ਪੰਜਾਬ : ਪੰਜਾਬ ਦੇ ਡਰਾਈਵਰਾਂ ਲਈ ਅਹਿਮ ਖ਼ਬਰ ਹੈ। ਦਰਅਸਲ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਅਨੁਸਾਰ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ, ਫਿਰੋਜ਼ਪੁਰ ਨੇ ਟਾਸਕ ਫੋਰਸ ਟੀਮ ਦੇ ਮੈਂਬਰਾਂ ਦੇ ਸਹਿਯੋਗ ਨਾਲ ਸੇਫ ਸਕੂਲ ਵਹੀਕਲ ਪਾਲਿਸੀ ਤਹਿਤ ਫਿਰੋਜ਼ਪੁਰ ਛਾਉਣੀ ਵਿੱਚ ਵੱਖ-ਵੱਖ ਸਕੂਲੀ ਵਾਹਨਾਂ ਦੀ ਸਾਂਝੇ ਤੌਰ ‘ਤੇ ਚੈਕਿੰਗ ਕੀਤੀ।
ਇਸ ਮੌਕੇ ਸੇਫ ਸਕੂਲ ਵਹੀਕਲ ਪਾਲਿਸੀ ਦੀਆਂ ਸ਼ਰਤਾਂ ਪੂਰੀਆਂ ਨਾ ਕਰਨ ਵਾਲੇ 13 ਸਕੂਲੀ ਵਾਹਨਾਂ ਦੇ ਚਲਾਨ ਕੱਟੇ ਗਏ। ਇਸ ਮੌਕੇ ਚੈਕਿੰਗ ਟੀਮ ਨੇ ਸਕੂਲ ਡਰਾਈਵਰਾਂ ਨੂੰ ਸਪੱਸ਼ਟ ਕੀਤਾ ਕਿ ਸੇਫ ਸਕੂਲ ਵਹੀਕਲ ਪਾਲਿਸੀ ਦੀਆਂ ਸ਼ਰਤਾਂ ਪੂਰੀਆਂ ਨਾ ਕਰਨ ਵਾਲੇ ਵਾਹਨਾਂ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਬਣਦੀ ਕਾਨੂੰਨੀ ਕਾਰਵਾਈ ਨੂੰ ਯਕੀਨੀ ਬਣਾਇਆ ਜਾਵੇਗਾ।
ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਬਲਜਿੰਦਰ ਕੌਰ ਨੇ ਦੱਸਿਆ ਕਿ ਸਮੇਂ-ਸਮੇਂ ‘ਤੇ ਸਕੂਲ ਪ੍ਰਿੰਸੀਪਲਾਂ ਅਤੇ ਸਕੂਲੀ ਵਾਹਨਾਂ ਦੇ ਡਰਾਈਵਰਾਂ ਨੂੰ ਸੇਫ ਸਕੂਲ ਵਾਹਨ ਨੀਤੀ ਅਨੁਸਾਰ ਸਕੂਟੀ ਵਾਹਨ ਵਿੱਚ ਸੀ.ਸੀ.ਟੀ.ਵੀ ਕੈਮਰੇ, ਖਿੜਕੀਆਂ ‘ਤੇ ਲੋਹੇ ਦੀਆਂ ਗਰਿੱਲਾਂ, ਫਸਟ ਏਡ ਬਾਕਸ, ਮਹਿਲਾ ਕੰਡਕਟਰ ਆਦਿ ਦਾ ਢੁਕਵਾਂ ਪ੍ਰਬੰਧ ਕਰਨ ਅਤੇ ਵਾਹਨ ਦੇ ਪੂਰੇ ਦਸਤਾਵੇਜ਼ ਰੱਖਣ ਲਈ ਕਿਹਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਦੀ ਸੁਰੱਖਿਆ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।