਂਗ ਵਿਅਕਤੀਆਂ ਦੀ ਭਲਾਈ ਲਈ ਗਠਿਤ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹੁਣ ਤੱਕ 9466 ਯੂ.ਡੀ.ਆਈ.ਡੀ ਕਾਰਡ ਬਣਾਏ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸਮੁੱਚਾ ਸਿੱਖਿਆ ਅਭਿਆਨ ਤਹਿਤ ਜ਼ਿਲ੍ਹੇ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੀ ਆਮ ਬੱਚਿਆਂ ਨਾਲ ਸਾਂਝੀ ਸਿੱਖਿਆ ਦੇ ਪ੍ਰਬੰਧ ਕੀਤੇ ਗਏ ਹਨ। ਇਨ੍ਹਾਂ ਬੱਚਿਆਂ ਲਈ ਸਕੂਲਾਂ ਵਿੱਚ ਰਿਸੋਰਸ ਰੂਮ ਦਾ ਵੀ ਪ੍ਰਬੰਧ ਕੀਤਾ ਗਿਆ ਹੈ, ਜਿੱਥੇ ਵਿਸ਼ੇਸ਼ ਤੌਰ ‘ਤੇ ਸਿਖਲਾਈ ਪ੍ਰਾਪਤ ਸਰੋਤ ਅਧਿਆਪਕਾਂ ਦੁਆਰਾ ਸਿੱਖਿਆ ਦਿੱਤੀ ਜਾ ਰਹੀ ਹੈ। ਸਰੋਤ ਕਮਰਿਆਂ ਵਿੱਚ ਆਉਣ ਵਾਲੇ ਬੱਚਿਆਂ ਨੂੰ ਕਿਰਾਇਆ, ਮੁਫ਼ਤ ਕਿਤਾਬਾਂ, ਵਰਦੀਆਂ, ਭੋਜਨ ਅਤੇ ਵਿਦਿਅਕ ਸਮੱਗਰੀ ਪ੍ਰਦਾਨ ਕੀਤੀ ਜਾ ਰਹੀ ਹੈ।