ਚੰਡੀਗੜ੍ਹ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅੱਜ ਪੰਜਾਬ ਦਾ ਚੌਥਾ ਬਜਟ ਪੇਸ਼ ਕਰਨਗੇ। ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸਵੇਰੇ 10 ਵਜੇ ਪ੍ਰਸ਼ਨ ਕਾਲ ਨਾਲ ਸ਼ੁਰੂ ਹੋਵੇਗੀ। ਬਜਟ ਭਾਸ਼ਣ ਠੀਕ 11 ਵਜੇ ਸ਼ੁਰੂ ਹੋਵੇਗਾ। ਇਸ ਤੋਂ ਠੀਕ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੈਬਨਿਟ ਦੀ ਮੀਟਿੰਗ ਬੁਲਾਈ ਹੈ। ਇਹ ਮੀਟਿੰਗ ਸਵੇਰੇ 9.30 ਵਜੇ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਹੋਵੇਗੀ। ਬੈਠਕ ਦਾ ਏਜੰਡਾ ਅਜੇ ਜਾਰੀ ਨਹੀਂ ਕੀਤਾ ਗਿਆ ਹੈ ਪਰ ਜਨਹਿੱਤ ‘ਚ ਵੱਡੇ ਫ਼ੈੈਸਲੇ ਲਏ ਜਾ ਸਕਦੇ ਹਨ।
ਇਸ ਵਾਰ ਸੂਬਾ ਸਰਕਾਰ ਦਾ ਬਜਟ ਹੁਣ ਤੱਕ ਦਾ ਸਭ ਤੋਂ ਵੱਡਾ ਹੋਣ ਦੀ ਉਮੀਦ ਹੈ ਕਿਉਂਕਿ ਆਮ ਆਦਮੀ ਪਾਰਟੀ ਚੋਣਾਂ ਤੋਂ ਪਹਿਲਾਂ ਕੀਤੇ ਵਾਅਦਿਆਂ ਨੂੰ ਪੂਰਾ ਕਰਨ ‘ਚ ਰੁੱਝੀ ਹੋਈ ਹੈ। ਸਾਰੇ ਵਰਗਾਂ ਨੂੰ ਖੁਸ਼ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ। ਪੰਜਾਬ ਸਰਕਾਰ ਸੂਬੇ ਵਿੱਚ ਖੇਤੀਬਾੜੀ ਅਤੇ ਉਦਯੋਗਿਕ ਖੇਤਰ ਦੇ ਨਾਲ-ਨਾਲ ਸਿੱਖਿਆ ਅਤੇ ਸਿਹਤ ‘ਤੇ ਧਿਆਨ ਕੇਂਦਰਿਤ ਕਰ ਰਹੀ ਹੈ। ਉਮੀਦ ਕੀਤੀ ਜਾ ਰਹੀ ਹੈ ਕਿ ਉਦਯੋਗਿਕ ਵਿਕਾਸ ਨੂੰ ਉਤਸ਼ਾਹਤ ਕਰਨ ਲਈ ਬਜਟ ਵਿੱਚ ਚੰਗੇ ਪ੍ਰਬੰਧ ਕੀਤੇ ਗਏ ਹਨ। ਇਸ ਨਾਲ ਨਾ ਸਿਰਫ ਨਵੇਂ ਸਗੋਂ ਮੌਜੂਦਾ ਉਦਯੋਗਾਂ ਨੂੰ ਵੀ ਹੁਲਾਰਾ ਮਿਲੇਗਾ।