ਅਜਨਾਲਾ : ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ 7 ਸਾਥੀਆਂ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਪੰਜਾਬ ਲਿਆਂਦਾ ਗਿਆ ਹੈ। ਪੰਜਾਬ ਪੁਲਿਸ ਦੀ ਟੀਮ ਉਨ੍ਹਾਂ ਨੂੰ ਅਜਨਾਲਾ ਅਦਾਲਤ ਲੈ ਗਈ ਹੈ, ਜਿੱਥੇ ਉਨ੍ਹਾਂ ਨੂੰ ਪੇਸ਼ ਕੀਤਾ ਗਿਆ ਹੈ। ਅਦਾਲਤ ਨੇ ਸਾਰੇ ਮੁਲਜ਼ਮਾਂ ਨੂੰ ਚਾਰ ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ।
ਜਾਣਕਾਰੀ ਅਨੁਸਾਰ ਪੰਜਾਬ ਪੁਲਿਸ ਅੰਮ੍ਰਿਤਪਾਲ ਸਿੰਘ ਦੇ ਸਾਥੀ ਦਲਜੀਤ ਸਿੰਘ ਕਲਸੀ, ਭਗਵੰਤ ਸਿੰਘ ਉਰਫ ਪ੍ਰਧਾਨ ਮੰਤਰੀ ਬਾਜੇਕ, ਬਸੰਤ ਸਿੰਘ, ਕੁਲਵੰਤ ਸਿੰਘ, ਹਰਜੀਤ ਸਿੰਘ, ਗੁਰਿੰਦਰ ਪਾਲ ਸਿੰਘ ਅਤੇ ਗੁਰਮੀਤ ਸਿੰਘ ਨੂੰ ਅਜਨਾਲਾ ਲੈ ਕੇ ਆਈ ਹੈ। ਉਨ੍ਹਾਂ ਦੀ ਪੇਸ਼ੀ ਦੇ ਮੱਦੇਨਜ਼ਰ ਅਜਨਾਲਾ ਅਦਾਲਤ ਦੇ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ।
ਉਨ੍ਹਾਂ ਸਾਰਿਆਂ ਦੇ ਇੱਥੇ ਆਉਣ ਤੋਂ ਪਹਿਲਾਂ ਹੀ ਉਨ੍ਹਾਂ ਦੇ ਪਰਿਵਾਰ ਇੱਥੇ ਪਹੁੰਚ ਚੁੱਕੇ ਸਨ, ਪਰ ਫਿਲਹਾਲ ਕਿਸੇ ਨੂੰ ਵੀ ਉਨ੍ਹਾਂ ਦੇ ਨੇੜੇ ਜਾਣ ਦੀ ਆਗਿਆ ਨਹੀਂ ਹੈ। ਅੰਮ੍ਰਿਤਪਾਲ ਸਿੰਘ ਸਮੇਤ ਇਹ ਸਾਰੇ ਐਨ.ਐਸ.ਏ. ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਸਨ। ਉਕਤ ਦੋਸ਼ੀਆਂ ਨੇ ਫਰਵਰੀ 2023 ਵਿਚ ਅਜਨਾਲਾ ਥਾਣੇ ‘ਤੇ ਹਮਲਾ ਕੀਤਾ ਸੀ ਅਤੇ ਕਈ ਪੁਲਿਸ ਮੁਲਾਜ਼ਮ ਜ਼ਖਮੀ ਹੋ ਗਏ ਸਨ।