ਬਠਿੰਡਾ: ਪੰਜਾਬ ਸਰਕਾਰ ਨੇ ਮਾਲ ਅਧਿਕਾਰੀਆਂ ਦੀ ਹੜਤਾਲ ਨਾਲ ਨਜਿੱਠਣ ਲਈ ਵੱਡਾ ਫ਼ੈਸਲਾ ਲਿਆ ਹੈ । ਬਠਿੰਡਾ ਦੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਨੇ ਕਾਨੂੰਗੋ ਨੂੰ ਜ਼ਮੀਨ ਰਜਿਸਟਰ ਕਰਨ ਲਈ ਅਧਿਕਾਰਤ ਕੀਤਾ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਤਹਿਸੀਲਦਾਰ ਦਫ਼ਤਰ ਵਿੱਚ ਲੋਕਾਂ ਨੂੰ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਕਾਨੂੰਗੋ ਨੂੰ ਜ਼ਮੀਨ ਰਜਿਸਟਰ ਕਰਨ ਦਾ ਅਧਿਕਾਰ ਦੇਣ ਲਈ ਇੱਕ ਪੱਤਰ ਜਾਰੀ ਕੀਤਾ ਗਿਆ ਹੈ।
ਪੰਜਾਬ ਸਰਕਾਰ ਨੇ ਇੱਕ ਕਾਨੂੰਗੋ ਨੂੰ ਸਬ-ਰਜਿਸਟਰਾਰ ਦਾ ਚਾਰਜ ਦੇ ਕੇ ਬਠਿੰਡਾ ਤਹਿਸੀਲ ਵਿੱਚ ਰਜਿਸਟਰੀਆਂ ਕਰਨ ਦਾ ਅਧਿਕਾਰ ਦਿੱਤਾ ਹੈ। ਡੀ.ਸੀ ਬਠਿੰਡਾ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਸਦਰ ਕਾਨੂੰਗੋ ਨੂੰ ਅੱਜ ਇੱਕ ਦਿਨ ਲਈ ਸਬ-ਰਜਿਸਟਰਾਰ ਦਾ ਚਾਰਜ ਦਿੱਤਾ ਗਿਆ ਅਤੇ ਉਨ੍ਹਾਂ ਨੇ ਅੱਜ ਰਜਿਸਟਰੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਮਾਲ ਅਧਿਕਾਰੀਆਂ ਦੀ ਹੜਤਾਲ ਜਾਰੀ ਰਹੀ ਤਾਂ ਉਕਤ ਨਿਯੁਕਤੀ ਦੀ ਮਿਆਦ ਵਧਾ ਦਿੱਤੀ ਜਾਵੇਗੀ। ਦੂਜੇ ਪਾਸੇ ਪੰਜਾਬ ਰੈਵੇਨਿਊ ਆਫੀਸਰਜ਼ ਐਸੋਸੀਏਸ਼ਨ ਨੇ ਸ਼ੁੱਕਰਵਾਰ ਤੱਕ ਸਾਰੀਆਂ ਤਹਿਸੀਲਾਂ ਵਿੱਚ ਰਜਿਸਟ੍ਰੇਸ਼ਨ ਦਾ ਕੰਮ ਨਾ ਕਰਨ ਦਾ ਫ਼ੈੈਸਲਾ ਕੀਤਾ ਹੈ। ਇਸ ਦੌਰਾਨ ਸਰਕਾਰ ਨੇ ਵੀ ਐਸੋਸੀਏਸ਼ਨ ਨੂੰ ਗੱਲਬਾਤ ਲਈ ਸੱਦਾ ਦਿੱਤਾ ਹੈ।
ਦੱਸ ਦੇਈਏ ਕਿ ਪੰਜਾਬ ਭਰ ਦੇ ਮਾਲ ਅਧਿਕਾਰੀਆਂ ਵੱਲੋਂ ਹੜਤਾਲ ਦਾ ਐਲਾਨ ਕੀਤਾ ਗਿਆ ਹੈ। ਇਸ ਕਾਰਨ ਤਹਿਸੀਲਾਂ ‘ਚ ਕੰਮ ਕਾਜ ਠੱਪ ਹੋ ਗਿਆ ਹੈ ਅਤੇ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੌਰਾਨ ਲੁਧਿਆਣਾ ‘ਚ ਮਾਲ ਅਧਿਕਾਰੀਆਂ ਦੀ ਬੈਠਕ ਤੋਂ ਬਾਅਦ ਵੱਡਾ ਫ਼ੈਸਲਾ ਲਿਆ ਗਿਆ ਹੈ। ਐਸੋਸੀਏਸ਼ਨ ਨੇ ਐਲਾਨ ਕੀਤਾ ਹੈ ਕਿ ਸ਼ੁੱਕਰਵਾਰ ਨੂੰ ਪੰਜਾਬ ਵਿੱਚ ਕੋਈ ਟੈਕਸ ਰਜਿਸਟ੍ਰੇਸ਼ਨ ਨਹੀਂ ਹੋਵੇਗੀ। ਅਗਲਾ ਫ਼ੈੈਸਲਾ ਸਰਕਾਰ ਨਾਲ ਮੀਟਿੰਗ ਤੋਂ ਬਾਅਦ ਲਿਆ ਜਾਵੇਗਾ।
ਇਸ ਦੌਰਾਨ ਤਹਿਸੀਲਾਂ ‘ਚ ਆਏ ਲੋਕ ਪਰੇਸ਼ਾਨ ਹੋ ਰਹੇ ਹਨ ਅਤੇ ਬਿਨਾਂ ਕੰਮ ਕਰਵਾਏ ਵਾਪਸ ਪਰਤ ਰਹੇ ਹਨ। ਤਹਿਸੀਲਾਂ ਵਿੱਚ ਕੋਈ ਰਜਿਸਟਰੀ ਅਤੇ ਇਨਕਿੰਗ ਦਾ ਕੰਮ ਨਹੀਂ ਕੀਤਾ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਵਿਜੀਲੈਂਸ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਤਹਿਸੀਲਦਾਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ, ਜਿਸ ਕਾਰਨ ਪੰਜਾਬ ਭਰ ਦੇ ਮਾਲ ਅਧਿਕਾਰੀਆਂ ਨੇ ਹੜਤਾਲ ਦਾ ਐਲਾਨ ਕੀਤਾ ਸੀ। ਉਨ੍ਹਾਂ ਕਿਹਾ ਕਿ ਜਦੋਂ ਤੱਕ ਤਹਿਸੀਲਦਾਰ ਜਗਸੀਰ ਸਿੰਘ, ਰਜਿਸਟਰੀ ਕਲਰਕ ਗੋਪਾਲ ਕ੍ਰਿਸ਼ਨ ਅਤੇ ਹੋਰ ਸਰਕਾਰੀ ਕਰਮਚਾਰੀਆਂ ਵਿਰੁੱਧ ਕੇਸ ਰੱਦ ਨਹੀਂ ਕੀਤਾ ਜਾਂਦਾ, ਉਦੋਂ ਤੱਕ ਹੜਤਾਲ ਜਾਰੀ ਰਹੇਗੀ।