ਅਜਨਾਲਾ : ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਉਪਜ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਅਜਨਾਲਾ ਅਤੇ ਇਸ ਦੇ ਆਸ ਪਾਸ ਦੀਆਂ ਮੰਡੀਆਂ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਮੌਕੇ ‘ਤੇ ਮੌਜੂਦ ਕਿਸਾਨਾਂ, ਆੜ੍ਹਤੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਅਤੇ ਮੰਡੀ ਪ੍ਰਬੰਧਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਹਾਸਲ ਕੀਤੀ।
ਮੰਤਰੀ ਧਾਲੀਵਾਲ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦੇ ਹਿੱਤਾਂ ਨੂੰ ਸਰਵਉੱਚ ਮੰਨਦੀ ਹੈ ਅਤੇ ਇਸੇ ਲਈ ਫਸਲ ਦੀ ਕਟਾਈ ਸ਼ੁਰੂ ਹੁੰਦੇ ਹੀ ਕਣਕ ਦੀ ਖਰੀਦ ਵੀ ਤੁਰੰਤ ਪ੍ਰਭਾਵ ਨਾਲ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਕਿਸਾਨਾਂ ਦੀ ਮਿਹਨਤ ਦਾ ਇਕ-ਇਕ ਦਾਣਾ ਸਰਕਾਰ ਵੱਲੋਂ ਖਰੀਦਿਆ ਜਾਵੇਗਾ ਅਤੇ ਕਿਸੇ ਵੀ ਫਸਲ ਨੂੰ ਬਰਬਾਦ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਅਜਨਾਲਾ ਮੰਡੀ ਸਮੇਤ ਸਾਰੀਆਂ ਸਬੰਧਤ ਮੰਡੀਆਂ ਵਿੱਚ ਸਫਾਈ, ਤੋਲ, ਭੰਡਾਰਨ ਅਤੇ ਆਵਾਜਾਈ ਲਈ ਬਿਹਤਰ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ।
ਮੰਡੀ ਵਿੱਚ ਮੌਜੂਦ ਕਿਸਾਨਾਂ ਨੇ ਮੰਤਰੀ ਧਾਲੀਵਾਲ ਨਾਲ ਗੱਲਬਾਤ ਦੌਰਾਨ ਆਪਣੀਆਂ ਸਮੱਸਿਆਵਾਂ ਅਤੇ ਸੁਝਾਅ ਸਾਂਝੇ ਕੀਤੇ, ਜਿਸ ‘ਤੇ ਮੰਤਰੀ ਨੇ ਤੁਰੰਤ ਅਧਿਕਾਰੀਆਂ ਨੂੰ ਲੋੜੀਂਦੀਆਂ ਹਦਾਇਤਾਂ ਦਿੱਤੀਆਂ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਮੰਡੀ ਵਿੱਚ ਪਾਰਦਰਸ਼ਤਾ ਅਤੇ ਸਮਾਂਬੱਧ ਖਰੀਦ ਨੂੰ ਤਰਜੀਹ ਦਿੱਤੀ ਜਾਵੇ। ਇਹ ਦੌਰਾ ਕਿਸਾਨਾਂ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ ਅਤੇ ਇਹ ਸੁਨਿਸ਼ਚਿਤ ਕਰਦਾ ਹੈ ਕਿ ਖੇਤ ਤੋਂ ਬਾਜ਼ਾਰ ਤੱਕ ਦੀ ਪ੍ਰਕਿ ਰਿਆ ਵਿੱਚ ਕੋਈ ਰੁਕਾਵਟ ਨਾ ਆਵੇ।