ਬਾਂਸਵਾੜਾ : ਰਾਜਸਥਾਨ ਦੇ ਬਾਂਸਵਾੜਾ ਵਿੱਚ ਅੱਜ ਇੱਕ ਪਟਾਕਾ ਫੈਕਟਰੀ ਵਿੱਚ ਵੱਡਾ ਹਾਦਸਾ ਵਾਪਰਿਆ। ਇੱਥੇ ਇੱਕ ਪਟਾਕਾ ਫੈਕਟਰੀ (A Firecracker Factory) ਵਿੱਚ ਭਿਆਨਕ ਅੱਗ ਲੱਗ ਗਈ ਹੈ, ਜਿਸ ਵਿੱਚ 30 ਤੋਂ 40 ਲੋਕਾਂ ਦੇ ਝੁਲਸ ਜਾਣ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ ਅਚਾਨਕ ਪਟਾਕਾ ਫੈਕਟਰੀ ਵਿੱਚ ਇੱਕ ਜ਼ੋਰਦਾਰ ਧਮਾਕੇ ਦੀ ਆਵਾਜ਼ ਸੁਣਾਈ ਦਿੱਤੀ ਅਤੇ ਆਸ ਪਾਸ ਦੇ ਲੋਕ ਦੰਗ ਰਹਿ ਗਏ। ਫੈਕਟਰੀ ਵਿੱਚ ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਪੁਲਿਸ ਅਤੇ ਫਾਇਰ ਬ੍ਰਿਗੇਡ ਦੀ ਟੀਮ ਮੌਕੇ ‘ਤੇ ਪਹੁੰਚ ਗਈ।
ਇਹ ਭਿਆਨਕ ਹਾਦਸਾ ਬਾਂਸਵਾੜਾ ਦੇ ਰਿਕੋ ਇੰਡਸਟਰੀਜ਼ ਇਲਾਕੇ ਵਿੱਚ ਇੱਕ ਪਟਾਕਾ ਫੈਕਟਰੀ ਵਿੱਚ ਵਾਪਰਿਆ। ਹਾਦਸੇ ਦੇ ਬਾਅਦ, ਕੋਤਵਾਲੀ ਪੁਲਿਸ ਸਟੇਸ਼ਨ ਨੇ ਤੁਰੰਤ ਫਾਇਰ ਬ੍ਰਿਗੇਡ ਨੂੰ ਮੌਕੇ ‘ਤੇ ਬੁਲਾਇਆ। ਫੈਕਟਰੀ ਦੀ ਕੰਧ ਤੋੜ ਕੇ ਅੱਗ ‘ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਸਨ, ਪਰ ਇਸ ਦੌਰਾਨ ਫੈਕਟਰੀ ਵਿੱਚ ਇੱਕ ਹੋਰ ਧਮਾਕਾ ਹੋ ਗਿਆ। ਜਦੋਂ ਲੋਕ ਇਸ ਹਾਦਸੇ ਨੂੰ ਦੇਖਣ ਆਏ, ਉਹ ਵੀ ਅੱਗ ਦੀ ਲਪੇਟ ਵਿੱਚ ਆ ਗਏ ਅਤੇ ਸੜ ਗਏ।
ਜ਼ਖਮੀਆਂ ਵਿੱਚ ਛੋਟੇ ਬੱਚੇ ਵੀ ਸ਼ਾਮਲ ਹਨ। ਹਾਦਸੇ ਦੇ ਦੌਰਾਨ, ਜ਼ਖਮੀਆਂ ਨੂੰ ਐਂਬੂਲੈਂਸ ਦੀ ਸਹਾਇਤਾ ਨਹੀਂ ਮਿਲੀ, ਜਿਸ ਕਾਰਨ ਸਥਾਨਕ ਲੋਕਾਂ ਨੇ ਆਪਣੇ ਸਾਈਕਲ ‘ਤੇ ਜ਼ਿਲ੍ਹਾ ਹਸਪਤਾਲ ਪਹੁੰਚਾਇਆ। ਮੌਕੇ ‘ਤੇ ਬਚਾਅ ਕਾਰਜ ਜਾਰੀ ਹੈ ਅਤੇ ਜ਼ਿਲ੍ਹਾ ਕੁਲੈਕਟਰ ਅਤੇ ਪੁਲਿਸ ਸੁਪਰਡੈਂਟ ਵੀ ਮੌਕੇ ‘ਤੇ ਪਹੁੰਚ ਗਏ ਹਨ। ਫੈਕਟਰੀ ਵਿੱਚ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।