ਸੰਗਰੂਰ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਸੁਖਦੇਵ ਸਿੰਘ ਢੀਂਡਸਾ ਦੀ ਸੰਗਰੂਰ ਵਿੱਚ ਅੰਤਿਮ ਅਰਦਾਸ ਕੀਤੀ ਗਈ । ਸੁਖਦੇਵ ਸਿੰਘ ਢੀਂਡਸਾ ਦੀ ਅੰਤਿਮ ਅਰਦਾਸ ਦੇ ਮੌਕੇ ‘ਤੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਜੀ ਵੀ ਪਹੁੰਚੇ। ਇਸ ਦੌਰਾਨ ਸੁਖਬੀਰ ਸਿੰਘ ਬਾਦਲ, ਅਮਨ ਅਰੋੜਾ, ਸੁਨੀਲ ਜਾਖੜ, ਪ੍ਰਤਾਪ ਸਿੰਘ ਬਾਜਵਾ ਅਤੇ ਹੋਰ ਕਈ ਆਗੂਆਂ ਨੇ ਸੁਖਦੇਵ ਸਿੰਘ ਢੀਂਡਸਾ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਸੁਖਦੇਵ ਸਿੰਘ ਢੀਂਡਸਾ ਦੇ ਅੰਤਿਮ ਸਸਕਾਰ ਮੌਕੇ ਉਨ੍ਹਾਂ ਦੇ ਪੁੱਤਰ ਪਰਮਿੰਦਰ ਸਿੰਘ ਢੀਂਡਸਾ ਬਹੁਤ ਭਾਵੁਕ ਹੋ ਗਏ। ਉਨ੍ਹਾਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਿਸੇ ਵੀ ਪੁੱਤਰ ਲਈ ਇਸ ਤੋਂ ਔਖਾ ਸਮਾਂ ਹੋਰ ਨਹੀਂ ਹੋ ਸਕਦਾ। ਉਹ ਖੁਸ਼ਕਿਸਮਤ ਹਨ ਅਤੇ ਪ੍ਰਮਾਤਮਾ ਦਾ ਸ਼ੁਕਰਾਨਾ ਕਰਦੇ ਹਨ ਕਿ ਉਨ੍ਹਾਂ ਨੂੰ ਸੁਖਦੇਵ ਸਿੰਘ ਢੀਂਡਸਾ ਵਰਗੇ ਪਿਤਾ ਮਿਲੇ। ਅੱਜ ਉਹ ਜੋ ਵੀ ਹਨ, ਉਹ ਸਮਝਦੇ ਹਨ ਕਿ ਉਨ੍ਹਾਂ ਕੋਲ ਕੋਈ ਯੋਗਤਾ ਨਹੀਂ ਹੈ, ਇਕੋ ਇਕ ਯੋਗਤਾ ਇਹ ਹੈ ਕਿ ਉਹ ਸੁਖਦੇਵ ਸਿੰਘ ਢੀਂਡਸਾ ਦਾ ਪੁੱਤਰ ਹਨ।
ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਇਹ ਦੱਸਣਾ ਸੰਭਵ ਨਹੀਂ ਹੈ ਕਿ ਉਨ੍ਹਾਂ ਨੇ ਪਰਿਵਾਰ ਲਈ ਕੀ ਕੀਤਾ ਹੈ, ਪਰ ਉਨ੍ਹਾਂ ਨੂੰ ਬਹੁਤ ਪਿਆਰ ਮਿਲਿਆ ਹੈ ਅਤੇ ਜ਼ਿੰਦਗੀ ਵਿੱਚ ਕਦੇ ਵੀ ਕੁਝ ਨਹੀਂ ਖੁੰਝਾਇਆ। ਉਨ੍ਹਾਂ ਪੂਰੇ ਦਿਲ ਨਾਲ ਕਿਹਾ ਕਿ ਉਨ੍ਹਾਂ ਨੂੰ ਆਪਣੇ ਮਾਤਾ-ਪਿਤਾ ਤੋਂ ਜਿਨ੍ਹਾਂ ਪਿਆਰ ਮਿਲਿਆ ਹੈ ,ਦੁਨੀਆ ਦੇ ਹਰ ਬੱਚੇ ਨੂੰ ਆਪਣੇ ਮਾਤਾ-ਪਿਤਾ ਤੋਂ ਉਨ੍ਹਾਂ ਹੀ ਪਿਆਰ ਮਿਲੇ। ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਅੱਜ ਵਿਦੇਸ਼ਾਂ ਤੋਂ ਉਨ੍ਹਾਂ ਦੇ ਹਜ਼ਾਰਾਂ ਦੋਸਤ ਸੁਖਦੇਵ ਸਿੰਘ ਢੀਂਡਸਾ ਦੀ ਅੰਤਿਮ ਅਰਦਾਸ ਵਿੱਚ ਸ਼ਾਮਲ ਹੋਣ ਲਈ ਆਏ ਹਨ, ਅਤੇ ਉਹ ਉਨ੍ਹਾਂ ਦਾ ਧੰਨਵਾਦ ਕਰਦੇ ਹਨ।