ਬਿਹਾਰ : ਬਿਹਾਰ ‘ਚ ਬੱਚਿਆਂ ਦੀ ਸੁਰੱਖਿਆ ਨੂੰ ਧਿਆਨ ‘ਚ ਰੱਖਦੇ ਹੋਏ ਸਰਕਾਰ ਨੇ ਵੱਡਾ ਕਦਮ ਚੁੱਕਿਆ ਹੈ। 1 ਅਪ੍ਰੈਲ, 2025 ਤੋਂ ਰਾਜ ਵਿੱਚ ਬੱਚਿਆਂ ਨੂੰ ਸਕੂਲ ਭੇਜਣ ਲਈ ਆਟੋ-ਰਿਕਸ਼ਾ ਅਤੇ ਈ-ਰਿਕਸ਼ਾ ਦੀ ਵਰਤੋਂ ‘ਤੇ ਪੂਰੀ ਤਰ੍ਹਾਂ ਪਾਬੰਦੀ ਹੋਵੇਗੀ। ਸੜਕ ਹਾਦਸਿਆਂ ‘ਚ ਲਗਾਤਾਰ ਹੋ ਰਹੇ ਵਾਧੇ ਕਾਰਨ ਸਰਕਾਰ ਨੇ ਇਹ ਸਖਤ ਕਦਮ ਚੁੱਕਿਆ ਹੈ, ਤਾਂ ਜੋ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ।
ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਵੱਲੋਂ ਜਾਰੀ ਆਦੇਸ਼ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ ਬਿਹਾਰ ਵਿੱਚ ਸਕੂਲੀ ਬੱਚਿਆਂ ਲਈ ਆਟੋ ਰਿਕਸ਼ਾ ਅਤੇ ਈ-ਰਿਕਸ਼ਾ ਦੀ ਵਰਤੋਂ 1 ਅਪ੍ਰੈਲ, 2025 ਤੋਂ ਬੰਦ ਕਰ ਦਿੱਤੀ ਜਾਵੇਗੀ। ਵਿਭਾਗ ਦੇ ਨੋਟੀਫਿਕੇਸ਼ਨ ਅਨੁਸਾਰ ਇਹ ਫ਼ੈਸਲਾ ਉਨ੍ਹਾਂ ਘਟਨਾਵਾਂ ਦੇ ਮੱਦੇਨਜ਼ਰ ਲਿਆ ਗਿਆ ਹੈ ਜਿੱਥੇ ਇਨ੍ਹਾਂ ਵਾਹਨਾਂ ਨੇ ਦਰਦਨਾਕ ਸੜਕ ਹਾਦਸਿਆਂ ਦਾ ਕਾਰਨ ਬਣਿਆ ਹੈ। ਇਸ ਤੋਂ ਪਹਿਲਾਂ 21 ਜਨਵਰੀ ਨੂੰ ਇਸ਼ਤਿਹਾਰਾਂ ਰਾਹੀਂ ਵੀ ਇਹ ਪਾਬੰਦੀ ਲਗਾਈ ਗਈ ਸੀ ਪਰ ਇਸ ਦੇ ਬਾਵਜੂਦ ਇਨ੍ਹਾਂ ਵਾਹਨਾਂ ਦੀ ਵਰਤੋਂ ਜਾਰੀ ਰਹੀ, ਜਿਸ ਨਾਲ ਹਾਦਸਿਆਂ ਦਾ ਖਤਰਾ ਵਧ ਗਿਆ।
ਇਹ ਫ਼ੈਸਲਾ ਰਾਜਧਾਨੀ ਪਟਨਾ ਵਿੱਚ ਵਿਸ਼ੇਸ਼ ਤੌਰ ‘ਤੇ ਲਾਗੂ ਹੋਵੇਗਾ, ਜਿੱਥੇ ਲਗਭਗ 4,000 ਆਟੋ ਅਤੇ ਈ-ਰਿਕਸ਼ਾ ਬੱਚਿਆਂ ਨੂੰ ਸਕੂਲ ਲੈ ਕੇ ਜਾਂਦੇ ਹਨ। ਪਟਨਾ ਦੇ ਡੀ.ਟੀ.ਓ. ਉਪੇਂਦਰ ਕੁਮਾਰ ਪਾਲ ਨੇ ਪਹਿਲਾਂ ਕਿਹਾ ਸੀ ਕਿ ਬੱਚਿਆਂ ਨੂੰ ਆਟੋ ਅਤੇ ਈ-ਰਿਕਸ਼ਾ ਰਾਹੀਂ ਸਕੂਲ ਭੇਜਣਾ ਸੁਰੱਖਿਅਤ ਨਹੀਂ ਹੈ। ਪਟਨਾ ਟ੍ਰੈਫਿਕ ਐਸ.ਪੀ ਨੇ ਵੀ ਇਸ ਨੂੰ ਗੈਰ-ਕਾਨੂੰਨੀ ਕਰਾਰ ਦਿੱਤਾ ਹੈ।
ਹੁਣ 1 ਅਪ੍ਰੈਲ ਤੋਂ ਜੇਕਰ ਕੋਈ ਆਟੋ ਜਾਂ ਈ-ਰਿਕਸ਼ਾ ਚਾਲਕ ਇਸ ਨਿਯਮ ਦੀ ਉਲੰਘਣਾ ਕਰਦਾ ਹੈ ਤਾਂ ਟਰਾਂਸਪੋਰਟ ਅਤੇ ਟ੍ਰੈਫਿਕ ਪੁਲਿਸ ਵਿਭਾਗ ਉਸ ਵਿਰੁੱਧ ਸਖਤ ਕਾਰਵਾਈ ਕਰੇਗਾ। ਇਹ ਕਦਮ ਬੱਚਿਆਂ ਦੀ ਸੁਰੱਖਿਆ ਨੂੰ ਤਰਜੀਹ ਦੇ ਕੇ ਚੁੱਕਿਆ ਗਿਆ ਹੈ ਤਾਂ ਜੋ ਭਵਿੱਖ ਵਿੱਚ ਹਾਦਸਿਆਂ ਦੀ ਗਿਣਤੀ ਨੂੰ ਘੱਟ ਕੀਤਾ ਜਾ ਸਕੇ।