ਖੰਨਾ/ਲੁਧਿਆਣਾ: ਪੁਲਿਸ ਜ਼ਿਲ੍ਹਾ ਖੰਨਾ ਅਧੀਨ ਪੈਂਦੇ ਪਿੰਡ ਭਾਦਲਾ ਦੀ ਬਾਜ਼ੀਗਰ ਬਸਤੀ ਵਿੱਚ ਬੀਤੇ ਦਿਨੀਂ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਘਰ ਦੇ ਬਾਹਰ ਹੋਰ ਬੱਚਿਆਂ ਨਾਲ ਖੇਡ ਰਹੇ 3 ਸਾਲਾ ਬੱਚੇ ਪਰਮਵੀਰ ਨੂੰ ਇੱਕ ਕਾਰ ਨੇ ਆਪਣੀ ਲਪੇਟ ਵਿੱਚ ਲੈ ਲਿਆ। ਹਾਦਸੇ ਤੋਂ ਬਾਅਦ ਬੱਚੇ ਨੂੰ ਤੁਰੰਤ ਖੰਨਾ ਦੇ ਸਿਵਲ ਹਸਪਤਾਲ ਪਹੁੰਚਾਇਆ ਗਿਆ, ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਜਾਣਕਾਰੀ ਮੁਤਾਬਕ ਪਰਮਵੀਰ ਬੀਤੀ ਸ਼ਾਮ ਆਪਣੇ ਘਰ ਦੇ ਬਾਹਰ ਗਲੀ ਵਿੱਚ ਹੋਰ ਬੱਚਿਆਂ ਨਾਲ ਖੇਡ ਰਿਹਾ ਸੀ। ਇਸੇ ਦੌਰਾਨ ਬਸਤੀ ਵਿੱਚ ਰਹਿਣ ਵਾਲਾ ਬਲਵਿੰਦਰ ਸਿੰਘ ਕਾਰ ਲੈ ਕੇ ਗਲੀ ਵਿੱਚ ਆਇਆ। ਦੱਸਿਆ ਜਾ ਰਿਹਾ ਹੈ ਕਿ ਕਾਰ ਦੀ ਰਫ਼ਤਾਰ ਤੇਜ਼ ਹੋਣ ਕਾਰਨ ਬੱਚਾ ਇਸ ਦੀ ਲਪੇਟ ਵਿੱਚ ਆ ਗਿਆ।
ਹਾਦਸੇ ਤੋਂ ਬਾਅਦ ਪਰਿਵਾਰਕ ਮੈਂਬਰਾਂ ਵਿੱਚ ਹਫੜਾ-ਦਫੜੀ ਮਚ ਗਈ। ਪਰਿਵਾਰ ਅਤੇ ਕਾਰ ਚਾਲਕ ਵੱਲੋਂ ਬੱਚੇ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਪਰ ਉਸ ਦੀ ਜਾਨ ਨਹੀਂ ਬਚ ਸਕੀ। ਪਰਮਵੀਰ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ। ਬੱਚੇ ਦੀ ਮੌਤ ਦੀ ਖ਼ਬਰ ਮਿਲਦੇ ਹੀ ਪਰਿਵਾਰ ਵਿੱਚ ਸੋਗ ਦੀ ਲਹਿਰ ਦੌੜ ਗਈ।
ਪਰਿਵਾਰ ਵੱਲੋਂ ਕਾਰ ਚਾਲਕ ‘ਤੇ ਗੰਭੀਰ ਦੋਸ਼
ਮ੍ਰਿਤਕ ਬੱਚੇ ਦੇ ਪਿਤਾ ਅਤੇ ਰਿਸ਼ਤੇਦਾਰਾਂ ਨੇ ਦੋਸ਼ ਲਗਾਇਆ ਕਿ ਹਾਦਸੇ ਸਮੇਂ ਕਾਰ ਚਾਲਕ ਨਸ਼ੇ ਦੀ ਹਾਲਤ ਵਿੱਚ ਸੀ। ਉਨ੍ਹਾਂ ਦਾ ਇਹ ਵੀ ਕਹਿਣਾ ਹੈ ਕਿ ਬਲਵਿੰਦਰ ਸਿੰਘ ਪਹਿਲਾਂ ਵੀ ਬਸਤੀ ਦੀਆਂ ਤੰਗ ਗਲੀਆਂ ਵਿੱਚ ਤੇਜ਼ ਰਫ਼ਤਾਰ ਨਾਲ ਕਾਰ ਚਲਾਉਂਦਾ ਸੀ ਅਤੇ ਲੋਕਾਂ ਵੱਲੋਂ ਉਸ ਨੂੰ ਕਈ ਵਾਰ ਸਾਵਧਾਨ ਕੀਤਾ ਗਿਆ ਸੀ। ਹਾਲਾਂਕਿ ਇਨ੍ਹਾਂ ਦੋਸ਼ਾਂ ਦੀ ਪੁਲਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।
ਹਸਪਤਾਲ ਦੇ ਬਾਹਰ ਕਾਰ ਦੀ ਭੰਨਤੋੜ
ਬੱਚੇ ਦੀ ਮੌਤ ਤੋਂ ਬਾਅਦ ਗੁੱਸੇ ਵਿੱਚ ਆਏ ਪਰਿਵਾਰਕ ਮੈਂਬਰਾਂ ਅਤੇ ਰਿਸ਼ਤੇਦਾਰਾਂ ਨੇ ਸਿਵਲ ਹਸਪਤਾਲ ਦੀ ਪਾਰਕਿੰਗ ਵਿੱਚ ਖੜ੍ਹੀ ਕਾਰ ਦੀ ਭੰਨਤੋੜ ਕਰ ਦਿੱਤੀ। ਘਟਨਾ ਦੀ ਸੂਚਨਾ ਮਿਲਣ ‘ਤੇ ਪੁਲਸ ਮੌਕੇ ‘ਤੇ ਪਹੁੰਚੀ ਅਤੇ ਸਥਿਤੀ ਨੂੰ ਕਾਬੂ ਕੀਤਾ।
ਐੱਸ.ਐੱਚ.ਓ. ਵਿਜੇ ਪਾਲ ਸਿੰਘ ਮੁਤਾਬਕ ਪੁਲਸ ਨੇ ਕਾਰ ਚਾਲਕ ਬਲਵਿੰਦਰ ਸਿੰਘ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਬੱਚੇ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਪਰਿਵਾਰ ਦੇ ਬਿਆਨਾਂ ਦੇ ਆਧਾਰ ‘ਤੇ ਮਾਮਲਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।












