ਬਠਿੰਡਾ : ਕੋਵਿਡ-19 ਬਾਰੇ ਗੱਲ ਕਰਦਿਆਂ, ਕਾਰਜਕਾਰੀ ਸਿਵਲ ਸਰਜਨ ਡਾ. ਰਮਨਦੀਪ ਸਿੰਗਲਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਕੋਵਿਡ ਦਾ ਇਹ ਰੂਪ ਹਲਕਾ ਹੈ, ਇਸ ਲਈ ਘਬਰਾਉਣ ਦੀ ਕੋਈ ਲੋੜ ਨਹੀਂ ਹੈ। ਉਨ੍ਹਾਂ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਸੋਸ਼ਲ ਮੀਡੀਆ ‘ਤੇ ਜਾਰੀ ਕੀਤੇ ਗਏ ਵੀਡੀਓ ਸੰਦੇਸ਼ ਦਾ ਹਵਾਲਾ ਦਿੱਤਾ, ਜਿਸ ਵਿੱਚ ਉਨ੍ਹਾਂ ਨੇ ਸੂਬੇ ਦੇ ਨਾਗਰਿਕਾਂ ਨੂੰ ਭਰੋਸਾ ਦਿੱਤਾ ਹੈ ਕਿ ਪੰਜਾਬ ਵਿੱਚ ਕੋਵਿਡ-19 ਦੇ ਜੇ.ਐਨ-1 ਰੂਪ ਬਾਰੇ ਘਬਰਾਉਣ ਦੀ ਕੋਈ ਲੋੜ ਨਹੀਂ ਹੈ, ਕਿਉਂਕਿ ਇਹ ਰੂਪ ਆਮ ਤੌਰ ‘ਤੇ ਹਲਕਾ ਹੁੰਦਾ ਹੈ ਅਤੇ ਹੁਣ ਤੱਕ ਪੰਜਾਬ ਵਿੱਚ ਇਸ ਨਾਲ ਸਬੰਧਤ ਕੋਈ ਨਵਾਂ ਮਾਮਲਾ ਸਾਹਮਣੇ ਨਹੀਂ ਆਇਆ ਹੈ।
ਉਨ੍ਹਾਂ ਕਿਹਾ ਕਿ ਸੂਬੇ ਦਾ ਸਿਹਤ ਸੰਭਾਲ ਸਿਸਟਮ ਪੂਰੀ ਤਰ੍ਹਾਂ ਤਿਆਰ ਹੈ। ਸਰਕਾਰੀ ਹਸਪਤਾਲਾਂ ਵਿੱਚ ਟੈਸਟਿੰਗ ਸਹੂਲਤਾਂ ਉਪਲਬਧ ਹਨ ਅਤੇ ਟੀਮਾਂ ਨੂੰ ਲੋੜੀਂਦੀਆਂ ਦਵਾਈਆਂ, ਆਕਸੀਜਨ ਅਤੇ ਵਿਗਿਆਨਕ ਮੁਹਾਰਤ ਨਾਲ ਤਾਇਨਾਤ ਕੀਤਾ ਗਿਆ ਹੈ। ਸਾਰੇ ਜ਼ਿਲ੍ਹਿਆਂ ਵਿੱਚ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਨਿਰੰਤਰ ਜਾਂਚ ਕੀਤੀ ਜਾ ਰਹੀ ਹੈ, ਤਾਂ ਜੋ ਕਿਸੇ ਵੀ ਸੰਭਾਵੀ ਮਾਮਲੇ ਦੀ ਪਛਾਣ ਕੀਤੀ ਜਾ ਸਕੇ ਅਤੇ ਉਸਦਾ ਤੁਰੰਤ ਇਲਾਜ ਕੀਤਾ ਜਾ ਸਕੇ।
ਉਨ੍ਹਾਂ ਕਿਹਾ ਕਿ ਭਾਵੇਂ ਸਥਿਤੀ ਕਾਬੂ ਹੇਠ ਹੈ, ਪਰ ਲੋਕਾਂ ਨੂੰ ਸੁਚੇਤ ਰਹਿਣ ਦੀ ਲੋੜ ਹੈ। ਉਨ੍ਹਾਂ ਲੋਕਾਂ ਨੂੰ ਹਦਾਇਤ ਕੀਤੀ ਕਿ ਜੇਕਰ ਕਿਸੇ ਨੂੰ ਜ਼ੁਕਾਮ, ਖੰਘ, ਬੁਖਾਰ ਜਾਂ ਸਾਹ ਲੈਣ ਵਿੱਚ ਮੁਸ਼ਕਲ ਆਉਂਦੀ ਹੈ, ਤਾਂ ਤੁਰੰਤ ਨਜ਼ਦੀਕੀ ਸਿਹਤ ਕੇਂਦਰ ਜਾਂ ਹਸਪਤਾਲ ਵਿੱਚ ਆਪਣੀ ਜਾਂਚ ਕਰਵਾਓ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੁਚੇਤ ਰਹਿਣ, ਅਫਵਾਹਾਂ ਤੋਂ ਬਚਣ ਅਤੇ ਸਿਰਫ਼ ਅਧਿਕਾਰਤ ਸਰੋਤਾਂ ਤੋਂ ਪ੍ਰਾਪਤ ਜਾਣਕਾਰੀ ‘ਤੇ ਹੀ ਭਰੋਸਾ ਕਰਨ।