ਪਟਿਆਲਾ: ਨਗਰ ਨਿਗਮ ਪਟਿਆਲਾ ਨੇ ਇੱਥੇ ਬਾਬਾ ਦੀਪ ਸਿੰਘ ਨਗਰ ਵਿੱਚ ਨਾਜਾਇਜ਼ ਤੌਰ ‘ਤੇ ਬਣਾਈਆਂ ਗਈਆਂ ਚਾਰ ਦੁਕਾਨਾਂ ਨੂੰ ਪਟਿਆਲਾ ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਮਦਦ ਨਾਲ ਜੇ.ਸੀ.ਬੀ. ਦੁਆਰਾ ਢਾਅ ਦਿੱਤਾ ਗਿਆ । ਇਸ ਮੌਕੇ ਐਸ.ਪੀ. ਸਿਟੀ ਪਲਵਿੰਦਰ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਦੀ ‘ਨਸ਼ਿਆਂ ਵਿਰੁੱਧ ਜੰਗ’ ਮੁਹਿੰਮ ਤਹਿਤ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ।
ਐਸ.ਪੀ ਸਿਟੀ ਨੇ ਦੱਸਿਆ ਕਿ ਥਾਣਾ ਅਰਬਨ ਅਸਟੇਟ ਅਧੀਨ ਆਉਣ ਵਾਲੀ ਬਾਬਾ ਦੀਪ ਸਿੰਘ ਨਗਰ ਦੀ ਗਲੀ ਨੰਬਰ 4 ਵਿੱਚ ਬਣੀਆਂ ਇਹ ਦੁਕਾਨਾਂ ਰਿਹਾਇਸ਼ੀ ਖੇਤਰ ਵਿੱਚ ਵਪਾਰਕ ਤੌਰ ‘ਤੇ ਬਣਾਈਆਂ ਗਈਆਂ ਸਨ। ਇਨ੍ਹਾਂ ਦੁਕਾਨਾਂ ਦੀ ਮਾਲਕਣ ਬਲਵਿੰਦਰ ਕੌਰ ਦੇ ਪੋਤੇ ਗੁਰਤੇਜ ਸਿੰਘ ਉਰਫ ਬੰਟੀ ਪੁੱਤਰ ਮਨਦੀਪ ਸਿੰਘ ਖ਼ਿਲਾਫ਼ ਨਸ਼ਾ ਤਸਕਰੀ ਦੇ ਦੋ ਮਾਮਲੇ ਦਰਜ ਹਨ। ਇਸ ਲਈ ਜ਼ਿਲ੍ਹਾ ਪ੍ਰਸ਼ਾਸਨ, ਨਗਰ ਨਿਗਮ ਅਤੇ ਪਟਿਆਲਾ ਪੁਲਿਸ ਦੀ ਸਾਂਝੀ ਕਾਰਵਾਈ ਰਾਹੀਂ ਨਸ਼ਾ ਤਸਕਰਾਂ ਨੂੰ ਸਖ਼ਤ ਸੰਦੇਸ਼ ਦਿੱਤਾ ਗਿਆ ਹੈ।
ਐੱਸ.ਪੀ. ਚੀਮਾ ਨੇ ਅੱਗੇ ਦੱਸਿਆ ਕਿ ਨਗਰ ਨਿਗਮ ਕਮਿਸ਼ਨਰ ਵੱਲੋਂ ਅੰਤਿਮ ਢਾਹੁਣ ਦਾ ਨੋਟਿਸ ਨੰਬਰ 214/ਬੀ.ਐਲ.ਡੀ. ਤਰੀਕ 11 ਅਪ੍ਰੈਲ 2025 ਨੂੰ ਜਾਰੀ ਕੀਤਾ ਗਿਆ ਸੀ। ਇਸ ਨੋਟਿਸ ਅਨੁਸਾਰ ਬੀਤੇ ਦਿਨ ਨਗਰ ਨਿਗਮ ਦਾ ਏ.ਟੀ.ਪੀ. ਬੰਦ ਕਰ ਦਿੱਤਾ ਗਿਆ ਹੈ। ਪਟਿਆਲਾ ਪੁਲਿਸ ਦੀ ਨਿਗਰਾਨੀ ਹੇਠ ਕਰਨਜੀਤ ਸਿੰਘ ਅਤੇ ਬਿਕਰਮਜੀਤ ਸਿੰਘ ਦੀ ਟੀਮ ਨੇ ਅਮਨ-ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਲਈ ਦੁਕਾਨਾਂ ਢਾਹ ਦਿੱਤੀਆਂ।
ਪੱਤਰਕਾਰਾਂ ਵੱਲੋਂ ਇਸ ਪਰਿਵਾਰ ਦੇ ਲੜਕੇ ਵਿਰੁੱਧ ਦਰਜ ਨਸ਼ਾ ਤਸਕਰੀ ਦੇ ਮਾਮਲਿਆਂ ਬਾਰੇ ਪੁੱਛੇ ਜਾਣ ‘ਤੇ ਐਸ.ਪੀ ਪਲਵਿੰਦਰ ਸਿੰਘ ਚੀਮਾ ਨੇ ਦੱਸਿਆ ਕਿ ਥਾਣਾ ਅਨਾਜ ਮੰਡੀ ਵਿੱਚ ਚਿੱਟਾ ਤਸਕਰੀ ਨੂੰ ਲੈ ਕੇ ਮੁਕੱਦਮਾ ਨੰਬਰ 154/22 ਐਨ.ਡੀ.ਪੀ.ਐਸ. ਦੀ ਧਾਰਾਵਾਂ 21, 29, 61, 85 ਐਕਟ ਤਹਿਤ 81/24 ਥਾਣਾ ਅਰਬਨ ਅਸਟੇਟ ਵਿਖੇ ਐਨ.ਡੀ.ਪੀ.ਐਸ. ਦੀ ਧਾਰਾ 22 ਤਹਿਤ ਨਸ਼ੀਲੀਆਂ ਗੋਲੀਆਂ ਦੀ ਵਪਾਰਕ ਜ਼ਬਤ ਤਹਿਤ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਨਸ਼ਾ ਤਸਕਰੀ ਵਿੱਚ ਸ਼ਾਮਲ ਗੁਰਤੇਜ ਸਿੰਘ ਇਸ ਸਮੇਂ ਪਟਿਆਲਾ ਜੇਲ੍ਹ ਵਿੱਚ ਬੰਦ ਹੈ।