ਪਟਿਆਲਾ: ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ ਨੇ ਬਰਸਾਤੀ ਮੌਸਮ ‘ਚ ਖਰਾਬ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਤੋਂ ਲੋਕਾਂ ਦਾ ਬਚਾਅ ਕਰਨ ਲਈ ਜ਼ਿਲ੍ਹਾ ਅਧਿਕਾਰੀਆਂ ਨੂੰ ਹੁਣੇ ਤੋਂ ਹੀ ਇਸ ਸਬੰਧੀ ਕੰਮ ਕਰਨ ਦੀ ਹਦਾਇਤ ਕਰਦਿਆਂ ਕਿਹਾ ਕਿ ਜ਼ਿਲ੍ਹੇ ‘ਚ ਚੱਲ ਰਹੇ ਗ਼ੈਰ-ਮਨਜ਼ੂਰ ਸ਼ੁਦਾ ਪਾਣੀ ਦੇ ਕੁਨੈਕਸ਼ਨਾਂ ਦੀ ਜਲਦੀ ਤੋਂ ਜਲਦੀ ਜਾਂਚ ਕੀਤੀ ਜਾਵੇ ਅਤੇ ਕੁਨੈਕਸ਼ਨ ਕੱਟੇ ਜਾਣ ਤਾਂ ਜੋ ਖਰਾਬ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਨੂੰ ਰੋਕਿਆਂ ਜਾ ਸਕੇ।
ਨਵਰੀਤ ਕੌਰ ਸੇਖੋਂ ਨੇ ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮਹੀਨਾਵਾਰ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਲੋਕਾਂ ਨੂੰ ਹੀਟ ਵੇਵ ਤੋਂ ਬਚਾਅ ਲਈ ਰੱਖੀਆਂ ਜਾਣ ਵਾਲੀਆਂ ਸਾਵਧਾਨੀਆਂ ਸਬੰਧੀ ਵੀ ਸਿਹਤ ਵਿਭਾਗ ਸਮੇਂ ਸਮੇਂ ‘ਤੇ ਐਡਵਾਇਜ਼ਰੀ ਜਾਰੀ ਕਰਕੇ ਜਾਣਕਾਰੀ ਦਿੰਦਾ ਰਹੇ ਤਾਂ ਜੋ ਹੀਟ ਵੇਵ ਦੇ ਮਾੜੇ ਪ੍ਰਭਾਵਾਂ ਤੋਂ ਬਚਿਆ ਜਾ ਸਕੇ। ਇਸ ਮੌਕੇ ਉਨ੍ਹਾਂ ਸਿਹਤ ਵਿਭਾਗ ਨਾਲ ਸਬੰਧਤ ਜੱਚਾ ਬੱਚਾ ਦੀ ਸੰਭਾਲ, ਨਸ਼ੇ ਵਿਰੁੱਧ ਚੱਲ ਰਹੀ ਮੁਹਿੰਮ ਦੀ ਵੀ ਜਾਇਜ਼ਾ ਲਿਆ।
ਇਸ ਮੌਕੇ ਉਨ੍ਹਾਂ ਜਨਨੀ ਸ਼ਿਸ਼ੂ ਸੁਰੱਖਿਆ ਕਾਰ੍ਰਿਆਕਰਮ, ਜਨਨੀ ਸੁਰੱਖਿਆ ਯੋਜਨਾ, ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਅਭਿਆਨ, ਸੁਮਨ, ਪਰਿਵਾਰ ਨਿਯੋਜਨ, ਆਰ.ਬੀ.ਐਸ.ਕੇ, ਐਨ.ਪੀ.ਸੀ.ਬੀ., ਰਾਸ਼ਟਰੀ ਵੈਕਟਰ ਬੋਰਨ ਡਜ਼ੀਜ਼ ਕੰਟਰੋਲ ਪ੍ਰੋਗਰਾਮ ਤੇ ਟੀ.ਬੀ. ਕੰਟਰੋਲ ਪ੍ਰੋਗਰਾਮ ਦੀ ਸਮੀਖਿਆ ਕਰਦਿਆਂ ਇਨ੍ਹਾਂ ਸਕੀਮਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਦੀ ਹਦਾਇਤ ਕੀਤੀ।
ਮੀਟਿੰਗ ਦੌਰਾਨ ਸਿਵਲ ਸਰਜਨ ਡਾ. ਜਗਪਾਲਇੰਦਰ ਸਿੰਘ ਨੇ ਦੱਸਿਆ ਕਿ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਯੋਗ ਅਗਵਾਈ ‘ਚ ਸਿਹਤ ਵਿਭਾਗ ਨਿਰੰਤਰ ਸਿਹਤ ਸੇਵਾਵਾਂ ‘ਚ ਸੁਧਾਰ ਕਰ ਰਿਹਾ ਹੈ। ਉਨ੍ਹਾਂ ਵਿਭਾਗ ਦੀ ਪ੍ਰਗਤੀ ਰਿਪੋਰਟ ਦਿੰਦਿਆਂ ਦੱਸਿਆ ਕਿ ਪਟਿਆਲਾ ਜ਼ਿਲ੍ਹੇ ‘ਚ ਸਰਕਾਰ ਵੱਲੋਂ ਚਲਾਈਆਂ ਜਾਂਦੀਆਂ ਯੋਜਨਾਵਾਂ ਸਫਲਤਾਪੂਰਵਕ ਚੱਲ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਪਟਿਆਲਾ ਜ਼ਿਲ੍ਹੇ ‘ਚ 32 ਓਟ ਕਲੀਨਿਕ ਚੱਲ ਰਹੇ ਹਨ, ਜਿਨ੍ਹਾਂ ‘ਚ ਰੋਜ਼ਾਨਾ 2998 ਮਰੀਜ਼ ਦਵਾਈ ਲੈ ਰਹੇ ਹਨ।
ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਸੁਮਿਤ ਸਿੰਘ, ਡਾ. ਗੁਰਪ੍ਰੀਤ ਕੌਰ, ਡਾ. ਜਸਵਿੰਦਰ ਸਿੰਘ ਸਮੇਤ ਜ਼ਿਲ੍ਹੇ ਦੇ ਸਮੂਹ ਸੀਨੀਅਰ ਮੈਡੀਕਲ ਅਫ਼ਸਰ ਵੀ ਹਾਜ਼ਰ ਸਨ।