ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੱਜ ਆਪਣਾ ਵਿੱਤੀ ਸਾਲ 2025-26 ਲਈ ਆਪਣਾ ਬਜਟ ਪਾਸ ਕੀਤਾ ਹੈ। ਬਜਟ 12 ਵਜੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਵੱਲੋਂ ਪੇਸ਼ ਕੀਤਾ ਗਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ ਵਲੋਂ ਬਜਟ ਇਜਲਾਸ ਦੌਰਾਨ ਸ਼੍ਰੋਮਣੀ ਕਮੇਟੀ ਦਾ ਸਾਲ 2025-26 ਲਈ 13 ਅਰਬ 86 ਕਰੋੜ 47 ਲੱਖ 80 ਹਜ਼ਾਰ ਦਾ ਬਜਟ ਪੇਸ਼ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਬਜਟ ਇਜਲਾਸ ਦੌਰਾਨ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨਮਿਤ ਸ਼ਰਧਾਂਜਲੀ ਮਤਾ ਪੇਸ਼ ਕੀਤਾ ਗਿਆ। ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਅਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਅਜੇ ਤੱਕ ਇਸ ਵਿਚ ਸ਼ਾਮਿਲ ਨਹੀਂ ਹੋਏ ਹਨ।
ਬਜਟ ਦੌਰਾਨ ਦਮਦਮੀ ਟਕਸਾਲ ਵੱਲੋਂ ਟਕਰਾਅ ਦੀ ਸਥਿਤੀ ਵੀ ਧਿਆਨ ਵਿੱਚ ਰੱਖਦੇ ਹੋਏ, ਪੁਲਿਸ ਨੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਹੋਏ ਹਨ। ਬਜਟ ’ਚ ਸਿੰਘ ਸਾਹਿਬਾਨ ਦੀ ਸੇਵਾ ਮੁਕਤੀ ਦੇ ਵਿਰੋਧ ਵਿੱਚ ਦਮਦਮੀ ਟਕਸਾਲ ਵੱਲੋਂ ਧਰਨਾ ਦੇਣ ਦਾ ਐਲਾਨ ਕੀਤਾ ਗਿਆ ਹੈ। ਇਸਦੇ ਨਾਲ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੀ ਵੱਡੀ ਗਿਣਤੀ ਵਿੱਚ ਟਾਸਕ ਫੋਰਸ ਤੈਨਾਤ ਕੀਤੀ ਗਈ ਹੈ। ਬਜਟ ਪੇਸ਼ ਕਰਨ ਤੋਂ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕੀਤਾ ਗਿਆ, ਜਿਸ ਦੌਰਾਨ ਸਿੰਘ ਸਾਹਿਬਾਨ ਅਤੇ ਐਸ.ਜੀ.ਪੀ.ਸੀ ਪ੍ਰਧਾਨ ਐਡਵੋਕੇਟ ਧਾਮੀ ਹਰਜਿੰਦਰ ਸਿੰਘ ਧਾਮੀ ਸਮੇਤ ਸਮੁੱਚੇ ਆਗੂ ਹਾਜ਼ਰ ਹੋਏ। ਗੁਰੂ ਚਰਨਾਂ ‘ਚ ਅਰਦਾਸ ਕਰਨ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਵੱਲੋਂ ਬਜਟ ਪੇਸ਼ ਕੀਤਾ ਗਿਆ।