ਨਵੀਂ ਦਿੱਲੀ: ਨੌਕਰੀ ਲਈ ਜ਼ਮੀਨ ਦੇਣ ਦੇ ਮਾਮਲੇ ‘ਚ ਦਿੱਲੀ ਦੀ ਇਕ ਅਦਾਲਤ ਤੋਂ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਲਾਲੂ ਪ੍ਰਸਾਦ ਯਾਦਵ (Former Chief Minister Lalu Prasad Yadav) ਨੂੰ ਝਟਕਾ ਲੱਗਾ ਹੈ । ਰਾਊਜ਼ ਐਵੇਨਿਊ ਕੋਰਟ (Rouse Avenue Court) ਨੇ ਲਾਲੂ ਪ੍ਰਸਾਦ ਯਾਦਵ, ਤੇਜਸਵੀ ਅਤੇ ਹੋਰ ਮੁਲਜ਼ਮਾਂ ਨੂੰ ਤਲਬ ਕੀਤਾ ਹੈ। ਸਾਰੇ ਨਾਮਜ਼ਦ ਮੁਲਜ਼ਮਾਂ ਨੂੰ 11 ਮਾਰਚ ਨੂੰ ਪੇਸ਼ ਹੋਣ ਦਾ ਆਦੇਸ਼ ਦਿੱਤਾ ਗਿਆ ਹੈ। ਵਿਸ਼ੇਸ਼ ਸੀ.ਬੀ.ਆਈ. ਜੱਜ ਵਿਸ਼ਾਲ ਗੋਗਨੇ ਨੇ ਕੇਂਦਰੀ ਜਾਂਚ ਬਿਊਰੋ ਵੱਲੋਂ ਦਾਇਰ ਚਾਰਜਸ਼ੀਟ ਦਾ ਨੋਟਿਸ ਲੈਣ ਤੋਂ ਬਾਅਦ ਇਹ ਆਦੇਸ਼ ਦਿੱਤਾ।
ਸੀ.ਬੀ.ਆਈ. ਨੇ ਇਸ ਮਾਮਲੇ ਵਿੱਚ 30 ਸਰਕਾਰੀ ਕਰਮਚਾਰੀਆਂ ਸਮੇਤ ਕੁੱਲ 78 ਲੋਕਾਂ ਨੂੰ ਨਾਮਜ਼ਦ ਕੀਤਾ ਹੈ। ਭੋਲਾ ਯਾਦਵ ਅਤੇ ਪ੍ਰੇਮ ਚੰਦ ਗੁਪਤਾ ਨੂੰ ਤਲਬ ਕੀਤਾ ਗਿਆ ਹੈ। ਅਦਾਲਤ ਨੇ ਕਿਹਾ ਕਿ ਦੋਸ਼ ਹੈ ਕਿ ਪ੍ਰੇਮ ਚੰਦ ਗੁਪਤਾ ਲਾਲੂ ਯਾਦਵ ਦੇ ਸਹਿਯੋਗੀ ਵਜੋਂ ਕੰਮ ਕਰਦਾ ਸੀ।
‘ਕੀ ਹੈ ਜ਼ਮੀਨ ਲਈ ਨੌਕਰੀ’ ਘੁਟਾਲਾ ?
ਇਹ ਮਾਮਲਾ ਪੱਛਮੀ-ਮੱਧ ਰੇਲਵੇ ਦੇ ਜਬਲਪੁਰ ਜ਼ੋਨ ਵਿੱਚ 2004 ਤੋਂ 2009 ਦਰਮਿਆਨ ਗਰੁੱਪ-ਡੀ ਦੇ ਅਹੁਦਿਆਂ ‘ਤੇ ਨਿਯੁਕਤੀਆਂ ਨਾਲ ਸਬੰਧਤ ਹੈ। ਦੋਸ਼ ਹੈ ਕਿ ਲਾਲੂ ਪ੍ਰਸਾਦ ਯਾਦਵ ਦੇ ਰੇਲ ਮੰਤਰੀ ਦੇ ਕਾਰਜਕਾਲ ਦੌਰਾਨ ਉਮੀਦਵਾਰਾਂ ਨੂੰ ਉਨ੍ਹਾਂ ਦੇ ਪਰਿਵਾਰ ਜਾਂ ਸਹਿਯੋਗੀਆਂ ਦੇ ਨਾਮ ‘ਤੇ ਜ਼ਮੀਨ ਟ੍ਰਾਂਸਫਰ ਕਰਨ ਲਈ ਮਜਬੂਰ ਕੀਤਾ ਗਿਆ ਸੀ ਅਤੇ ਬਦਲੇ ਵਿਚ ਉਨ੍ਹਾਂ ਨੂੰ ਰੇਲਵੇ ਵਿਚ ਨੌਕਰੀ ਦਿੱਤੀ ਗਈ ਸੀ।
ਸੀ.ਬੀ.ਆਈ. ਨੇ 18 ਮਈ, 2022 ਨੂੰ ਲਾਲੂ ਪ੍ਰਸਾਦ ਯਾਦਵ, ਉਨ੍ਹਾਂ ਦੀ ਪਤਨੀ, ਦੋ ਬੇਟੀਆਂ, ਅਣਪਛਾਤੇ ਸਰਕਾਰੀ ਅਧਿਕਾਰੀਆਂ ਅਤੇ ਕੁਝ ਨਿੱਜੀ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਸੀ। ਇਸ ਮਾਮਲੇ ‘ਚ ਹੁਣ ਤੱਕ 30 ਦੋਸ਼ੀਆਂ ਖ਼ਿਲਾਫ਼ ਮੁਕੱਦਮਾ ਚਲਾਉਣ ਦੀ ਮਨਜ਼ੂਰੀ ਦਿੱਤੀ ਜਾ ਚੁੱਕੀ ਹੈ।