ਤਰਨਤਾਰਨ : ਪੰਜਾਬ ਸਰਕਾਰ ਦੀ “ਨਸ਼ਾ ਵਿਰੋਧੀ ਮੁਹਿੰਮ” ਤਹਿਤ, ਅੱਜ ਤਰਨਤਾਰਨ ਦੇ ਕਸਬੇ ਪੱਟੀ ਵਿੱਚ ਇਕ ਵੱਡੀ ਕਾਰਵਾਈ ਦੇਖਣ ਨੂੰ ਮਿਲੀ। ਪ੍ਰਸ਼ਾਸਨ ਅਤੇ ਪੁਲਿਸ ਦੀ ਸਾਂਝੀ ਕਾਰਵਾਈ ਵਿੱਚ, ਏ ਕੈਟਾਗਰੀ ਦੇ ਬਦਨਾਮ ਨਸ਼ਾ ਤਸਕਰ ਚਮਕੌਰ ਸਿੰਘ ਪੁੱਤਰ ਕਸ਼ਮੀਰ ਸਿੰਘ ਦੇ ਘਰ ‘ਤੇ ਬੁਲਡੋਜ਼ਰ ਚਲਾਇਆ ਗਿਆ।
ਜਾਣਕਾਰੀ ਅਨੁਸਾਰ ਚਮਕੌਰ ਸਿੰਘ ‘ਤੇ ਅੱਧੀ ਦਰਜਨ ਤੋਂ ਵੱਧ ਹੈਰੋਇਨ ਅਤੇ ਹੋਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਗੰਭੀਰ ਮਾਮਲੇ ਦਰਜ ਹਨ। ਪ੍ਰਸ਼ਾਸਨ ਨੇ ਸਖ਼ਤ ਰੁਖ਼ ਅਪਣਾਇਆ ਅਤੇ ਉਸਦੀ ਗੈਰ-ਕਾਨੂੰਨੀ ਤੌਰ ‘ਤੇ ਪ੍ਰਾਪਤ ਜਾਇਦਾਦ ‘ਤੇ ਕਾਰਵਾਈ ਸ਼ੁਰੂ ਕਰ ਦਿੱਤੀ।
ਸਵੇਰੇ 10 ਵਜੇ ਸ਼ੁਰੂ ਹੋਏ ਆਪ੍ਰੇਸ਼ਨ ਬੁਲਡੋਜ਼ਰ ਵਿੱਚ ਵੱਡੀ ਗਿਣਤੀ ਵਿੱਚ ਪੁਲਿਸ ਫੋਰਸ ਅਤੇ ਉੱਚ ਅਧਿਕਾਰੀ ਮੌਕੇ ‘ਤੇ ਮੌਜੂਦ ਰਹੇ। ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਣ ਲਈ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ। ਪੰਜਾਬ ਸਰਕਾਰ ਦੀ ਇਹ ਕਾਰਵਾਈ ਸੂਬੇ ਵਿੱਚ ਨਸ਼ਿਆਂ ਵਿਰੁੱਧ ਜੰਗ ਦਾ ਹਿੱਸਾ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਭਵਿੱਖ ਵਿੱਚ ਅਜਿਹੇ ਹੋਰ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।