ਨਵੀਂ ਦਿੱਲੀ : ਦੇਸ਼ ਭਰ ਵਿੱਚ ਮੌਸਮ ਵਿੱਚ ਲਗਾਤਾਰ ਬਦਲਾਅ ਹੋ ਰਿਹਾ ਹੈ। ਦਿੱਲੀ-ਐਨ.ਸੀ.ਆਰ. ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਵਿੱਚ 15 ਮਾਰਚ ਨੂੰ ਪਏ ਮੀਂਹ ਪੈਣ ਨਾਲ ਕਾਰਨ ਤਾਪਮਾਨ ਵਿੱਚ ਗਿਰਾਵਟ ਆਈ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ । ਮੌਸਮ ਵਿਭਾਗ ਮੁਤਾਬਕ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਅਤੇ ਦੇਸ਼ ਦੇ ਕਈ ਹੋਰ ਸੂਬਿਆਂ ‘ਚ ਵੀ ਬੀਤੇ ਦਿਨ ਹਲਕੀ ਬੂੰਦਾਬਾਂਦੀ ਹੋਈ, ਜਿਸ ਤੋਂ ਬਾਅਦ ਮੌਸਮ ਖੁਸ਼ਕ ਹੋ ਗਿਆ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅੱਜ ਵੀ ਰਾਸ਼ਟਰੀ ਰਾਜਧਾਨੀ ਵਿੱਚ ਹਲਕਾ ਮੀਂਹ ਪੈਣ ਦੀ ਸੰਭਾਵਨਾ ਹੈ।
ਦਿੱਲੀ ‘ਚ ਅੱਜ ਵੱਧ ਤੋਂ ਵੱਧ ਤਾਪਮਾਨ 31 ਤੋਂ 33 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 16 ਤੋਂ 18 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਤੇਜ਼ ਹਵਾਵਾਂ ਵੀ ਚੱਲਣਗੀਆਂ। ਬੀਤੇ ਦਿਨ ਦਿੱਲੀ ‘ਚ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਇਸ ਮੌਸਮ ਦੇ ਔਸਤ ਤੋਂ 4.1 ਡਿਗਰੀ ਵੱਧ ਹੈ। ਭਾਰਤੀ ਮੌਸਮ ਵਿਭਾਗ (ਆਈ.ਐੱਮ.ਡੀ.) ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਦਿੱਲੀ ‘ਚ ਸਾਲ ਦਾ ਸਭ ਤੋਂ ਗਰਮ ਦਿਨ ਦਰਜ ਕੀਤਾ ਗਿਆ ਅਤੇ ਵੱਧ ਤੋਂ ਵੱਧ ਤਾਪਮਾਨ 36.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ 7.3 ਡਿਗਰੀ ਵੱਧ ਹੈ।
ਉੱਤਰ ਪ੍ਰਦੇਸ਼ ‘ਚ ਵਧਿਆ ਤਾਪਮਾਨ
ਉੱਤਰ ਪ੍ਰਦੇਸ਼ ‘ਚ ਇਕ ਵਾਰ ਫਿਰ ਮੌਸਮ ਬਦਲ ਰਿਹਾ ਹੈ। ਰਾਜ ਦੇ ਕਈ ਜ਼ਿਲ੍ਹਿਆਂ ਵਿੱਚ ਘੱਟੋ ਘੱਟ ਅਤੇ ਵੱਧ ਤੋਂ ਵੱਧ ਤਾਪਮਾਨ ਤੇਜ਼ੀ ਨਾਲ ਵਧਿਆ ਹੈ। ਮੌਸਮ ਵਿਭਾਗ ਮੁਤਾਬਕ 16 ਮਾਰਚ ਨੂੰ ਸੂਬੇ ਦੇ 45 ਤੋਂ ਵੱਧ ਜ਼ਿਲ੍ਹਿਆਂ ‘ਚ ਮੀਂਹ ਪੈ ਸਕਦਾ ਹੈ। ਇਸ ਤੋਂ ਬਾਅਦ 17 ਮਾਰਚ ਨੂੰ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਬਿਹਾਰ ‘ਚ ਵੀ ਮਾਰਚ ਦੇ ਮਹੀਨੇ ‘ਚ ਹੀ ਗਰਮੀ ਮਹਿਸੂਸ ਹੋਣੀ ਸ਼ੁਰੂ ਹੋ ਗਈ ਹੈ। ਬੀਤੇ ਦਿਨ ਖਗੜੀਆ ‘ਚ ਸਭ ਤੋਂ ਵੱਧ ਤਾਪਮਾਨ 39.4 ਡਿਗਰੀ ਦਰਜ ਕੀਤਾ ਗਿਆ। ਕਿਸ਼ਨਗੰਜ ਨੂੰ ਛੱਡ ਕੇ ਬਾਕੀ ਜ਼ਿਲ੍ਹਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 30 ਤੋਂ 35 ਡਿਗਰੀ ਦੇ ਵਿਚਕਾਰ ਰਿਹਾ।
ਰਾਜਸਥਾਨ ‘ਚ ਮੀਂਹ ਅਤੇ ਖੁਸ਼ਕ ਮੌਸਮ
ਰਾਜਸਥਾਨ ‘ਚ ਤਾਜ਼ਾ ਪੱਛਮੀ ਗੜਬੜੀ ਸਰਗਰਮ ਹੋ ਗਈ ਹੈ, ਜਿਸ ਕਾਰਨ ਕਈ ਥਾਵਾਂ ‘ਤੇ ਹਲਕਾ ਮੀਂਹ ਪੈ ਸਕਦਾ ਹੈ। ਮੌਸਮ ਵਿਭਾਗ ਮੁਤਾਬਕ ? ਅੱਜ ਬੀਕਾਨੇਰ, ਜੈਪੁਰ ਅਤੇ ਭਰਤਪੁਰ ਡਿਵੀਜ਼ਨ ‘ਚ ਬੱਦਲ ਛਾਏ ਰਹਿ ਸਕਦੇ ਹਨ ਅਤੇ ਕੁਝ ਥਾਵਾਂ ‘ਤੇ ਹਲਕਾ ਮੀਂਹ ਪੈ ਸਕਦਾ ਹੈ। ਬਾਕੀ ਜ਼ਿਲ੍ਹੇ ਖੁਸ਼ਕ ਰਹਿਣਗੇ।
ਹੀਟ ਅਲਰਟ
ਮੌਸਮ ਵਿਭਾਗ ਨੇ ਓਡੀਸ਼ਾ, ਆਂਧਰਾ ਪ੍ਰਦੇਸ਼, ਮੱਧ ਪ੍ਰਦੇਸ਼, ਛੱਤੀਸਗੜ੍ਹ ਅਤੇ ਗੁਜਰਾਤ ਰਾਜਾਂ ਵਿੱਚ ਲੂ ਦਾ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਰਾਜਾਂ ਵਿੱਚ ਗਰਮੀ ਦੀ ਸਥਿਤੀ ਬਣੀ ਰਹਿਣ ਦੀ ਸੰਭਾਵਨਾ ਹੈ। ਉੱਤਰੀ ਕਰਨਾਟਕ ਦੇ ਆਈਨਾਪੁਰ ਹੁਬਲੀ ਪਿੰਡ ‘ਚ ਪਿਛਲੇ 24 ਘੰਟਿਆਂ ‘ਚ ਵੱਧ ਤੋਂ ਵੱਧ ਤਾਪਮਾਨ 42.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਇਸ ਸੀਜ਼ਨ ਦਾ ਹੁਣ ਤੱਕ ਦਾ ਸਭ ਤੋਂ ਵੱਧ ਤਾਪਮਾਨ ਹੈ।
ਹਿਮਾਚਲ ਪ੍ਰਦੇਸ਼ ‘ਚ ਬਰਫੀਲੇ ਤੂਫਾਨ ਦੀ ਚਿਤਾਵਨੀ
ਅਗਲੇ 24 ਘੰਟਿਆਂ ਵਿੱਚ ਹਿਮਾਚਲ ਪ੍ਰਦੇਸ਼ ਦੇ ਉੱਚੇ ਇਲਾਕਿਆਂ ਵਿੱਚ ਬਰਫੀਲੇ ਤੂਫਾਨ ਦਾ ਖਤਰਾ ਹੈ। ਮੰਗਲਵਾਰ ਤੱਕ ਰਾਜ ਵਿੱਚ ਬਰਫਬਾਰੀ ਅਤੇ ਮੀਂਹ ਪੈ ਸਕਦਾ ਹੈ। ਮੌਸਮ ਵਿਭਾਗ ਨੇ ਦੱਸਿਆ ਕਿ 26 ਫਰਵਰੀ ਤੋਂ ਲਗਾਤਾਰ ਹੋ ਰਹੀ ਬਰਫਬਾਰੀ ਕਾਰਨ ਚੰਬਾ ਜ਼ਿਲ੍ਹੇ ਦੀ ਪਾਂਗੀ ਘਾਟੀ ਦੇ ਆਦਿਵਾਸੀਆਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇੱਥੇ ਸੜਕਾਂ ਬੰਦ ਹੋਣ ਕਾਰਨ ਪਿੰਡ ਵਾਸੀਆਂ ਨੂੰ ਪਾਲਕੀ ‘ਚ ਬਿਮਾਰ ਲੋਕਾਂ ਨੂੰ ਹਸਪਤਾਲ ਲਿਜਾਣਾ ਪੈਂਦਾ ਹੈ।
ਕਸ਼ਮੀਰ ‘ਚ ਬਰਫਬਾਰੀ ਦਾ ਅਲਰਟ
ਕਸ਼ਮੀਰ ਦੇ ਕਈ ਇਲਾਕਿਆਂ ‘ਚ ਬੀਤੇ ਦਿਨ ਬਰਫਬਾਰੀ ਹੋਈ ਅਤੇ ਕੁਝ ਹਿੱਸਿਆਂ ‘ਚ ਹਲਕੀ ਤੋਂ ਦਰਮਿਆਨਾ ਮੀਂਹ ਵੀ ਦਰਜ ਕੀਤਾ ਗਿਆ। ਮੌਸਮ ਵਿਭਾਗ ਨੇ ਕਿਹਾ ਕਿ ਅਨੰਤਨਾਗ, ਕੁਲਗਾਮ, ਸ਼ੋਪੀਆਂ ਅਤੇ ਪੁਲਵਾਮਾ ਜ਼ਿਲ੍ਹਿਆਂ ਦੇ ਮੈਦਾਨੀ ਇਲਾਕਿਆਂ ‘ਚ ਬਰਫਬਾਰੀ ਹੋਈ । ਗੁਲਮਰਗ, ਸੋਨਮਰਗ ਅਤੇ ਪਹਿਲਗਾਮ ਵਰਗੇ ਸੈਰ-ਸਪਾਟਾ ਸਥਾਨਾਂ ‘ਤੇ ਵੀ ਬਰਫਬਾਰੀ ਹੋਈ। ਅੱਜ ਕਸ਼ਮੀਰ ‘ਚ ਰੁਕ-ਰੁਕ ਕੇ ਹਲਕੀ ਤੋਂ ਦਰਮਿਆਨਾ ਮੀਂਹ ਪੈ ਸਕਦਾ ਹੈ।