ਅਮਰੀਕਾ : ਰਾਸ਼ਟਰਪਤੀ ਡੋਨਾਲਡ ਟਰੰਪ ਦੇ ਪ੍ਰਸ਼ਾਸਨ ਨੇ ਗੈਰ-ਕਾਨੂੰਨੀ ਪ੍ਰਵਾਸੀਆਂ ਵਿਰੁੱਧ ਵੱਡੀ ਚੇਤਾਵਨੀ ਜਾਰੀ ਕੀਤੀ ਹੈ। ਅਮਰੀਕੀ ਸਰਕਾਰ ਨੇ ਗ੍ਰੀਨ ਕਾਰਡ ਹਾਸਲ ਕਰਨ ਲਈ ਧੋਖੇ ਨਾਲ ਵਿਆਹ ਕਰਨ ਵਾਲੇ ਪ੍ਰਵਾਸੀਆਂ ‘ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਯੂ.ਐਸ ਸਿਟੀਜ਼ਨਸ਼ਿਪ ਐਂਡ ਇਮੀਗ੍ਰੇਸ਼ਨ ਸਰਵਿਿਸਜ਼ ਨੇ ਇਸ ਨੂੰ ਸੰਘੀ ਅਪਰਾਧ ਘੋਸ਼ਿਤ ਕੀਤਾ ਹੈ ਅਤੇ ਚੇਤਾਵਨੀ ਦਿੱਤੀ ਹੈ ਕਿ ਦੋਸ਼ੀ ਨੂੰ 5 ਸਾਲ ਤੱਕ ਦੀ ਕੈਦ ਹੋ ਸਕਦੀ ਹੈ।
ਅਮਰੀਕਾ ਵਿੱਚ ਨਾਗਰਿਕਤਾ ਪ੍ਰਾਪਤ ਕਰਨ ਦਾ ਇੱਕ ਆਮ ਤਰੀਕਾ ਵਿਆਹ ਕਰਨਾ ਹੈ। ਬਹੁਤ ਸਾਰੇ ਵਿਦੇਸ਼ੀ ਨਾਗਰਿਕ ਅਮਰੀਕੀ ਨਾਗਰਿਕਾਂ ਨਾਲ ਵਿਆਹ ਕਰਦੇ ਹਨ ਤਾਂ ਜੋ ਉਹ ਗ੍ਰੀਨ ਕਾਰਡ ਪ੍ਰਾਪਤ ਕਰ ਸਕਣ ਅਤੇ ਤਲਾਕ ਲੈ ਸਕਣ। ਟਰੰਪ ਪ੍ਰਸ਼ਾਸਨ ਨੇ ਹੁਣ ਅਜਿਹੇ ਲੋਕਾਂ ਖ਼ਿਲਾਫ਼ ਸਖ਼ਤ ਸਜ਼ਾ ਦਾ ਐਲਾਨ ਕੀਤਾ ਹੈ। ਜੇ ਕੋਈ ਵਿਅਕਤੀ ਅਜਿਹੀ ਧੋਖਾਧੜੀ ਕਰਦਾ ਹੈ, ਤਾਂ ਉਸ ਨੂੰ ਜੁਰਮਾਨੇ ਅਤੇ ਦੇਸ਼ ਨਿਕਾਲੇ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਅਮਰੀਕੀ ਪ੍ਰਸ਼ਾਸਨ ਨੇ ਅਮਰੀਕੀ ਵੀਜ਼ਾ ਰੱਖਣ ਵਾਲੇ ਪ੍ਰਵਾਸੀਆਂ ਲਈ ਚੇਤਾਵਨੀ ਜਾਰੀ ਕੀਤੀ ਹੈ। ਸਰਕਾਰ ਨੇ ਕਿਹਾ ਹੈ ਕਿ ਵੀਜ਼ਾ ਜਾਰੀ ਹੋਣ ਤੋਂ ਬਾਅਦ ਵੀ ਉਹ ਵੀਜ਼ਾ ਧਾਰਕਾਂ ਦੀ ਜਾਂਚ ਕਰਦੇ ਰਹਿਣਗੇ। ਜੇਕਰ ਕੋਈ ਅਮਰੀਕੀ ਇਮੀਗ੍ਰੇਸ਼ਨ ਅਤੇ ਕਾਨੂੰਨਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਦਾ ਵੀਜ਼ਾ ਰੱਦ ਕਰ ਦਿੱਤਾ ਜਾਵੇਗਾ ਅਤੇ ਉਸ ਨੂੰ ਡਿਪੋਰਟ ਕਰ ਦਿੱਤਾ ਜਾਵੇਗਾ। ਨਵੇਂ ਆਦੇਸ਼ ਦੇ ਤਹਿਤ ਜਿਨ੍ਹਾਂ ਪ੍ਰਵਾਸੀਆਂ ਨੂੰ ਪਹਿਲਾਂ ਹੀ ਵੀਜ਼ਾ ਮਿਲ ਚੁੱਕਾ ਹੈ, ਉਹ ਅਮਰੀਕੀ ਪ੍ਰਸ਼ਾਸਨ ਦੇ ਰਾਡਾਰ ‘ਤੇ ਰਹਿਣਗੇ। ਇਸ ਦੇ ਲਈ ਉਨ੍ਹਾਂ ‘ਤੇ ਲਗਾਤਾਰ ਨਜ਼ਰ ਰੱਖੀ ਜਾਵੇਗੀ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਹ ਅਮਰੀਕਾ ਦੇ ਸਾਰੇ ਇਮੀਗ੍ਰੇਸ਼ਨ ਨਿਯਮਾਂ ਅਤੇ ਕਾਨੂੰਨਾਂ ਦੀ ਪਾਲਣਾ ਕਰ ਰਹੇ ਹਨ।