ਗੁਰਦਾਸਪੁਰ : ਪੰਜਾਬ ਵਿੱਚ ਸਿੱਖਿਆ ਦੇ ਮਿਆਰ ਨੂੰ ਬਣਾਈ ਰੱਖਣ ਲਈ ਸਖ਼ਤ ਰੁਖ ਅਪਣਾਉਂਦਿਆਂ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਗੁਰਦਾਸਪੁਰ ਦੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ (ਲੜਕੇ) 241251 ਵਿਖੇ 10ਵੀਂ ਜਮਾਤ ਦੀ ਬੋਰਡ ਪ੍ਰੀਖਿਆ ਦੌਰਾਨ ਨਕਲ ਕਰਵਾਉਣ ਵਾਲੇ ਸੁਪਰਡੈਂਟ ਅਤੇ ਨਿਰੀਖਕ ਨੂੰ ਮੁਅੱਤਲ ਕਰ ਦਿੱਤਾ ਹੈ। ਇਹ ਸਖ਼ਤ ਕਾਰਵਾਈ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਨਿਰਦੇਸ਼ਾਂ ‘ਤੇ ਕੀਤੀ ਗਈ ਹੈ।
ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਫਲਾਇੰਗ ਸਕੁਐਡ ਟੀਮਾਂ ਨੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਗੁਰਦਾਸਪੁਰ ਵਿਖੇ ਪ੍ਰੀਖਿਆ ਪ੍ਰੋਟੋਕੋਲ ਦੀ ਗੰਭੀਰ ਉਲੰਘਣਾ ਦਾ ਪਰਦਾਫਾਸ਼ ਕੀਤਾ ਹੈ। 17 ਮਾਰਚ ਨੂੰ ਹੋਈ 10ਵੀਂ ਜਮਾਤ ਦੀ ਅੰਗਰੇਜ਼ੀ ਦੀ ਪ੍ਰੀਖਿਆ ਦੌਰਾਨ ਫਲਾਇੰਗ ਸਕੁਐਡ ਨੇ ਦੇਖਿਆ ਕਿ ਸੁਪਰਵਾਈਜ਼ਰ ਅਧਿਆਪਕਾ ਕਿਰਨਦੀਪ ਕੌਰ ਆਪਣੇ ਮੋਬਾਈਲ ਫੋਨ ‘ਤੇ ਵਟਸਐਪ ਰਾਹੀਂ ਸਵਾਲਾਂ ਦੇ ਜਵਾਬ ਮੰਗ ਰਹੀ ਸੀ।
ਇਹ ਸਪੱਸ਼ਟ ਤੌਰ ‘ਤੇ ਪ੍ਰੀਖਿਆ ਪ੍ਰਣਾਲੀ ਦੀ ਉਲੰਘਣਾ ਸੀ ਅਤੇ ਇਹ ਪ੍ਰੀਖਿਆ ਕੇਂਦਰ ਸੁਪਰਡੈਂਟ ਅਸ਼ਵਨੀ ਕੁਮਾਰ ਦੀ ਲਾਪਰਵਾਹੀ ਕਾਰਨ ਸੰਭਵ ਹੋਇਆ, ਜਿਸ ਨੇ ਪ੍ਰੀਖਿਆ ਹਾਲ ਦੇ ਅੰਦਰ ਮੋਬਾਈਲ ਦੀ ਆਗਿਆ ਦਿੱਤੀ। ਇਸ ਮਾਮਲੇ ‘ਚ ਤੁਰੰਤ ਕਾਰਵਾਈ ਕਰਦਿਆਂ ਦੋਵਾਂ ਅਧਿਆਪਕਾਂ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ।