ਪੰਜਾਬ : ਪੰਜਾਬ ਦੇ ਅੰਮ੍ਰਿਤਸਰ ਕਾਊਂਟਰ ਇੰਟੈਲੀਜੈਂਸ ਨੇ ਛੇਹਰਟਾ ਦੇ ਸਰਕਾਰੀ ਹਸਪਤਾਲ ਨਰਾਇਣਗੜ੍ਹ ਦੇ ਇਲਾਕੇ ਤੋਂ ਚਾਰ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ‘ਨਾਰਕੋ-ਟੈਰਰਿਜ਼ਮ ਮਾਡਿਊਲ’ ਦਾ ਪਰਦਾਫਾਸ਼ ਕੀਤਾ ਹੈ। ਡੀ.ਜੀ.ਪੀ ਗੌਰਵ ਯਾਦਵ ਨੇ ਅੱਜ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਕੋਲੋਂ ਚਾਰ ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਮੁਲਜ਼ਮਾਂ ਦੀ ਪਛਾਣ ਨਵਜੋਤ ਸਿੰਘ ਉਰਫ ਸਾਹਿਲ ਵਾਸੀ ਤਰਨ ਤਾਰਨ ਰੋਡ, ਅੰਮ੍ਰਿਤਸਰ, ਸੁਖਵਿੰਦਰ ਸਿੰਘ ਵਾਸੀ ਤਰਨ ਤਾਰਨ ਰੋਡ, ਅੰਮ੍ਰਿਤਸਰ, ਗੁਰਪ੍ਰੀਤ ਸਿੰਘ ਵਾਸੀ ਸ਼ੇਰੋਂ, ਤਰਨ ਤਾਰਨ ਅਤੇ ਅਨਿਕੇਤ ਪੁੱਤਰ ਰਾਜਪਾਲ ਵਾਸੀ ਕ੍ਰਿਸ਼ਨਾ ਮੰਦਰ, ਨਰਾਇਣਗੜ੍ਹ, ਅੰਮ੍ਰਿਤਸਰ ਵਜੋਂ ਹੋਈ ਹੈ।
ਡੀ.ਜੀ.ਪੀ ਯਾਦਵ ਨੇ ਦੱਸਿਆ ਕਿ ਐਨ.ਡੀ.ਪੀ.ਐਸ ਐਕਟ ਤਹਿਤ ਥਾਣਾ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਐਫ.ਆਈ.ਆਰ ਦਰਜ ਕੀਤੀ ਗਈ ਹੈ। ਤਸਕਰਾਂ ਦੇ ਸੰਪਰਕਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਸੰਗਠਿਤ ਅਪਰਾਧ ਨੂੰ ਖਤਮ ਕਰਨ ਅਤੇ ਰਾਜ ਭਰ ਵਿੱਚ ਸ਼ਾਂਤੀ ਅਤੇ ਸਦਭਾਵਨਾ ਨੂੰ ਯਕੀਨੀ ਬਣਾਉਣ ਲਈ ਆਪਣੀ ਵਚਨਬੱਧਤਾ ‘ਤੇ ਦ੍ਰਿੜ ਹੈ।