ਪੈਰਿਸ: ਸਿੱਖਿਆ ਲਈ ਹੋਰ ਫੰਡਾਂ ਦੀ ਮੰਗ ਕਰ ਰਹੇ ਸਕੂਲੀ ਵਿਦਿਆਰਥੀਆਂ ਦੇ ਸਮਰਥਨ ਵਿੱਚ ਅੱਜ ਪੂਰੇ ਫਰਾਂਸ ਵਿੱਚ 250,000 ਤੋਂ ਵੱਧ ਲੋਕਾਂ ਨੇ ਪ੍ਰਦਰਸ਼ਨ ਕੀਤਾ, ਜਦੋਂ ਕਿ ਪੈਰਿਸ ਅਤੇ ਹੋਰ ਸ਼ਹਿਰਾਂ ਵਿੱਚ ਭੀੜ ਨੂੰ ਕਾਬੂ ਕਰਨ ਲਈ ਪੁਲਿਸ ਨੇ ਅੱਥਰੂ ਗੈਸ ਦੇ ਗੋਲੇ ਛੱਡੇ। ਸਰਕਾਰੀ ਅੰਕੜਿਆਂ ਅਨੁਸਾਰ ਦੇਸ਼ ਭਰ ਵਿੱਚ 2.66 ਲੱਖ ਲੋਕਾਂ ਨੇ ਵਿਰੋਧ ਪ੍ਰਦਰਸ਼ਨਾਂ ਵਿੱਚ ਹਿੱਸਾ ਲਿਆ, ਜਿਨ੍ਹਾਂ ਵਿੱਚੋਂ 56 ਹਜ਼ਾਰ ਪੈਰਿਸ ਵਿੱਚ ਸਨ। ਇਨ੍ਹਾਂ ਪ੍ਰਦਰਸ਼ਨਾਂ ਨੇ ਸਾਬਕਾ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਦੇ ਪ੍ਰਸ਼ਾਸਨ ‘ਤੇ ਦਬਾਅ ਵਧਾਇਆ। ਮਾਰਸੇਲ, ਸਟ੍ਰਾਸਬਰਗ ਅਤੇ ਹੋਰ ਸ਼ਹਿਰਾਂ ਵਿੱਚ ਝੰਡੇ ਅਤੇ ਤਖ਼ਤੀਆਂ ਲੈ ਕੇ ਵੱਡੀ ਗਿਣਤੀ ਵਿੱਚ ਲੋਕ ਇਕੱਠੇ ਹੋਏ ਜਦੋਂ ਵਿਦਿਆਰਥੀਆਂ ਨੇ ਹਾਈ ਸਕੂਲਾਂ ਦੀ ਨਾਕਾਬੰਦੀ ਕੀਤੀ। ਸਤੰਬਰ ਦੇ ਅੱਧ ਵਿੱਚ ਪੈਰਿਸ ਖੇਤਰ ਦੇ ਇੱਕ ਹਾਈ ਸਕੂਲ ਵਿੱਚ ਸ਼ੁਰੂ ਹੋਇਆ ਵਿਰੋਧ ਪ੍ਰਦਰਸ਼ਨ ਹੁਣ ਇੱਕ ਦੇਸ਼ ਵਿਆਪੀ ਅੰਦੋਲਨ ਵਿੱਚ ਬਦਲ ਗਿਆ ਹੈ। ਗ੍ਰਹਿ ਮੰਤਰਾਲੇ ਮੁਤਾਬਕ ਬੀਤੇ ਦਿਨ ਕਰੀਬ 500 ਲੋਕਾਂ ਨੂੰ ਹਿਰਾਸਤ ‘ਚ ਲਿਆ ਗਿਆ।
ਵਿਦਿਆਰਥੀਆਂ ਦੀ ਗ੍ਰਿਫਤਾਰੀ ਅਤੇ ਉਨ੍ਹਾਂ ਵਿਰੁੱਧ ਅੱਥਰੂ ਗੈਸ ਅਤੇ ਦੰਗਾ ਵਿਰੋਧੀ ਹਥਿਆਰਾਂ ਦੀ ਵਿਆਪਕ ਵਰਤੋਂ ਨੂੰ ਲੈ ਕੇ ਮਾਪਿਆਂ ਅਤੇ ਅਧਿਆਪਕਾਂ ਵਿੱਚ ਵੀ ਰੋਸ ਵੱਧ ਰਿਹਾ ਹੈ। ਕੁਝ ਵਿਦਿਆਰਥੀ ਸੰਗਠਨਾਂ ਨੇ ਵੀਰਵਾਰ ਨੂੰ ਨਵੇਂ ਪ੍ਰਦਰਸ਼ਨ ਦਾ ਸੱਦਾ ਦਿੱਤਾ ਹੈ। ਫਰਾਂਸ ਦੇ ਪ੍ਰਧਾਨ ਮੰਤਰੀ ਸੇਬੇਸਟੀਅਨ ਲੇਕੋਰਨੂ ਨੇ ਕਿਹਾ ਕਿ ਸਰਕਾਰ ਅਤੇ ਸਕੂਲ ਲੀਡਰਸ਼ਿਪ ਨੂੰ ਵਿਦਿਆਰਥੀਆਂ ਦੀਆਂ ਚਿੰਤਾਵਾਂ ਨੂੰ ਸੁਣਨਾ ਚਾਹੀਦਾ ਹੈ ਅਤੇ ਹੱਲ ਲੱਭਣਾ ਚਾਹੀਦਾ ਹੈ। ਉਨ੍ਹਾਂ ਨੇ ਸਕੂਲਾਂ ਨੂੰ ਪ੍ਰਭਾਵਿਤ ਕਰਨ ਵਾਲੀ “ਅਤਿਅੰਤ ਹਿੰਸਾ” ਦੀ ਨਿੰਦਾ ਕੀਤੀ ਅਤੇ ਪੁਲਿਸ ਕਾਰਵਾਈਆਂ ਦੌਰਾਨ ਵਾਪਰਨ ਵਾਲੇ ਕਿਸੇ ਵੀ “ਹਾਦਸਿਆਂ” ਦੀ ਜਾਂਚ ਦਾ ਭਰੋਸਾ ਦਿੱਤਾ।
ਵਿਦਿਆਰਥੀਆਂ ਨੇ ਖਸਤਾਹਾਲ ਕਲਾਸਰੂਮਾਂ ਵੱਲ ਧਿਆਨ ਦਿਵਾਇਆ, ਜਿੱਥੇ ਮੇਜ਼ ਅਤੇ ਕੁਰਸੀਆਂ ਵਰਗੀਆਂ ਬੁਨਿਆਦੀ ਸਹੂਲਤਾਂ ਦੀ ਘਾਟ ਹੈ। ਏਅਰ ਕੰਡੀਸ਼ਨ ਨਾ ਹੋਣ ਕਾਰਨ ਇਹ ਕਲਾਸ ਰੂਮ ਗਰਮੀਆਂ ਵਿੱਚ ਬੇਹੱਦ ਗਰਮ ਹੋ ਜਾਂਦੇ ਹਨ ਅਤੇ ਕਈ ਥਾਵਾਂ ’ਤੇ ਚੂਹਿਆਂ ਦੀ ਭਰਮਾਰ ਵੀ ਰਹਿੰਦੀ ਹੈ। ਵਿਦਿਆਰਥੀਆਂ ਦੀਆਂ ਹੋਰ ਸ਼ਿਕਾਇਤਾਂ ਵਿੱਚ ਸਟਾਫ ਦੀ ਕਮੀ ਅਤੇ ਬਹੁਤ ਜ਼ਿਆਦਾ ਕੰਮ ਦਾ ਬੋਝ ਸ਼ਾਮਲ ਹੈ। ਸਿੱਖਿਆ ਮੰਤਰਾਲੇ ਨੇ ਵਿਦਿਆਰਥੀਆਂ ਦੀਆਂ ਸ਼ਿਕਾਇਤਾਂ ਅਤੇ ਉਨ੍ਹਾਂ ਦੇ ਸੁਝਾਏ ਗਏ ਬਦਲਾਵਾਂ ਨੂੰ ਪ੍ਰਾਪਤ ਕਰਨ ਲਈ ਇੱਕ ਔਨਲਾਈਨ ਪੋਰਟਲ ਵੀ ਸ਼ੁਰੂ ਕੀਤਾ ਹੈ। ਗੁਆਂਢੀ ਦੇਸ਼ ਬੈਲਜੀਅਮ ਵਿੱਚ ਵੀ ਵਿਦਿਆਰਥੀਆਂ ਦੇ ਪ੍ਰਦਰਸ਼ਨ ਹੋਏ, ਜਿੱਥੇ ਲੀਜ ਵਿੱਚ 30 ਤੋਂ ਵੱਧ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ।
