ਕੰਨੂਰ : ਕੇਰਲ ਦੀ ਇੱਕ ਸਥਾਨਕ ਅਦਾਲਤ ਨੇ ਕਰੀਬ ਦਸ ਸਾਲ ਪਹਿਲਾਂ 2016 ਵਿੱਚ ਪਯੰਨੂਰ ਵਿਖੇ ਮਾਰਕਸਵਾਦੀ ਕਮਿਊਨਿਸਟ ਪਾਰਟੀ (ਮਾਕਪਾ) ਦੇ ਆਗੂ ਸੀ.ਵੀ. ਧਨਰਾਜ ਦੇ ਕਤਲ ਦੇ ਮਾਮਲੇ ਵਿੱਚ ਅਹਿਮ ਫ਼ੈਸਲਾ ਸੁਣਾਉਂਦਿਆਂ ਭਾਜਪਾ ਅਤੇ ਰਾਸ਼ਟਰੀ ਸਵੈਮ ਸੇਵਕ ਸੰਘ (ਆਰ.ਐੱਸ.ਐੱਸ.) ਦੇ ਤਿੰਨ ਕਾਰਕੁਨਾਂ ਨੂੰ ਦੋਸ਼ੀ ਕਰਾਰ ਦਿੱਤਾ ਹੈ, ਜਦਕਿ ਸਬੂਤਾਂ ਦੀ ਘਾਟ ਕਾਰਨ 16 ਹੋਰ ਮੁਲਜ਼ਮਾਂ ਨੂੰ ਬਰੀ ਕਰ ਦਿੱਤਾ ਗਿਆ ਹੈ।
ਤਲੀਪਰੰਬਾ ਦੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਕੇ.ਐੱਨ. ਪ੍ਰੇਮਚੰਦ ਦੀ ਅਦਾਲਤ ਨੇ ਇਸ ਬਹੁਚਰਚਿਤ ਮਾਮਲੇ ਵਿੱਚ ਟੀ.ਪੀ. ਬੀਜੂ (34), ਐੱਮ. ਵਿਪਿਨ (34) ਅਤੇ ਉਸ ਦੇ ਸਕੇ ਭਰਾ ਐੱਮ. ਵਿਸ਼ਾਖ (31) ਨੂੰ ਕਤਲ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਦੋਸ਼ੀ ਠਹਿਰਾਇਆ ਹੈ।
ਅਦਾਲਤ ਨੇ ਮੰਨਿਆ ਕਿ 11 ਜੁਲਾਈ 2016 ਦੀ ਰਾਤ ਨੂੰ ਧਨਰਾਜ ‘ਤੇ ਤੇਜ਼ਧਾਰ ਹਥਿਆਰਾਂ ਨਾਲ 37 ਵਾਰ ਕਰਕੇ ਕੀਤੇ ਗਏ ਇਸ ਕਤਲ ਵਿੱਚ ਇਹ ਤਿੰਨੇ ਮੁਲਜ਼ਮ ਸਿੱਧੇ ਤੌਰ ‘ਤੇ ਸ਼ਾਮਲ ਸਨ। ਦੂਜੇ ਪਾਸੇ, ਇਸਤਗਾਸਾ ਪੱਖ ਵੱਲੋਂ ਬਾਕੀ ਮੁਲਜ਼ਮਾਂ ਖ਼ਿਲਾਫ਼ ਪੁਖ਼ਤਾ ਸਬੂਤ ਪੇਸ਼ ਨਾ ਕਰ ਸਕਣ ਕਾਰਨ ਅਦਾਲਤ ਨੇ 16 ਮੁਲਜ਼ਮਾਂ ਨੂੰ ਸ਼ੱਕ ਦਾ ਲਾਭ ਦਿੰਦਿਆਂ ਬਰੀ ਕਰਨ ਦੇ ਹੁਕਮ ਦਿੱਤੇ।
ਜ਼ਿਕਰਯੋਗ ਹੈ ਕਿ ਇਸ ਕੇਸ ਵਿੱਚ ਕੁੱਲ 20 ਮੁਲਜ਼ਮ ਨਾਮਜ਼ਦ ਸਨ, ਜਿਨ੍ਹਾਂ ਵਿੱਚੋਂ ਇੱਕ ਦੀ ਮੁਕੱਦਮੇ ਦੀ ਸੁਣਵਾਈ ਦੌਰਾਨ ਮੌਤ ਹੋ ਗਈ ਸੀ। ਅਦਾਲਤ ਵੱਲੋਂ ਦੋਸ਼ੀਆਂ ਦੀ ਸਜ਼ਾ ਬਾਰੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ 25 ਨਵੰਬਰ ਨੂੰ ਸਜ਼ਾ ਦਾ ਐਲਾਨ ਕੀਤਾ ਜਾਵੇਗਾ।










