ਦੀਨਾਨਗਰ : ਦੀਨਾਨਗਰ ਦੇ ਗਾਂਧੀ ਗੇਟ ਨੇੜੇ ਬੀਤੀ ਦੇਰ ਰਾਤ ਵਾਪਰੇ ਦਰਦਨਾਕ ਸੜਕ ਹਾਦਸੇ ‘ਚ 26 ਸਾਲਾ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਰਜਤ ਕੁਮਾਰ ਪੁੱਤਰ ਰਾਮ ਮੂਰਤੀ ਵਾਸੀ ਗਾਂਧੀ ਗੇਟ ਵਜੋਂ ਹੋਈ ਹੈ।
ਜਾਣਕਾਰੀ ਅਨੁਸਾਰ ਰਜਤ ਕੁਮਾਰ ਅਣਵਿਆਹਿਆ ਸੀ ਅਤੇ ਆਪਣੇ ਘਰ ਦੇ ਕੋਲ ਇੱਕ ਦੁਕਾਨ ‘ਤੇ ਕੰਮ ਕਰਦਾ ਸੀ। ਉਹ ਰਾਤ ਕਰੀਬ 10 ਵਜੇ ਕੰਮ ਖਤਮ ਕਰਕੇ ਘਰ ਪਰਤ ਰਿਹਾ ਸੀ। ਜਦੋਂ ਉਹ ਗਾਂਧੀ ਗੇਟ ਨੇੜੇ ਮੋਹਨ ਫਰਨੀਚਰ ਦੀ ਦੁਕਾਨ ਨੇੜੇ ਪਹੁੰਚਿਆ ਤਾਂ ਇੱਕ ਤੇਜ਼ ਰਫ਼ਤਾਰ ਮਹਿੰਦਰਾ ਗੱਡੀ ਨੰਬਰ ਪੀ.ਬੀ.-35-ਏ.ਪੀ-6882 ਨੇ ਉਸ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਰਜਤ ਕੁਮਾਰ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਹਾਦਸੇ ਤੋਂ ਬਾਅਦ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮ ਮੌਕੇ ‘ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਨੇ ਹਾਦਸੇ ਵਿੱਚ ਸ਼ਾਮਲ ਮਹਿੰਦਰਾ ਗੱਡੀ ਨੂੰ ਕਬਜ਼ੇ ਵਿੱਚ ਲੈ ਲਿਆ ਹੈ। ਲਾਸ਼ ਨੂੰ ਪੋਸਟਮਾਰਟਮ ਲਈ ਭੇਜਣ ਦੀ ਕਾਰਵਾਈ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਫਰਾਰ ਡਰਾਈਵਰ ਦੀ ਭਾਲ ਕੀਤੀ ਜਾ ਰਹੀ ਹੈ। ਹਾਦਸੇ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਲਈ ਆਸ-ਪਾਸ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਨੌਜਵਾਨ ਦੀ ਅਚਾਨਕ ਹੋਈ ਮੌਤ ਕਾਰਨ ਪਰਿਵਾਰ ਅਤੇ ਇਲਾਕੇ ਵਿੱਚ ਸੋਗ ਦੀ ਲਹਿਰ ਹੈ।











