ਮੱਧ ਪ੍ਰਦੇਸ਼ : ਮੱਧ ਪ੍ਰਦੇਸ਼ ਦੇ ਸੀਧੀ ਜ਼ਿਲ੍ਹੇ ਵਿੱਚ ਇੱਕ ਵੱਡਾ ਸੜਕ ਹਾਦਸਾ ਵਾਪਰਿਆ। ਇਹ ਹਾਦਸਾ ਰਾਸ਼ਟਰੀ ਰਾਜਮਾਰਗ 39 ‘ਤੇ ਉਪਨੀ ਪਿੰਡ ਨੇੜੇ ਉਸ ਸਮੇਂ ਵਾਪਰਿਆ ਜਦੋਂ ਇਕ ਟਰੱਕ ਅਤੇ ਮਿੰਨੀ ਬੱਸ ਵਿਚਾਲੇ ਟੱਕਰ ਹੋ ਗਈ। ਇਸ ਦੁਖਦਾਈ ਹਾਦਸੇ ਵਿੱਚ 8 ਲੋਕਾਂ ਦੀ ਮੌਤ ਹੋ ਗਈ ਅਤੇ 13 ਲੋਕ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਜ਼ਖਮੀਆਂ ਦਾ ਇਲਾਜ ਸੀਧੀ ਜ਼ਿਲ੍ਹਾ ਹਸਪਤਾਲ ਅਤੇ ਸੰਜੇ ਗਾਂਧੀ ਹਸਪਤਾਲ ਰੀਵਾ ਵਿਖੇ ਕੀਤਾ ਜਾ ਰਿਹਾ ਹੈ।
ਕਿਵੇਂ ਵਾਪਰਿਆ ਹਾਦਸਾ?
ਇਹ ਘਟਨਾ 9 ਮਾਰਚ ਨੂੰ ਤੜਕੇ ਕਰੀਬ 2.30 ਵਜੇ ਵਾਪਰੀ। ਇਕ ਮਿੰਨੀ ਬੱਸ ਯਾਤਰੀਆਂ ਨੂੰ ਲੈ ਕੇ ਮੁੰਡਨ ਰਸਮਾਂ ਲਈ ਮੈਹਰ (ਸਤਨਾ) ਜਾ ਰਹੀ ਸੀ। ਰਸਤੇ ‘ਚ ਤੇਜ਼ ਰਫ਼ਤਾਰ ਨਾਲ ਆ ਰਹੇ ਟਰੱਕ ਨੇ ਸਾਹਮਣੇ ਤੋਂ ਟੱਕਰ ਮਾਰ ਦਿੱਤੀ। ਬੱਸ ‘ਚ 21 ਲੋਕ ਸਵਾਰ ਸਨ, ਜਿਨ੍ਹਾਂ ‘ਚੋਂ 8 ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕਾਂ ‘ਚ 5 ਔਰਤਾਂ ਅਤੇ 3 ਪੁਰਸ਼ ਸ਼ਾਮਲ ਹਨ।
ਹਾਦਸੇ ਤੋਂ ਬਾਅਦ ਬਚਾਅ ਕਾਰਜ
ਘਟਨਾ ਦੀ ਸੂਚਨਾ ਮਿਲਦੇ ਹੀ ਕੋਤਵਾਲੀ ਪੁਲਿਸ ਅਤੇ ਬਚਾਅ ਟੀਮਾਂ ਮੌਕੇ ‘ਤੇ ਪਹੁੰਚ ਗਈਆਂ। ਜ਼ਖਮੀਆਂ ਨੂੰ ਤੁਰੰਤ ਜ਼ਿਲ੍ਹਾ ਹਸਪਤਾਲ ਲਿਜਾਇਆ ਗਿਆ ਪਰ ਹਾਲਤ ਗੰਭੀਰ ਹੋਣ ਕਾਰਨ ਕੁਝ ਲੋਕਾਂ ਨੂੰ ਰੀਵਾ ਮੈਡੀਕਲ ਕਾਲਜ ਰੈਫਰ ਕਰ ਦਿੱਤਾ ਗਿਆ। ਮ੍ਰਿਤਕਾਂ ਦੀਆਂ ਲਾਸ਼ਾਂ ਪੋਸਟਮਾਰਟਮ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀਆਂ ਗਈਆਂ ਹਨ।
ਕੀ ਸੀ ਹਾਦਸੇ ਦਾ ਕਾਰਨ ?
ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਤੇਜ਼ ਰਫ਼ਤਾਰ ਅਤੇ ਲਾਪਰਵਾਹੀ ਕਾਰਨ ਇਹ ਹਾਦਸਾ ਵਾਪਰਿਆ। ਪੁਲਿਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ ਅਤੇ ਹਾਦਸੇ ਦੇ ਸਹੀ ਕਾਰਨਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ।
ਸਥਾਨਕ ਪ੍ਰਸ਼ਾਸਨ ਨੇ ਦਿੱਤੇ ਹਨ ਮਾਮਲੇ ਦੀ ਜਾਂਚ ਦੇ ਆਦੇਸ਼
ਇਸ ਗੰਭੀਰ ਹਾਦਸੇ ਦੇ ਮੱਦੇਨਜ਼ਰ ਪ੍ਰਸ਼ਾਸਨ ਨੇ ਜਾਂਚ ਦੇ ਆਦੇਸ਼ ਜਾਰੀ ਕੀਤੇ ਹਨ। ਪੁਲਿਸ ਨੇ ਟਰੱਕ ਅਤੇ ਬੱਸ ਦੇ ਡਰਾਈਵਰ ਦੀ ਜ਼ਿੰਮੇਵਾਰੀ ਅਤੇ ਗਲਤੀ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।