Home ਪੰਜਾਬ ‘ਪੰਜਾਬ ਦੌਰੇ ਪਿੱਛੇ 2027 ਦੀਆਂ ਚੋਣਾਂ ਦਾ ਮਕਸਦ’, ਸੰਧਵਾਂ ਨੇ ਭਾਜਪਾ ਨੂੰ...

‘ਪੰਜਾਬ ਦੌਰੇ ਪਿੱਛੇ 2027 ਦੀਆਂ ਚੋਣਾਂ ਦਾ ਮਕਸਦ’, ਸੰਧਵਾਂ ਨੇ ਭਾਜਪਾ ਨੂੰ ਘੇਰਿਆ

0

ਚੰਡੀਗੜ੍ਹ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੰਜਾਬ ਦੌਰੇ ਦੌਰਾਨ ਸੂਬੇ ਦੀ ਸਿਆਸਤ ਭਖ ਗਈ ਹੈ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਜੋੜੀ ਨੂੰ ਰਾਵਣ ਤੇ ਕੁੰਭਕਰਨ ਵਰਗੀ ਕਰਾਰ ਦਿੰਦਿਆਂ ਭਾਜਪਾ ’ਤੇ ਤਿੱਖੇ ਸਿਆਸੀ ਹਮਲੇ ਕੀਤੇ ਹਨ।

ਇੱਕ ਮੀਡੀਆ ਅਦਾਰੇ ਨਾਲ ਗੱਲਬਾਤ ਕਰਦਿਆਂ ਸੰਧਵਾਂ ਨੇ ਕਿਹਾ ਕਿ ਅਮਿਤ ਸ਼ਾਹ ਦੇਸ਼ ਦੇ ਗ੍ਰਹਿ ਮੰਤਰੀ ਹਨ ਅਤੇ ਉਨ੍ਹਾਂ ਨੂੰ ਪੰਜਾਬ ਆਉਣ ਦਾ ਅਧਿਕਾਰ ਹੈ। ਹਾਲਾਂਕਿ, ਉਨ੍ਹਾਂ ਨੇ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਅਮਿਤ ਸ਼ਾਹ ਦੇ ਕੰਮਾਂ ਨੂੰ ਰਾਵਣ ਨਾਲ ਜੋੜ ਕੇ ਦੇਖਦੇ ਹਨ। ਉਨ੍ਹਾਂ ਦੇ ਇਸ ਬਿਆਨ ਨਾਲ ਸੂਬੇ ਵਿੱਚ ਸਿਆਸੀ ਬਹਿਸ ਹੋਰ ਤੇਜ਼ ਹੋ ਗਈ ਹੈ।

ਨਸ਼ਿਆਂ ਦੇ ਮੁੱਦੇ ’ਤੇ ਕੇਂਦਰ ਸਰਕਾਰ ਨੂੰ ਘੇਰਿਆ

ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਨੂੰ ਲੈ ਕੇ ਕੇਂਦਰ ਸਰਕਾਰ ਦੀ ਭੂਮਿਕਾ ’ਤੇ ਵੀ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਇੱਕ ਪਾਸੇ ਅਮਿਤ ਸ਼ਾਹ ਪੰਜਾਬ ਵਿੱਚ ਨਸ਼ਿਆਂ ਦੇ ਮੁੱਦੇ ’ਤੇ ਗੱਲ ਕਰ ਰਹੇ ਹਨ, ਜਦਕਿ ਦੂਜੇ ਪਾਸੇ ਸਰਹੱਦ ਪਾਰੋਂ ਡਰੋਨਾਂ ਰਾਹੀਂ ਨਸ਼ਿਆਂ ਦੀ ਤਸਕਰੀ ਹੋਣ ਦੇ ਮਾਮਲੇ ਸਾਹਮਣੇ ਆ ਰਹੇ ਹਨ।

ਉਨ੍ਹਾਂ ਗੁਜਰਾਤ ਵਿੱਚ ਨਸ਼ਿਆਂ ਦੀਆਂ ਵੱਡੀਆਂ ਬਰਾਮਦਗੀਆਂ ਦਾ ਹਵਾਲਾ ਦਿੰਦਿਆਂ ਕੇਂਦਰ ਸਰਕਾਰ ਨੂੰ ਸਵਾਲ ਕੀਤਾ ਕਿ ਸਰਹੱਦਾਂ ਅਤੇ ਗੁਜਰਾਤ ਰਾਹੀਂ ਨਸ਼ਿਆਂ ਦੀ ਸਪਲਾਈ ਰੋਕਣ ਲਈ ਹੋਰ ਪ੍ਰਭਾਵਸ਼ਾਲੀ ਕਦਮ ਕਿਉਂ ਨਹੀਂ ਚੁੱਕੇ ਜਾ ਰਹੇ।

2027 ਦੀਆਂ ਚੋਣਾਂ ਨਾਲ ਜੋੜਿਆ ਅਮਿਤ ਸ਼ਾਹ ਦਾ ਦੌਰਾ

ਸਪੀਕਰ ਸੰਧਵਾਂ ਨੇ ਅਮਿਤ ਸ਼ਾਹ ਦੇ ਪੰਜਾਬ ਦੌਰੇ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਨਾਲ ਜੋੜਿਆ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਨਸ਼ਿਆਂ ਦੇ ਮੁੱਦੇ ਨੂੰ ਸਿਆਸੀ ਤੌਰ ’ਤੇ ਉਭਾਰ ਕੇ ਆਉਣ ਵਾਲੀਆਂ ਚੋਣਾਂ ਵਿੱਚ ਲਾਹਾ ਲੈਣਾ ਚਾਹੁੰਦੀ ਹੈ।

ਝੋਟਾ ਸਮੇਤ ਹੋਰ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਦਾ ਪ੍ਰੋਗਰਾਮ

ਜ਼ਿਕਰਯੋਗ ਹੈ ਕਿ ਅਮਿਤ ਸ਼ਾਹ ਦੇ ਪੰਜਾਬ ਦੌਰੇ ਦੌਰਾਨ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਸਮੇਤ ਹੋਰ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਦਾ ਪ੍ਰੋਗਰਾਮ ਵੀ ਤੈਅ ਹੈ। ਇਸ ਦੌਰੇ ਨੂੰ ਲੈ ਕੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਵੱਲੋਂ ਬਿਆਨ ਦਿੱਤੇ ਜਾ ਰਹੇ ਹਨ। ਨਸ਼ਿਆਂ ਦੇ ਮੁੱਦੇ ’ਤੇ ਕੇਂਦਰ ਅਤੇ ਪੰਜਾਬ ਸਰਕਾਰ ਵਿਚਾਲੇ ਸਿਆਸੀ ਖਿੱਚੋਤਾਣ ਵੀ ਤੇਜ਼ ਹੋ ਗਈ ਹੈ।

NO COMMENTS

LEAVE A REPLY

Please enter your comment!
Please enter your name here

Exit mobile version