ਰਾਜਪੁਰਾ : ਕਿਸਾਨ ਮਜ਼ਦੂਰ ਜੱਥੇਬੰਦੀਆਂ ਵੱਲੋਂ ਸ਼ੰਭੂ ਬਾਰਡਰ ਮੋਰਚੇ (The Shambhu Border) ‘ਤੇ ਅੱਜ ਯਾਨੀ 21 ਫਰਵਰੀ ਨੂੰ ਸ਼ਹੀਦ ਸ਼ੁਭਕਰਨ ਸਿੰਘ (Shaheed Shubkaran Singh) ਦੀ ਪਹਿਲੀ ਬਰਸੀ ਮਨਾਈ ਜਾ ਰਹੀ ਹੈ। ਇਸ ਮੌਕੇ ‘ਤੇ ਕਰਵਾਏ ਜਾਣ ਵਾਲੇ ਸਮਾਰੋਹ ਵਿੱਚ ਸ਼ਾਮਲ ਹੋਣ ਦੇ ਲਈ ਵੱਡੀ ਗਿਣਤੀ ਵਿੱਚ ਕਿਸਾਨ ਅਤੇ ਮਜ਼ਦੂਰ ਪਹੁੰਚ ਰਹੇ ਹਨ।
ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਗੱਲਬਾਤ ਕਰਦਿਆਂ ਇਹ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਹੱਕੀ ਮੰਗਾਂ ਦੀ ਪੂਰਤੀ ਲਈ ਸੰਘਰਸ਼ ਦੌਰਾਨ ਕੇਂਦਰ ਸਰਕਾਰ ਦੇ ਇਸ਼ਾਰੇ ‘ਤੇ ਅਤੇ ਹਰਿਆਣਾ ਸਰਕਾਰ ਦੇ ਹੁਕਮਾਂ ‘ਤੇ 22 ਸਾਲਾ ਨੌਜਵਾਨ ਕਿਸਾਨ ਸ਼ੁਭਕਰਨ 21 ਫਰਵਰੀ, 2024 ਨੂੰ ਦਿੱਲੀ ਪਹੁੰਚਣ ਦੀ ਕੋਸ਼ਿਸ਼ ਕਰਦਿਆਂ ਕਥਿਤ ਤੌਰ ‘ਤੇ ਹਰਿਆਣਾ ਪੁਲਿਸ ਵੱਲੋਂ ਸ਼ਹੀਦ ਹੋ ਗਿਆ ਸੀ। ਇਸ ਨਾਲ ਮੋਦੀ ਸਰਕਾਰ ਦਾ ਕਿਸਾਨ ਵਿਰੋਧੀ, ਮਜ਼ਦੂਰ ਵਿਰੋਧੀ ਅਤੇ ਜ਼ਾਲਮ ਚਿਹਰਾ ਨੰਗਾ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਸ਼ੁਭਕਰਨ ਅਤੇ 40 ਤੋਂ ਵੱਧ ਸ਼ਹੀਦਾਂ ਦੀਆਂ ਕੁਰਬਾਨੀਆਂ ਕਦੇ ਵੀ ਵਿਅਰਥ ਨਹੀਂ ਜਾਣਗੀਆਂ ਅਤੇ ਕਿਸਾਨਾਂ ਅਤੇ ਮਜ਼ਦੂਰਾਂ ਦੀ ਕਿਸਮਤ ਬਦਲਣ ਲਈ ਕੰਮ ਕਰਨਗੀਆਂ।