ਚੰਡੀਗੜ੍ਹ : ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਕਈ ਵੱਡੇ ਫ਼ੈਸਲੇ ਲਏ ਗਏ ਹਨ। ਮੰਤਰੀ ਮੰਡਲ ਦੀ ਮੀਟਿੰਗ ਵਿੱਚ ਇੱਕ ਨੀਤੀ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਮੰਤਰੀ ਮੰਡਲ ਨੇ ਵਿਚਾਰ ਅਧੀਨ ਕੈਦੀਆਂ ਨੂੰ ਇੱਕ ਰਾਜ ਤੋਂ ਦੂਜੇ ਰਾਜ ਵਿੱਚ ਤਬਦੀਲ ਕਰਨ ਲਈ ਜੇਲ੍ਹ ਤਬਾਦਲਾ ਐਕਟ-1950 ਵਿੱਚ ਸੋਧ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਹ ਪ੍ਰਕਿਰਿਆ ਉਨ੍ਹਾਂ ਰਾਜਾਂ ਦੀ ਸਹਿਮਤੀ ਨਾਲ ਕੀਤੀ ਜਾਵੇਗੀ ਜਿੱਥੇ ਵਿਚਾਰ ਅਧੀਨ ਕੈਦੀ ਇਸ ਸਮੇਂ ਬੰਦ ਹਨ ਅਤੇ ਜਿਨ੍ਹਾਂ ਰਾਜਾਂ ਵਿੱਚ ਉਨ੍ਹਾਂ ਨੂੰ ਹੇਠਲੀ ਅਦਾਲਤ ਦੀ ਮਨਜ਼ੂਰੀ ਤੋਂ ਬਾਅਦ ਤਬਦੀਲ ਕੀਤਾ ਜਾਣਾ ਹੈ। ਇਸ ਕਦਮ ਨਾਲ ਪੰਜਾਬ ਦੀਆਂ ਜੇਲ੍ਹਾਂ ਵਿੱਚ ਭੀੜ-ਭੜੱਕੇ ਦੀ ਸਥਿਤੀ ਨੂੰ ਸੁਧਾਰਨ ਵਿੱਚ ਮਦਦ ਮਿਲੇਗੀ। ਇਸ ਨੀਤੀ ਨਾਲ ਦੂਜੇ ਸੂਬਿਆਂ ਤੋਂ ਖਤਰਨਾਕ ਗੈਂਗਸਟਰਾਂ ਨੂੰ ਪੰਜਾਬ ਭੇਜਿਆ ਜਾ ਸਕਦਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਹਰਪਾਲ ਚੀਮਾ ਨੇ ਦੱਸਿਆ ਕਿ ਪੰਜਾਬੀ ਜੇਲ੍ਹਾਂ ਵਿੱਚ 31,000 ਕੈਦੀ ਬੰਦ ਹਨ। ਇਨ੍ਹਾਂ ਵਿੱਚੋਂ 11,000 ਕੈਦੀ ਐਨ.ਡੀ.ਪੀ.ਐਸ, 200 ਗੈਂਗਸਟਰ, 75 ਅੱਤਵਾਦੀ ਅਤੇ 160 ਵੱਡੇ ਤਸਕਰ ਪੰਜਾਬ ਦੀਆਂ ਜੇਲ੍ਹਾਂ ਵਿੱਚ ਬੰਦ ਹਨ। ਚੀਮਾ ਨੇ ਕਿਹਾ ਕਿ ਕਈ ਗੈਂਗਸਟਰ ਦੂਜੇ ਸੂਬਿਆਂ ਦੀਆਂ ਜੇਲ੍ਹਾਂ ‘ਚ ਲੁਕੇ ਹੋਏ ਹਨ, ਇਸ ਨਵੀਂ ਨੀਤੀ ਨਾਲ ਦੂਜੇ ਸੂਬਿਆਂ ਦੀਆਂ ਜੇਲ੍ਹਾਂ ‘ਚ ਬੰਦ ਗੈਂਗਸਟਰਾਂ ਨੂੰ ਉੱਥੇ ਲਿਆਂਦਾ ਜਾਵੇਗਾ।