ਚੰਡੀਗੜ੍ਹ : ਪੰਜਾਬ ਵਿੱਚ ਸਿੱਖਿਆ ਖੇਤਰ ਨੂੰ ਹੁਲਾਰਾ ਦੇਣ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਦੀ ਅਗਵਾਈ ਵਾਲੀ ਪੰਜਾਬ ਸਰਕਾਰ (The Punjab Government) ਛੇਤੀ ਹੀ ਸੂਬੇ ਦੇ 3381 ਐਲੀਮੈਂਟਰੀ ਅਧਿਆਪਕਾਂ (ਈ.ਟੀ.ਟੀ.) ਨੂੰ ਰੈਗੂਲਰ ਨਿਯੁਕਤੀ ਪੱਤਰ ਜਾਰੀ ਕਰੇਗੀ। ਇਹ ਫ਼ੈਸਲਾ ਅੱਜ ਇੱਥੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰੀ ਰਿਹਾਇਸ਼ ‘ਤੇ ਹੋਈ ਮੀਟਿੰਗ ਦੌਰਾਨ ਲਿਆ ਗਿਆ, ਜਿਸ ਦੀ ਪ੍ਰਧਾਨਗੀ ਖੁਦ ਮੁੱਖ ਮੰਤਰੀ ਨੇ ਕੀਤੀ।
ਇੱਥੇ ਸਿੱਖਿਆ ਵਿਭਾਗ ਦੀ ਸਮੀਖਿਆ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਹ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ 3381 ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਪ੍ਰਕਿਿਰਆ ਪੂਰੀ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਇਹ ਭਰਤੀ 951 ਅਤੇ 2430 ਅਧਿਆਪਕਾਂ ਦੇ ਦੋ ਬੈਚਾਂ ਵਿੱਚ ਮੁਕੰਮਲ ਕੀਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਅਧਿਆਪਕਾਂ ਨੂੰ ਜਲਦੀ ਹੀ ਨਿਯੁਕਤੀ ਪੱਤਰ ਦਿੱਤੇ ਜਾਣਗੇ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਇ ਤਿਹਾਸ ਵਿੱਚ ਪਹਿਲੀ ਵਾਰ ਕਿਸੇ ਸਰਕਾਰ ਨੇ ਸੱਤਾ ਵਿੱਚ ਆਉਣ ਦੇ 35 ਮਹੀਨਿਆਂ ਦੇ ਅੰਦਰ ਰਿਕਾਰਡ 50,892 ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿੱਚੋਂ 11,000 ਤੋਂ ਵੱਧ ਨੌਕਰੀਆਂ ਇਕੱਲੇ ਸਿੱਖਿਆ ਵਿਭਾਗ ਵਿੱਚ ਦਿੱਤੀਆਂ ਗਈਆਂ ਹਨ, ਜਿਸ ਨੂੰ ਸੂਬਾ ਸਰਕਾਰ ਦੀ ਤਰਜੀਹ ਵਾਲਾ ਖੇਤਰ ਮੰਨਿਆ ਜਾਂਦਾ ਹੈ।
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ ਕਿ ਸਾਰੀਆਂ ਨੌਕਰੀਆਂ ਬਿਨਾਂ ਕਿਸੇ ਭ੍ਰਿਸ਼ਟਾਚਾਰ ਜਾਂ ਸਿਫਾਰਸ਼ ਦੇ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ‘ਤੇ ਦਿੱਤੀਆਂ ਗਈਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸਿਹਤ, ਸਿੱਖਿਆ, ਬਿਜਲੀ, ਰੁਜ਼ਗਾਰ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਵੱਲ ਵਿਸ਼ੇਸ਼ ਧਿਆਨ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਇਨ੍ਹਾਂ ਪ੍ਰਮੁੱਖ ਜਨਤਕ ਖੇਤਰਾਂ ਨੂੰ ਉਚਿਤ ਹੁਲਾਰਾ ਦੇਣ ਨੂੰ ਯਕੀਨੀ ਬਣਾਉਣ ਲਈ ਇੱਕ ਵਿਆਪਕ ਯੋਜਨਾ ਤਿਆਰ ਕੀਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਉਮੀਦ ਜਤਾਈ ਕਿ ਇਹ ਨੌਕਰੀਆਂ ਇਕ ਪਾਸੇ ਸਕੂਲਾਂ ਵਿਚ ਮਿਆਰੀ ਸਿੱਖਿਆ ਪ੍ਰਦਾਨ ਕਰਕੇ ਸਿੱਖਿਆ ਖੇਤਰ ਨੂੰ ਮਜ਼ਬੂਤ ਕਰਨਗੀਆਂ ਅਤੇ ਦੂਜੇ ਪਾਸੇ ਨੌਜਵਾਨਾਂ ਨੂੰ ਪੱਕੇ ਰੁਜ਼ਗਾਰ ਦੇ ਕੇ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿਚ ਸਰਗਰਮ ਭਾਈਵਾਲ ਬਣਾਉਣਗੀਆਂ। ਇਸ ਮੌਕੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਸਿੱਖਿਆ ਸਕੱਤਰ ਕੇ.ਕੇ. ਯਾਦਵ ਅਤੇ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ।