ਪੰਜਾਬ : ਪੰਜਾਬ-ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਪਿਛਲੇ ਇਕ ਸਾਲ ਤੋਂ ਕਿਸਾਨਾਂ ਦਾ ਵਿਰੋਧ ਪ੍ਰਦਰਸ਼ਨ ਚੱਲ ਰਿਹਾ ਹੈ। ਕੇਂਦਰ ਅਤੇ ਕਿਸਾਨਾਂ ਵਿਚਾਲੇ ਪੰਜਵੇਂ ਦੌਰ ਦੀ ਮੀਟਿੰਗ ਅੱਜ ਚੰਡੀਗੜ੍ਹ ਵਿੱਚ ਹੋਵੇਗੀ। ਇਸ ਬੈਠਕ ‘ਚ 28 ਕਿਸਾਨ ਆਗੂ ਹਿੱਸਾ ਲੈਣਗੇ। ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਤੋਂ ਜਗਜੀਤ ਸਿੰਘ ਡੱਲੇਵਾਲ ਅਤੇ ਕਿਸਾਨ ਮਜ਼ਦੂਰ ਮੋਰਚਾ ਤੋਂ ਸਰਵਣ ਸਿੰਘ ਪੰਧੇਰ ਇਸ ਮੁਹਿੰਮ ਦੀ ਅਗਵਾਈ ਕਰਨਗੇ। ਕਿਸਾਨ ਫਸਲਾਂ ਲਈ ਘੱਟੋ ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਰੰਟੀ ਦੀ ਮੰਗ ਕਰ ਰਹੇ ਹਨ।
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਪਿਛਲੇ 81 ਦਿਨਾਂ ਤੋਂ ਭੁੱਖ ਹੜਤਾਲ ‘ਤੇ ਹਨ। ਇੱਥੇ ਦੱਸ ਦੇਈਏ ਕਿ ਸਵੇਰੇ 11 ਵਜੇ ਕਿਸਾਨਾਂ ਦਾ ਜਥਾ ਖਨੌਰੀ ਬਾਰਡਰ ਤੋਂ ਚੰਡੀਗੜ੍ਹ ਲਈ ਰਵਾਨਾ ਹੋਵੇਗਾ। ਕੇਂਦਰ ਨੇ ਅਜੇ ਇਹ ਖੁਲਾਸਾ ਨਹੀਂ ਕੀਤਾ ਹੈ ਕਿ ਮੀਟਿੰਗ ਵਿੱਚ ਕੌਣ ਸ਼ਾਮਲ ਹੋਵੇਗਾ। ਇਹ ਮੀਟਿੰਗ ਚੰਡੀਗੜ੍ਹ ਦੇ ਸੈਕਟਰ 26 ਸਥਿਤ ਮੈਗਸੀਪਾ ਦਫ਼ਤਰ ਵਿਖੇ ਸ਼ਾਮ 5.30 ਵਜੇ ਹੋਵੇਗੀ। ਸਰਵਣ ਪੰਧੇਰ ਨੇ ਚਿਤਾਵਨੀ ਦਿੱਤੀ ਕਿ ਜੇਕਰ ਮੀਟਿੰਗ ਵਿੱਚ ਕੋਈ ਹੱਲ ਨਾ ਨਿਕਲਿਆ ਤਾਂ ਕਿਸਾਨ ਦਿੱਲੀ ਵੱਲ ਮਾਰਚ ਕਰਨਗੇ।