ਜੰਮੂ ਕਸ਼ਮੀਰ : ਭਾਰਤ ਲਗਾਤਾਰ ਪਾਕਿਸਤਾਨ ਦੇ ਨਾਪਾਕ ਮਨਸੂਬਿਆਂ ਨੂੰ ਨਾਕਾਮ ਕਰਨ ਵਿੱਚ ਰੁੱਝਿਆ ਹੋਇਆ ਹੈ। ਬੀਤੀ ਰਾਤ ਪਾਕਿਸਤਾਨ ਦੇ ਹਵਾਈ ਹਮਲੇ ਦੀਆਂ ਕੋਸ਼ਿਸ਼ਾਂ ਨੂੰ ਨਾਕਾਮ ਕਰਨ ਤੋਂ ਬਾਅਦ, ਭਾਰਤੀ ਸੁਰੱਖਿਆ ਬਲਾਂ ਨੇ ਅੱਜ ਸਵੇਰੇ ਜੰਮੂ-ਕਸ਼ਮੀਰ ਵਿੱਚ ਜੈਸ਼-ਏ-ਮੁਹੰਮਦ ਦੇ ਸੱਤ ਅੱਤਵਾਦੀਆਂ ਨੂੰ ਮਾਰ ਕੇ ਇਕ ਵੱਡੀ ਸਫ਼ਲਤਾ ਹਾਸਲ ਕੀਤੀ ਹੈ।
ਭਰੋਸੇਯੋਗ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ, ਸੀਮਾ ਸੁਰੱਖਿਆ ਬਲ (ਬੀ.ਐਸ.ਐਫ.) ਦੇ ਜਵਾਨਾਂ ਨੇ ਸਾਂਬਾ ਸੈਕਟਰ ਵਿੱਚ ਅੱਤਵਾਦੀਆਂ ਦੀ ਘੁਸਪੈਠ ਦੀ ਇਕ ਵੱਡੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ। ਪਾਕਿਸਤਾਨ ਤੋਂ ਭਾਰਤੀ ਸਰਹੱਦ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਹੇ ਸੱਤ ਘੁਸਪੈਠੀਆਂ ਨੂੰ ਚੌਕਸ ਬੀ.ਐਸ.ਐਫ. ਦੇ ਜਵਾਨਾਂ ਨੇ ਮਾਰ ਦਿੱਤਾ। ਸ਼ੁਰੂਆਤੀ ਰਿਪੋਰਟਾਂ ਤੋਂ ਪਤਾ ਲੱਗਿਆ ਹੈ ਕਿ ਮਾਰੇ ਗਏ ਸਾਰੇ ਘੁਸਪੈਠੀਏ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਨਾਲ ਸਬੰਧਤ ਸਨ।
ਬੀ.ਐਸ.ਐਫ. ਦੇ ਜਵਾਨਾਂ ਦੀ ਇਸ ਤੇਜ਼ ਅਤੇ ਪ੍ਰਭਾਵਸ਼ਾਲੀ ਕਾਰਵਾਈ ਨੇ ਸਰਹੱਦ ‘ਤੇ ਇਕ ਵੱਡੀ ਅੱਤਵਾਦੀ ਘਟਨਾ ਨੂੰ ਟਾਲ ਦਿੱਤਾ ਹੈ। ਇਹ ਘਟਨਾ ਅਜਿਹੇ ਸਮੇਂ ਵਾਪਰੀ ਹੈ ਜਦੋਂ ਭਾਰਤ ਅਤੇ ਪਾਕਿਸਤਾਨ ਵਿਚਕਾਰ ਤਣਾਅ ਆਪਣੇ ਸਿਖਰ ‘ਤੇ ਹੈ, ਖਾਸ ਕਰਕੇ ਭਾਰਤ ਦੇ ‘ਆਪ੍ਰੇਸ਼ਨ ਸਿੰਦੂਰ’ ਤੋਂ ਬਾਅਦ, ਪਾਕਿਸਤਾਨ ਲਗਾਤਾਰ ਜਵਾਬੀ ਕਾਰਵਾਈ ਦੀ ਤਲਾਸ਼ ਵਿੱਚ ਹੈ। ਭਾਰਤੀ ਫੌਜ ਅਤੇ ਸੁਰੱਖਿਆ ਬਲ ਸਰਹੱਦ ‘ਤੇ ਪੂਰੀ ਤਰ੍ਹਾਂ ਅਲਰਟ ‘ਤੇ ਹਨ ਅਤੇ ਕਿਸੇ ਵੀ ਨਾਪਾਕ ਕਾਰਵਾਈ ਦਾ ਢੁਕਵਾਂ ਜਵਾਬ ਦੇਣ ਲਈ ਤਿਆਰ ਹਨ। ਮਾਰੇ ਗਏ ਅੱਤਵਾਦੀਆਂ ਤੋਂ ਵੱਡੀ ਮਾਤਰਾ ਵਿੱਚ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਹੋਣ ਦੀ ਸੰਭਾਵਨਾ ਹੈ, ਜਿਸ ਤੋਂ ਉਨ੍ਹਾਂ ਦੇ ਖ਼ਤਰਨਾਕ ਇਰਾਦਿਆਂ ਦਾ ਅੰਦਾਜ਼ਾ ਲਗਾਇਆ ਜਾ ਸਕਦਾ ਹੈ। ਫਿਲਹਾਲ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਜਾਰੀ ਹੈ।