ਚੰਡੀਗੜ੍ਹ : ਪੰਜਾਬ ਪੁਲਿਸ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦਰਅਸਲ, ਪੰਜਾਬ ਸਰਕਾਰ ਨੇ ਹਾਈ ਕੋਰਟ ਨੂੰ ਦੱਸਿਆ ਹੈ ਕਿ ਡੱਲੇਵਾਲ ਪੁਲਿਸ ਹਿਰਾਸਤ ਵਿੱਚ ਨਹੀਂ ਹੈ। ਪੰਜਾਬ ਸਰਕਾਰ ਨੇ ਬੀਤੇ ਦਿਨ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਦੱਸਿਆ ਕਿ ਸੰਯੁਕਤ ਕਿਸਾਨ ਮੋਰਚਾ ਦੇ ਆਗੂ ਜਗਜੀਤ ਸਿੰਘ ਡੱਲੇਵਾਲ ਪੁਲਿਸ ਹਿਰਾਸਤ ਵਿੱਚ ਨਹੀਂ ਹਨ। ਸਰਕਾਰ ਨੇ ਕਿਹਾ ਕਿ ਡੱਲੇਵਾਲ ਨੇ ਆਪਣੀ ਮਰਜ਼ੀ ਨਾਲ ਪਟਿਆਲਾ ਦੇ ਇੱਕ ਹਸਪਤਾਲ ਵਿੱਚ ਦਾਖਲ ਹੋਣ ਦੀ ਚੋਣ ਕੀਤੀ ਸੀ।
ਪੰਜਾਬ ਸਰਕਾਰ ਦੇ ਜਵਾਬ ਤੋਂ ਬਾਅਦ ਜਸਟਿਸ ਮਨੀਸ਼ਾ ਬੱਤਰਾ ਨੇ ਸੂਬਾ ਸਰਕਾਰ ਨੂੰ ਨਿਰਦੇਸ਼ ਦਿੱਤੇ ਕਿ ਉਹ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਬਿਨਾਂ ਕਿਸੇ ਪਾਬੰਦੀ ਦੇ ਹਸਪਤਾਲ ਦੇ ਕੰਪਲੈਕਸ ‘ਚ ਮਿਲਣ ਦੀ ਆਗਿਆ ਦੇਵੇ। ਸੁਣਵਾਈ ਦੌਰਾਨ ਪੰਜਾਬ ਸਰਕਾਰ ਵੱਲੋਂ ਪੇਸ਼ ਹੋਏ ਵਕੀਲ ਨੇ ਸਪੱਸ਼ਟ ਕੀਤਾ ਕਿ ਕਿਸਾਨ ਆਗੂ ਡੱਲੇਵਾਲ ਨੇ ਖੁਦ ਹਸਪਤਾਲ ਵਿੱਚ ਦਾਖਲ ਹੋਣ ਦਾ ਫ਼ੈਸਲਾ ਕੀਤਾ ਹੈ ਅਤੇ ਉਹ ਜਦੋਂ ਚਾਹੇ ਹਸਪਤਾਲ ਛੱਡ ਸਕਦੇ ਹਨ ਜਾਂ ਦਾਖਲ ਰਹਿ ਸਕਦੇ ਹਨ। ਪਰਿਵਾਰਕ ਮੈਂਬਰ ੳਨ੍ਹਾਂ ਨੂੰ ਮਿਲ ਸਕਦੇ ਹਨ ਪਰ ਇਹ ਸੁਰੱਖਿਆ ਅਧੀਨ ਹੋਵੇਗਾ। ਸੁਪਰੀਮ ਕੋਰਟ ਦੇ ਹੁਕਮਾਂ ਦਾ ਹਵਾਲਾ ਦਿੰਦੇ ਹੋਏ ਵਕੀਲ ਨੇ ਕਿਹਾ ਕਿ ਡੱਲੇਵਾਲ ਦੀ ਡਾਕਟਰੀ ਦੇਖਭਾਲ ਕਰਨਾ ਸੂਬਾ ਸਰਕਾਰ ਦੀ ਜ਼ਿੰਮੇਵਾਰੀ ਹੈ।
ਪਟੀਸ਼ਨਕਰਤਾ ਦੇ ਵਕੀਲ ਨੇ ਅਦਾਲਤ ਨੂੰ ਦੱਸਿਆ ਕਿ ਅਧਿਕਾਰੀ ਡੱਲੇਵਾਲ ਨੂੰ ੳਨ੍ਹਾਂ ਦੇ ਪਰਿਵਾਰ ਨੂੰ ਮਿਲਣ ਦੀ ਆਗਿਆ ਨਹੀਂ ਦੇ ਰਹੇ ਹਨ। ਸੁਣਵਾਈ ਦੌਰਾਨ ਪਟਿਆਲਾ ਦੇ ਐਸ.ਐਸ.ਪੀ ਨਾਨਕ ਸਿੰਘ ਨੇ ਕੇਸ ਦੀ ਸਟੇਟਸ ਰਿਪੋਰਟ ਵੀ ਪੇਸ਼ ਕੀਤੀ। ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਜਸਟਿਸ ਬੱਤਰਾ ਨੇ ਕਿਹਾ ਕਿ ਰਾਜ ਦੇ ਵਕੀਲ ਨੇ ਕਿਹਾ ਹੈ ਕਿ ਪਟੀਸ਼ਨਕਰਤਾ ਨਾ ਤਾਂ ਕਾਨੂੰਨੀ ਤੌਰ ‘ਤੇ ਅਤੇ ਨਾ ਹੀ ਗੈਰ-ਕਾਨੂੰਨੀ ਤਰੀਕੇ ਨਾਲ ਪੁਲਿਸ ਹਿਰਾਸਤ ‘ਚ ਹੈ। ਉਨ੍ਹਾਂ ਦੀ ਸਿਹਤ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਸਵੈ-ਇੱਛਾ ਨਾਲ ਪਟਿਆਲਾ ਦੇ ਪਾਰਕ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਹਾਈ ਕੋਰਟ ਨੇ ਸੁਣਵਾਈ 26 ਮਾਰਚ ਤੱਕ ਮੁਲਤਵੀ ਕਰ ਦਿੱਤੀ ਅਤੇ ਸਰਕਾਰ ਨੂੰ ਸਥਿਤੀ ਰਿਪੋਰਟ ਦਾਇਰ ਕਰਨ ਦਾ ਆਦੇਸ਼ ਦਿੱਤਾ।