ਜਲੰਧਰ : ‘ਆਪ’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਬੀਤੇ ਦਿਨ ਪੰਜਾਬ ਦੇ ਹਰ ਪਿੰਡ ਵਿੱਚ ਸਪੋਰਟਸ ਕਲੱਬ ਸਥਾਪਤ ਕਰਨ ਦੀ ਇੱਕ ਵੱਡੀ ਪਹਿਲਕਦਮੀ ਦਾ ਐਲਾਨ ਕੀਤਾ ਤਾਂ ਜੋ ਨੌਜ਼ਵਾਨਾਂ ਨੂੰ ਉਸਾਰੂ ਗਤੀਵਿਧੀਆਂ ਵਿੱਚ ਸ਼ਾਮਲ ਕੀਤਾ ਜਾ ਸਕੇ ਅਤੇ ਉਨ੍ਹਾਂ ਨੂੰ ਨਸ਼ੇ ਦੀ ਲਤ ਤੋਂ ਦੂਰ ਰੱਖਿਆ ਜਾ ਸਕੇ।
ਗੜ੍ਹਸ਼ੰਕਰ ਵਿੱਚ ਵੀਡੀਓ ਕਾਨਫਰੰਸਿੰਗ ਰਾਹੀਂ ਨੌਜ਼ਵਾਨਾਂ ਨੂੰ ਸੰਬੋਧਨ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਕਲੱਬ ਅਤਿ-ਆਧੁਨਿਕ ਖੇਡ ਸਹੂਲਤਾਂ ਨਾਲ ਲੈਸ ਹੋਣਗੇ, ਜਿਸ ਨਾਲ ਨੌਜ਼ਵਾਨਾਂ ਨੂੰ ਐਥਲੈਟਿਕਸ ਅਤੇ ਹੋਰ ਖੇਡਾਂ ਵਿੱਚ ਹਿੱਸਾ ਲੈਣ ਦੇ ਮੌਕੇ ਮਿਲਣਗੇ। ਉਨ੍ਹਾਂ ਵਿਸ਼ਵਾਸ ਪ੍ਰਗਟ ਕੀਤਾ ਕਿ ਤਿੰਨ ਦਿਨਾਂ ਲੀਡਰਸ਼ਿਪ ਸਿਖਲਾਈ ਪ੍ਰੋਗਰਾਮ ਨੌਜ਼ਵਾਨਾਂ ਵਿੱਚ ਨਵੀਂ ਚੇਤਨਾ ਅਤੇ ਊਰਜਾ ਪੈਦਾ ਕਰੇਗਾ ਜੋ ਪੰਜਾਬ ਵਿੱਚ ਨਸ਼ਿਆਂ ਦੇ ਖਤਰੇ ਵਿਰੁੱਧ ਲੜਾਈ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ। ਕੇਜਰੀਵਾਲ ਨੇ ਭਾਗੀਦਾਰਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਅਪੀਲ ਕੀਤੀ ਕਿ ਉਹ ਲੋਕਾਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰਾਂ ਵਿੱਚ ਜਾਣ ਲਈ ਪ੍ਰੇਰਿਤ ਕਰਨ।