ਚੰਡੀਗੜ੍ਹ: ਹੁਣ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੇ ਵਿਦਿਆਰਥੀ ਵੀ ਪ੍ਰਾਈਵੇਟ ਸਕੂਲਾਂ ‘ਚ ਦਾਖਲਾ ਲੈ ਸਕਣਗੇ। ਮੰਤਰੀ ਮੰਡਲ ਨੇ ਪੰਜਾਬ ਮੁਫ਼ਤ ਅਤੇ ਲਾਜ਼ਮੀ ਸਿੱਖਿਆ ਦਾ ਅਧਿਕਾਰ ਨਿਯਮ-2011 ਦੀ ਧਾਰਾ 7 (01) ਨੂੰ ਹਟਾਉਣ ਦੇ ਲਈ ਪੰਜਾਬ ,ਮੁਫ਼ਤ ਅਤੇ ਲਾਜ਼ਮੀ ਸਿੱਖਿਆ ਦਾ ਅਧਿਕਾਰ ਨਿਯਮ-2011 ਵਿੱਚ ਸੋਧ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ।
ਇਸ ਨਾਲ ਹੁਣ ਪ੍ਰਾਈਵੇਟ ਸਕੂਲਾਂ ਵਿੱਚ ਗਰੀਬਾਂ ਲਈ ਮਿਆਰੀ ਸਿੱਖਿਆ ਦੇ ਦਰਵਾਜ਼ੇ ਖੁੱਲ੍ਹਣਗੇ, ਜਦੋਂ ਕਿ ਇਹ ਸਿੱਖਿਆ ਪਹਿਲਾਂ ਹੀ ਸਰਕਾਰੀ ਸਕੂਲਾਂ ਵਿੱਚ ਦਿੱਤੀ ਜਾ ਰਹੀ ਹੈ। ਸਿੱਖਿਆ ਦਾ ਅਧਿਕਾਰ ਐਕਟ ਇਹ ਵਿਵਸਥਾ ਕਰਦਾ ਹੈ ਕਿ ਸਾਰੇ ਪ੍ਰਾਈਵੇਟ ਸਕੂਲਾਂ ਵਿੱਚ 25 ਪ੍ਰਤੀਸ਼ਤ ਸੀਟਾਂ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੇ ਵਿਦਿਆਰਥੀਆਂ ਲਈ ਰਾਖਵੀਆਂ ਹੋਣਗੀਆਂ।
ਹਾਲਾਂਕਿ ਪਿਛਲੀਆਂ ਸਰਕਾਰਾਂ ਵੱਲੋਂ ਬਣਾਏ ਗਏ ਨਿਯਮਾਂ ਕਾਰਨ ਵਿਦਿਆਰਥੀਆਂ ਨੂੰ ਸਿੱਧੇ ਤੌਰ ‘ਤੇ ਇਸ ਸਹੂਲਤ ਦਾ ਲਾਭ ਲੈਣ ਤੋਂ ਰੋਕਿਆ ਗਿਆ ਸੀ, ਪਰ ਪੰਜਾਬ ਸਰਕਾਰ ਦੇ ਇਸ ਇਤਿਹਾਸਕ ਫ਼ੈੈਸਲੇ ਨਾਲ ਹੁਣ ਕਮਜ਼ੋਰ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਵਿਦਿਆਰਥੀਆਂ ‘ਤੇ ਸਾਰੀਆਂ ਪਾਬੰਦੀਆਂ ਹਟਾ ਦਿੱਤੀਆਂ ਜਾਣਗੀਆਂ ਅਤੇ ਮਿਆਰੀ ਸਿੱਖਿਆ ਉਨ੍ਹਾਂ ਦੀ ਪਹੁੰਚ ਵਿੱਚ ਹੋਵੇਗੀ।
ਮੰਤਰੀ ਮੰਡਲ ਨੇ ਬਜਟ ਸੈਸ਼ਨ ਦੌਰਾਨ ਸਾਲ 2025-26 ਲਈ ਬਜਟ ਅਨੁਮਾਨ ਪੇਸ਼ ਕਰਨ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ 26 ਮਾਰਚ ਨੂੰ ਬਜਟ ਪੇਸ਼ ਕਰਨਗੇ। ਮੰਤਰੀ ਮੰਡਲ ਨੇ ਸਾਲ 2023-24 ਲਈ ਕੰਪਟਰੋਲਰ ਐਂਡ ਆਡੀਟਰ ਜਨਰਲ (ਕੈਗ) ਦੀ ਰਿਪੋਰਟ ਸਦਨ ਵਿੱਚ ਪੇਸ਼ ਕਰਨ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ।