ਬੁਲਢਾਨਾ : ਮਹਾਰਾਸ਼ਟਰ ਦੇ ਬੁਲਢਾਨਾ ਜ਼ਿਲ੍ਹੇ ‘ਚ ਅੱਜ ਸਵੇਰੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ। ਸ਼ੇਗਾਓਂ-ਖਾਮਗਾਓਂ ਹਾਈਵੇਅ ‘ਤੇ ਸਵੇਰੇ ਕਰੀਬ 5 ਵਜੇ ਦੋ ਯਾਤਰੀ ਬੱਸਾਂ ਅਤੇ ਬੋਲੇਰੋ ਜੀਪ ਦੀ ਟੱਕਰ ‘ਚ 5 ਲੋਕਾਂ ਦੀ ਮੌਤ ਹੋ ਗਈ ਅਤੇ 24 ਤੋਂ ਵੱਧ ਜ਼ਖਮੀ ਹੋ ਗਏ।
ਹਾਈਵੇਅ ‘ਤੇ ਮਚੀ ਚੀਕ-ਪੁਕਾਰ
ਚਸ਼ਮਦੀਦਾਂ ਮੁਤਾਬਕ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇਕ ਤੇਜ਼ ਰਫ਼ਤਾਰ ਬਲੈਰੋ ਜੀਪ ਨੇ ਪਹਿਲਾਂ ਇਕ ਯਾਤਰੀ ਬੱਸ ਨੂੰ ਟੱਕਰ ਮਾਰ ਦਿੱਤੀ। ਇਸ ਤੋਂ ਤੁਰੰਤ ਬਾਅਦ ਪਿੱਛੋਂ ਆ ਰਹੀ ਇਕ ਨਿੱਜੀ ਯਾਤਰੀ ਬੱਸ ਨੇ ਹਾਦਸਾਗ੍ਰਸਤ ਵਾਹਨਾਂ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਹਾਦਸਾ ਹੋਰ ਵੀ ਗੰਭੀਰ ਹੋ ਗਿਆ। ਘਟਨਾ ਤੋਂ ਬਾਅਦ ਹਾਈਵੇਅ ‘ਤੇ ਹਫੜਾ-ਦਫੜੀ ਮਚ ਗਈ।
ਮੌਕੇ ‘ਤੇ ਪਹੁੰਚੀਆਂ ਪੁਲਿਸ ਅਤੇ ਐਮਰਜੈਂਸੀ ਸੇਵਾਵਾਂ
ਸੂਚਨਾ ਮਿਲਦੇ ਹੀ ਸਥਾਨਕ ਪੁਲਿਸ ਅਤੇ ਐਮਰਜੈਂਸੀ ਸੇਵਾਵਾਂ ਮੌਕੇ ‘ਤੇ ਪਹੁੰਚ ਗਈਆਂ। ਜ਼ਖਮੀਆਂ ਨੂੰ ਐਂਬੂਲੈਂਸ ਰਾਹੀਂ ਨੇੜਲੇ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦੀ ਹਾਲਤ ‘ਤੇ ਨਜ਼ਰ ਰੱਖੀ ਜਾ ਰਹੀ ਹੈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ, ਹਾਦਸੇ ਵਾਲੀ ਥਾਂ ਨੂੰ ਖਾਲੀ ਕਰਵਾ ਲਿਆ ਅਤੇ ਆਵਾਜਾਈ ਬਹਾਲ ਕਰਨ ਦੀ ਕੋਸ਼ਿਸ਼ ਕੀਤੀ।
ਮਾਮਲੇ ਦੀ ਜਾਂਚ ਕਰ ਰਹੀ ਪੁਲਿਸ
ਪੁਲਿਸ ਨੇ ਕਿਹਾ ਕਿ ਹਾਦਸੇ ਦਾ ਕਾਰਨ ਤੇਜ਼ ਅਤੇ ਲਾਪਰਵਾਹੀ ਨਾਲ ਗੱਡੀ ਚਲਾਉਣਾ ਸੀ। ਹਾਦਸੇ ਦੇ ਸਹੀ ਕਾਰਨਾਂ ਦਾ ਪਤਾ ਲਗਾਉਣ ਲਈ ਫਿਲਹਾਲ ਵਿਸਥਾਰਤ ਜਾਂਚ ਕੀਤੀ ਜਾ ਰਹੀ ਹੈ। ਇਸ ਹਾਦਸੇ ਨੇ ਇਕ ਵਾਰ ਫਿਰ ਸੜਕ ਸੁਰੱਖਿਆ ‘ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ।
ਦਿੱਲੀ-ਲਖਨਊ ਹਾਈਵੇਅ ‘ਤੇ ਵੀ ਦੇਰ ਰਾਤ ਵਾਪਰਿਆ ਵੱਡਾ ਸੜਕ ਹਾਦਸਾ
ਇਸਦੇ ਨਾਲ ਹੀ ਉੱਤਰ ਪ੍ਰਦੇਸ਼ ਦੇ ਮੁਰਾਦਾਬਾਦ ‘ਚ ਦਿੱਲੀ-ਲਖਨਊ ਹਾਈਵੇਅ ‘ਤੇ ਬੀਤੀ ਦੇਰ ਰਾਤ ਹੋਏ ਭਿਆਨਕ ਸੜਕ ਹਾਦਸੇ ਨੇ ਸਾਰਿਆਂ ਨੂੰ ਹਿਲਾ ਕੇ ਰੱਖ ਦਿੱਤਾ। ਜ਼ੀਰੋ ਪੁਆਇੰਟ ਨੇੜੇ ਇਕ ਬੇਕਾਬੂ ਟਰੱਕ ਨੇ ਇਕ ਕਾਰ ਨੂੰ ਟੱਕਰ ਮਾਰ ਦਿੱਤੀ ਅਤੇ ਉਸ ਨੂੰ ਕਰੀਬ 50 ਮੀਟਰ ਤੱਕ ਘਸੀਟਿਆ। ਇਸ ਦੌਰਾਨ ਕਾਰ ਨੂੰ ਅੱਗ ਲੱਗ ਗਈ, ਜਿਸ ਕਾਰਨ ਦੋ ਲੜਕੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਹਾਦਸੇ ‘ਚ ਕਾਰ ਚਾਲਕ ਸਮੇਤ ਦੋ ਨੌਜਵਾਨ ਗੰਭੀਰ ਰੂਪ ‘ਚ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਤੁਰੰਤ ਜ਼ਿਲ੍ਹਾ ਹਸਪਤਾਲ ‘ਚ ਦਾਖਲ ਕਰਵਾਇਆ ਗਿਆ।
ਨੈਨੀਤਾਲ ਦਾ ਦੌਰਾ ਕਰਨ ਤੋਂ ਬਾਅਦ ਆਪਣੇ ਘਰ ਪਰਤ ਰਹੇ ਸਨ ਕਾਰ ਸਵਾਰ
ਪੁਲਿਸ ਅਨੁਸਾਰ ਇਹ ਹਾਦਸਾ ਦੇਰ ਰਾਤ ਉਸ ਸਮੇਂ ਵਾਪਰਿਆ ਜਦੋਂ ਕਾਰ ਵਿੱਚ ਸਵਾਰ ਚਾਰ ਲੋਕ ਨੈਨੀਤਾਲ ਜਾਣ ਤੋਂ ਬਾਅਦ ਹਰਿਆਣਾ ਦੇ ਰੋਹਤਕ ਸਥਿਤ ਆਪਣੇ ਘਰ ਪਰਤ ਰਹੇ ਸਨ। ਚਸ਼ਮਦੀਦਾਂ ਨੇ ਦੱਸਿਆ ਕਿ ਟਰੱਕ ਦੀ ਤੇਜ਼ ਰਫ਼ਤਾਰ ਕਾਰਨ ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਅਤੇ ਅੱਗ ਲੱਗ ਗਈ। ਸਥਾਨਕ ਲੋਕਾਂ ਅਤੇ ਰਾਹਗੀਰਾਂ ਨੇ ਉਨ੍ਹਾਂ ਨੂੰ ਅੱਗ ਤੋਂ ਬਚਾਉਣ ਦੀ ਕੋਸ਼ਿਸ਼ ਕੀਤੀ, ਪਰ ਦੋਵਾਂ ਕੁੜੀਆਂ ਨੂੰ ਬਚਾਇਆ ਨਹੀਂ ਜਾ ਸਕਿਆ। ਸੂਚਨਾ ਮਿਲਦੇ ਹੀ ਪੁਲਿਸ ਅਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ। ਅੱਗ ‘ਤੇ ਕਾਬੂ ਪਾਉਣ ਤੋਂ ਬਾਅਦ ਜ਼ਖਮੀਆਂ ਨੂੰ ਹਸਪਤਾਲ ਲਿਜਾਇਆ ਗਿਆ।