Home ਪੰਜਾਬ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਆਪਣੀ ਪਤਨੀ ਨਾਲ ਨਤਮਸਤਕ ਹੋਏ ਸੀ.ਐਮ ਭਗਵੰਤ ਮਾਨ

ਸ੍ਰੀ ਕੇਸਗੜ੍ਹ ਸਾਹਿਬ ਵਿਖੇ ਆਪਣੀ ਪਤਨੀ ਨਾਲ ਨਤਮਸਤਕ ਹੋਏ ਸੀ.ਐਮ ਭਗਵੰਤ ਮਾਨ

0

ਪੰਜਾਬ : ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ‘ਤੇ ਖਾਲਸਾ ਪੰਥ ਦਾ ਤਿਉਹਾਰ ਹੋਲਾ-ਮਹੱਲਾ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਪਵਿੱਤਰ ਤਿਉਹਾਰ ਦੇ ਦੂਜੇ ਪੜਾਅ ਦੀ ਸ਼ੁਰੂਆਤ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼ੁਰੂ ਹੋ ਚੁੱਕੀ ਹੈ। ਹੋਲਾ-ਮਹੱਲਾ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਤਨੀ ਡਾ. ਗੁਰਪ੍ਰੀਤ ਕੌਰ ਸਮੇਤ ਤਖ਼ਤ ਸ੍ਰੀ ਕੇਸਗੜ ਸਾਹਿਬ ਨਤਮਸਤਕ ਹੋਣ ਲਈ ਪਹੁੰਚੇ। ਜਿੱਥੇ ਉਨ੍ਹਾਂ ਗੁਰਦੁਆਰਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਮੂਹ ਸੰਗਤ ਨੂੰ ਹੋਲਾ-ਮਹੱਲਾ ਦੀ ਵਧਾਈ ਦਿੱਤੀ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਹਰਦੀਪ ਸਿੰਘ ਮੁੰਡੀਆਂ ਅਤੇ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਾਇਕ ਹਰਜੋਤ ਸਿੰਘ ਬੈਂਸ ਵੀ ਮੌਜੂਦ ਰਹੇ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਹੋਲਾ-ਮਹੱਲਾ ਇਕ ਧਰਮ ਜਾਂ ਇਕ ਬਿਰਾਦਰੀ ਦੇ ਲੋਕਾਂ ਦਾ ਤਿਉਹਾਰ ਨਹੀਂ ਸਗੋਂ ਸਮੁੱਚੀ ਮਾਨਵਤਾ ਦਾ ਤਿਉਹਾਰ ਹੈ ਅਤੇ ਅੱਜ ਦੇਸ਼ ਅਤੇ ਦੁਨੀਆ ਤੋਂ ਲੱਖਾਂ ਦੀ ਗਿਣਤੀ ’ਚ ਸੰਗਤ ਗੁਰੂ ਚਰਨਾਂ ਵਿੱਚ ਮੱਥਾ ਟੇਕ ਰਹੀ ਹੈ। ਨਵੇਂ ਜਥੇਦਾਰ ਦੀ ਨਿਯੁਕਤੀ ਬਾਰੇ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਹ ਧਾਰਮਿਕ ਮੁੱਦਾ ਹੈ ਅਤੇ ਅੱਜ ਹੋਲੇ-ਮਹੱਲੇ ਦੇ ਪਾਵਨ ਦਿਹਾੜੇ ’ਤੇ ਉਹ ਇਸ ਸਬੰਧੀ ਕੁਝ ਨਹੀਂ ਕਹਿਣਾ ਚਾਹੁੰਦੇ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਦੀ ਤਰੱਕੀ ਅਤੇ ਇਥੋਂ ਦੇ ਬੁਨਿਆਦੀ ਢਾਂਚੇ ਨੂੰ ਵਧਾਉਣ ਦੀ ਜ਼ਿੰਮੇਵਾਰੀ ਸੂਬਾ ਸਰਕਾਰ ਦੀ ਹੈ ਅਤੇ ਜਲਦ ਕੋਈ ਮਲਟੀ ਸਪੈਸ਼ਲਿਟੀ ਹਸਪਤਾਲ ਜਾਂ ਇਸ ਇਲਾਕੇ ਲਈ ਲੋੜੀਂਦੀਆਂ ਹੋਰ ਸਹੂਲਤਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾਵੇਗਾ।

Exit mobile version