ਬਠਿੰਡਾ : ਗੈਂਗਸਟਰ ਜੱਗੂ ਭਗਵਾਨਪੁਰੀਆ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਅਸਾਮ ਦੀ ਜੇਲ੍ਹ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ।
ਜਾਣਕਾਰੀ ਮੁਤਾਬਕ ਬਦਨਾਮ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਦੇਰ ਰਾਤ ਬਠਿੰਡਾ ਤੋਂ ਅਸਾਮ ਦੀ ਸਾਨੀਚਰ ਜੇਲ੍ਹ ‘ਚ ਸ਼ਿਫਟ ਕਰ ਦਿੱਤਾ ਗਿਆ ਹੈ। ਉਸ ਨੂੰ ਪਹਿਲਾਂ ਬਠਿੰਡਾ ਤੋਂ ਚੰਡੀਗੜ੍ਹ ਲਿਆਂਦਾ ਗਿਆ ਅਤੇ ਫਿਰ ਹਵਾਈ ਜਹਾਜ਼ ਰਾਹੀਂ ਅਸਾਮ ਲਿਜਾਇਆ ਗਿਆ। ਜੱਗੂ ਭਗਵਾਨਪੁਰੀਆ ਖ਼ਿਲਾਫ਼ 128 ਅਪਰਾਧਿਕ ਮਾਮਲੇ ਦਰਜ ਹਨ, ਜਿਨ੍ਹਾਂ ਵਿਚੋਂ 13 ਮਾਮਲੇ ਐਨ.ਡੀ.ਪੀ.ਐਸ ਐਕਟ ਤਹਿਤ ਹਨ। ਇਹ ਕਾਰਵਾਈ ਐਨ.ਸੀ.ਬੀ ਨੇ ਕੀਤੀ ਹੈ।
ਸੂਤਰਾਂ ਮੁਤਾਬਕ ਆਉਣ ਵਾਲੇ ਸਮੇਂ ‘ਚ ਹੋਰ ਗੈਂਗਸਟਰਾਂ ਅਤੇ ਅਪਰਾਧੀਆਂ ਨੂੰ ਵੀ ਦੂਰ-ਦੁਰਾਡੇ ਦੀਆਂ ਜੇਲ੍ਹਾਂ ‘ਚ ਸ਼ਿਫਟ ਕੀਤਾ ਜਾ ਸਕਦਾ ਹੈ। ਐਨ.ਸੀ.ਬੀ ਦੀ ਇਸ ਸਖ਼ਤ ਕਾਰਵਾਈ ਨੂੰ ਪੰਜਾਬ ਵਿੱਚ ਗੈਂਗਵਾਰ ਅਤੇ ਨਸ਼ਿਆਂ ਦੇ ਨੈੱਟਵਰਕ ਲਈ ਇੱਕ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ।